ਜ਼ਿਲ੍ਹਾ ਰੋਜ਼ਗਾਰ ਬਿਊਰੋ ਤੇ ਮਾਡਲ ਕਰੀਅਰ ਸੈਂਟਰ ਨੇ ਕਰਵਾਏ ਕਰੀਅਰ ਗਾਈਡੈਂਸ ਪ੍ਰੋਗਰਾਮ
ਹੁਸ਼ਿਆਰਪੁਰ, 8 ਅਗਸਤ :(TTT) ਜ਼ਿਲ੍ਹਾ ਰੋਜ਼ਗਾਰ ਅਫਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਸਹਿਯੋਗ ਨਾਲ ਵੁੱਡਲੈਂਡ ਸਕੂਲ ਸਤੌਰ ਅਤੇ ਡਿਪਸ ਪਬਲਿਕ ਸਕੂਲ ਹਰਿਆਣਾ ਵਿਖੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਕਰੀਅਰ ਕਾਊਂਂਸਲਰ ਅਦਿੱਤਿਆ ਰਾਣਾ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ, ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਬੱਚਿਆਂ ਦੇ ਭਵਿੱਖ ਦੇ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸਲਿੰਗ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਸਟਰੀਮਾਂ ਦੀ ਪੜ੍ਹਾਈ, ਆਈ.ਟੀ.ਆਈ ਕੋਰਸ, ਡਿਪਲੋਮਾ
ਅਤੇ ਡਿਗਰੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਉਨ੍ਹਾਂ ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਰੋਜ਼ਗਾਰ ਬਿਊਰੋ ਰਾਹੀਂ ਦਿੱਤੀ ਜਾਂਦੀ ਮੁਫ਼ਤ ਇੰਟਰਨੈੱਟ ਸੁਵਿਧਾ, ਸਵੈ-ਰੋਜ਼ਗਾਰ ਸਕੀਮਾਂ ਅਤੇ ਸ਼ਾਰਟ-ਟਰਮ ਤਕਨੀਕੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਵੱਖ-ਵੱਖ ਨੌਕਰੀਆਂ ਅਤੇ ਬੈਂਕਿੰਗ ਸੈਕਟਰ ਦੀਆਂ ਨੌਕਰੀਆਂ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ ਨੇ ਵਿਦਿਆਰਥੀਆਂ ਨੂੰ ਨੈਸ਼ਨਲ ਕਰੀਅਰ ਸਰਵਿਸਜ਼ ਪੋਰਟਲ ’ਤੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ
ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ਗਾਰ ਦਫ਼ਤਰ ਦੀ ਮੋਬਾਇਲ ਐਪ ਡੀਬੀਈਈ ਆਨਲਾਈਨ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੇ ਕਰੀਅਰ ਸਬੰਧੀ ਹੁਣ ਤੋਂ ਹੀ ਆਪਣੀ ਪਲੈਨਿੰਗ ਬਣਾਉਣ ਲਈ ਵੀ ਕਿਹਾ ਗਿਆ ਅਤੇ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਰੋਜ਼ਗਾਰ ਬਿਊਰੋ ਨਾਲ ਸੰਪਰਕ ਕਰਨ ਲਈ ਕਿਹਾ ਗਿਆ।
ਇਸ ਉਪਰੰਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਦੇ ਅਸਿਸਟੈਂਟ ਪ੍ਰੋਫੈਸਰ ਵਿਕਾਸ ਚੌਧਰੀ ਨੇ ਵਿਦਿਆਰਥੀਆਂ ਨੂੰ ਜਮ੍ਹਾਂ-ਘਟਾਓ, ਤਕਸੀਮ, ਗੁਣਾ, ਐਲ.ਸੀ.ਐਮ, ਐਚ.ਸੀ.ਐਫ ਅਤੇ ਗਣਿਤ ਦੀਆਂ ਹੋਰ ਮੁਢਲੀਆਂ ਕੈਲਕੁਲੇਸ਼ਨਾਂ ਨੂੰ ਵੈਦਿਕ ਮੈਥੇਮੈਟਿਕਸ ਦੀ ਵਰਤੋਂ ਨਾਲ ਹੱਲ ਕਰਨ ਦੇ ਹੁਨਰ ਸਿਖਾਏ ਗਏ। ਡਿਪਾਰਟਮੈਂਟ ਆਫ ਕਰੀਅਰ ਗਾਈਡੈਂਸ ਵਰੁਣ ਨਈਅਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਨੇ ਦੱਸਿਆ ਕਿ ਉਪਰੋਕਤ ਤਕਨੀਕਾਂ ਨਾਲ ਕਠਿਨ ਤੋਂ ਕਠਿਨ ਕੈਲਕੁਲੇਸ਼ਨਾਂ ਵੀ ਬਹੁਤ ਸਰਲਤਾ ਅਤੇ ਤੇਜ਼ੀ ਨਾਲ ਕੀਤੀਆਂ ਜਾ ਸਕਦੀਆਂ ਹਨ।
ਇਸ ਵਿਸ਼ੇਸ਼ ਵਰਕਸ਼ਾਪ ਪ੍ਰੋਗਰਾਮ ਦੌਰਾਨ ਸਬੰਧਤ ਦੋਵੇਂ ਸਕੂਲਾਂ ਦੇ ਸਮੂਹ ਸਟਾਫ ਅਤੇ ਤਕਰੀਬਨ 290 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਇਸ ਪ੍ਰੋਗਰਾਮ ਵਿਚ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਵੁਡਲੈਂਡ ਸਕੂਲ ਸਤੌਰ ਅਤੇ ਪ੍ਰਿੰਸੀਪਲ ਡਿਪਸ ਪਬਲਿਕ ਸਕੂਲ ਹਰਿਆਣਾ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦੀ ਪੂਰੀ ਟੀਮ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸੈਮੀਨਾਰ ਲਗਾਉਣ ਲਈ ਕਿਹਾ ਗਿਆ।