ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਹੁਲ ਚਾਬਾ
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 2 ਅਗਸਤ :(TTT) ਆਜ਼ਾਦੀ ਦਿਵਸ ’ਤੇ ਸਥਾਨਕ ਪੁਲਿਸ ਲਾਈ ਗਰਾਊਂਡ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਦੌਰਾਨ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਡਿਊਟੀਆਂ ਨੂੰ ਗੰਭੀਰਤਾ ਨਾਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਸਬੰਧੀ ਪੁਲਿਸ ਲਾਈਨ ਗਰਾਊਂਡ ਵਿਚ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਦੀ ਸਜਾਵਟ, ਬੈਠਣ ਦੇ ਪ੍ਰਬੰਧਾਂ, ਸਾਫ-ਸਫਾਈ, ਇਨਾਮਾਂ ਅਤੇ ਪ੍ਰਸੰਸਾ ਪੱਤਰਾਂ ਦੀ ਵੰਡ, ਪੀਣ ਵਾਲੇ ਪਾਣੀ, ਸਾਊਂਂਡ, ਰਿਫਰੈਸ਼ਮੈਂਟ, ਮੁਢਲੀ ਸਹਾਇਤਾ, ਫਾਇਰ ਟੈਂਡਰ, ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਸਹਿਤ ਵੱਖ-ਵੱਖ ਕੰਮਾਂ ਲਈ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਡੀ.ਐਸ.ਪੀ ਬਲਕਾਰ ਸਿੰਘ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਰਿਹਰਸਲ 7, 9 ਤੇ 12 ਅਗਸਤ ਨੂੰ ਹੋਵੇਗੀ ਅਤੇ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਕਰਵਾਈ ਜਾਵੇਗੀ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਸਮਾਰੋਹ ਦੌਰਾਨ ਵੱਖ-ਵੱਖ ਸਕੂਲਾਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮਾ ਦੀਆਂ ਤਿਆਰੀਆਂ ਸਹੀ ਢੰਗ ਨਾਲ ਕਰਵਾ ਲਈਆਂ ਜਾਣ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।