ਲੁਧਿਆਣਾ ਸ਼ਹਿਰ ਦੀਆਂ ਵੱਖ ਵੱਖ ਸੰਸਥਾਵਾਂ ਨੇ ਵੱਖ ਵੱਖ ਸਮਾਗਮ ਕਰਵਾਕੇ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ। ਸਥਾਨਕ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗਰਾਮ ਵਿੱਚ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਕਰਨਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸੇ ਤਰ੍ਹਾਂ ਡਾ. ਦੁਆਰਿਕਾ ਨਾਥ ਕੋਟਨੀਸ ਹੈਲਥ ਐਂਡ ਐਜੂਕੇਸ਼ਨ ਸੈਂਟਰ ਸਲੇਮ ਟਾਬਰੀ ਵਿੱਚ ਵੀ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ।
ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਅੱਜ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਨਸ਼ੇ ਤੋਂ ਬਚਾਅ ਲਈ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਪ੍ਰੀਤ ਸਿੰਘ, ਐਸ.ਐਮ.ਓ. ਮੈਡਮ ਡਾ. ਅਮਰਜੀਤ ਕੌਰ ਨੇ ਆਪਣੇ ਵਿਚਾਰ ਲੋਕਾਂ ਨਾਲ ਸਾਂਝੇ ਕੀਤੇ।
ਸਮਰਾਲਾ ਦੇ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਸਥਾਨਕ ਸਿਵਲ ਹਸਪਤਾਲ ਵਿੱਚ ਇਕ ਸਮਾਗਮ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਤਾਰਿਕਜੋਤ ਸਿੰਘ ਦੀ ਅਗਵਾਈ ਵਿੱਚ ਆਮ ਲੋਕਾਂ ਅਤੇ ਖਾਸਕਰ ਨੌਜਵਾਨਾਂ ਨੂੰ ਨਸ਼ਿਆਂ ਕਾਰਨ ਪਰਿਵਾਰ ਅਤੇ ਸਮਾਜ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਜਗਰਾਉਂ ਦੇ ਚੌਕੀਮਾਨ ਸਥਿਤ ਸੀਟੀ ਯੂਨੀਵਰਸਿਟੀ ਵਿੱਚ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਗਰਾਉਂ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਜਾਗਰੂਕਤਾ ਸੈਮੀਨਾਰ ’ਚ ਉਦਘਾਟਨ ਸੀਨੀਅਰ ਪੁਲੀਸ ਕਪਤਾਨ ਚਰਨਜੀਤ ਸਿੰਘ ਸੋਹਲ ਨੇ ਕੀਤਾ। ਮੁੱਖ ਬੁਲਾਰੇ ਡਾ. ਸਤੀਸ਼ ਸ਼ਰਮਾ ਨੇ ਕਿਹਾ ਕਿ ਪਿਛਲੇ ਕੁਝ ਸਮੇਂ ’ਚ ਸੰਥੈਟਿਕ ਨਸ਼ਾ ਕਰਨ ਵਾਲਿਆਂ ਦੀ ਗਿਣਤੀ ਘੱਟ ਹੋਣ ਲੱਗੀ ਹੈ। ਇਸ ਤਰ੍ਹਾਂ ਸਥਾਨਕ ਡੀਏਵੀ ਸਕੂਲ ਵਿੱਚ ਵੀ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਬ੍ਰਿਜ ਮੋਹਨ ਬੱਬਰ ਨੇ ਦੱਸਿਆ ਕਿ ਬੱਡੀ ਪ੍ਰੋਗਰਾਮ ਤਹਿਤ ਸਕੂਲ ਦੇ ਵਿਦਿਆਰਥੀਆਂ ’ਚ ਨਸ਼ਿਆਂ ਸਬੰਧੀ ਜਾਗਰੂਕਤਾ ਪੈਦਾ ਕਰਨ, ਨਸ਼ਿਆਂ ਦੀ ਰੋਕਥਾਮ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ ਗਿਆ।