ਕੈਬਨਿਟ ਮੰਤਰੀ ਜਿੰਪਾ ਨੇ ਲਗਾਇਆ ਖੁੱਲ੍ਹਾ ਦਰਬਾਰ, ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਜਲਦ ਕਰਨ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 4 ਅਗਸਤ :(TTT) ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਕਰੀਬ 300 ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਢਲਾ ਉਦੇਸ਼ ਜਨਤਾ ਨੂੰ ਆਸਾਨ ਅਤੇ ਜਲਦੀ ਸੇਵਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਲੋਕਾਂ ਨੂੰ ਆਪਣੇ ਅਧਿਕਾਰਾਂ ਅਤੇ ਸੇਵਾਵਾਂ ਲਈ ਬੇਲੋੜੀ ਭੱਜ-ਦੌੜ ਨਾ ਕਰਨੀ ਪਵੇ।
ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਸਰਕਾਰੀ ਸੇਵਾਵਾਂ ਉਪਲਬੱਧ ਕਰਵਾਉਣ ਲਈ ਵਚਨਬੱਧ ਹੈ। ਇਸ ਮਕਸਦ ਤਹਿਤ ਪੂਰੇ ਸੂਬੇ ਵਿਚ ’ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਗਿਆ ਹੈ। ਇਨ੍ਹਾਂ ਕੈਂਪਾਂ ਰਾਹੀਂ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਉਥੇ ਉਨ੍ਹਾਂ ਨੂੰ ਮੌਕੇ ’ਤੇ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਵੀ ਦਿੱਤਾ ਜਾ ਰਿਹਾ ਹੈ।
ਖੁੱਲ੍ਹਾ ਦਰਬਾਰ ਦੌਰਾਨ ਕੈਬਨਿਟ ਮੰਤਰੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜਨਤਾ ਦੀਆਂ ਸ਼ਿਕਾਇਤਾਂ ਦਾ ਹੱਲ ਤੈਅ ਸਮੇਂ ਵਿਚ ਕਰਨ ਅਤੇ ਇਸ ਪ੍ਰਕਿਰਿਆ ਵਿਚ ਪਾਰਦਰਸ਼ਤਾ ਅਤੇ ਨਿਰਪੱਖਤਾ ਬਣਾਏ ਰੱਖਣ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਲਾਪ੍ਰਵਾਹੀ ਜਾਂ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਕਿਉਂਕਿ ਸਰਕਾਰ ਜਨਤਾ ਪ੍ਰਤੀ ਜਵਾਬਦੇਹ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤੱਤਪਰ ਹੈ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਨਤਾ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਉਨ੍ਹਾਂ ਦੀ ਨੈਤਿਕ ਅਤੇ ਸੰਵਿਧਾਨਕ ਜ਼ਿੰਮੇਦਾਰੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਣ ਅਤੇ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਨਾਗਰਿਕ ਨੂੰ ਨਿਆ ਪਾਉਣ ਵਿਚ ਕੋਈ ਕਠਿਨਾਈ ਨਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲ ਕੇਵਲ ਇਕ ਪ੍ਰੋਗਰਾਮ ਤੱਕ ਸੀਮਤ ਨਹੀਂ ਰਹੇਗੀ, ਬਲਕਿ ਇਹ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਦਾ ਮੁੱਖ ਉਦੇਸ਼ ਜਨਤਾ ਦੀ ਭਲਾਈ ਅਤੇ ਰਾਜ ਦਾ ਸਰਬਪੱਖੀ ਵਿਕਾਸ ਹੈ। ਉਨ੍ਹਾ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਝਿੱਜਕ ਦੇ ਉਨ੍ਹਾਂ ਦੇ ਦਫ਼ਤਰ ਵਿਚ ਆ ਕੇ ਆਪਣੀਆਂ ਸਮੱਸਿਆਵਾਂ ਨੂੰ ਦੱਸਣ। ਇਸ ਮੌਕੇ ਡੀ.ਐਸ.ਪੀ ਅਮਰਨਾਥ, ਵਰਿੰਦਰ ਸ਼ਰਮਾ ਬਿੰਦੂ ਵੀ ਮੌਜੂਦ ਸਨ।