ਜ਼ਿਲ੍ਹਾ ਰੋਜ਼ਗਾਰ ਬਿਊਰੋ ਤੇ ਮਾਡਲ ਕਰੀਅਰ ਸੈਂਟਰ ਨੇ ਲਗਾਇਆ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਵਿਸ਼ੇਸ਼ ਕਰੀਅਰ ਗਾਈਡੈਂਸ ਪ੍ਰੋਗਰਾਮ
ਹੁਸ਼ਿਆਰਪੁਰ, 30 ਅਗਸਤ 2024(TTT)ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਫਲਾਈ ਵਿਖੇ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ ਨੈਸ਼ਨਲ ਕਰੀਅਰ ਸਰਵਿਸਜ਼ ਪੋਰਟਲ ’ਤੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ਗਾਰ ਦਫ਼ਤਰ ਦੀ ਮੋਬਾਇਲ ਐਪ ਡੀਬੀਈਈ ਆਨਲਾਈਨ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ
ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈਣ ਬਾਰੇ ਜਾਣਕਾਰੀ ਦਿੱਤੀ। ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਬੱਚਿਆਂ ਦੇ ਭਵਿੱਖ ਦੇ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸਲਿੰਗ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਸਟਰੀਮਾਂ ਦੀ ਪੜ੍ਹਾਈ, ਆਈ.ਟੀ.ਆਈ ਕੋਰਸ, ਡਿਪਲੋਮਾ ਅਤੇ ਡਿਗਰੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ।
ਇਸ ਉਪਰੰਤ ਪਲੇਸਮੈਂਟ ਅਫਸਰ ਰਾਕੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਰੋਜ਼ਗਾਰ ਬਿਊਰੋ ਰਾਹੀਂ ਪ੍ਰਾਰਥੀਆਂ ਨੁੰ ਦਿੱਤੀ ਜਾਂਦੀ ਮੁਫ਼ਤ ਇੰਟਰਨੈੱਟ ਸੁਵਿਧਾ, ਸਵੈ-ਰੋਜ਼ਗਾਰ ਸਕੀਮਾਂ ਅਤੇ ਸ਼ਾਰਟ-ਟਰਮ ਤਕਨੀਕੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਵੱਖ-ਵੱਖ ਨੌਕਰੀਆਂ ਅਤੇ ਬੈਂਕਿੰਗ ਸੈਕਟਰ ਦੀਆਂ ਨੌਕਰੀਆਂ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਵਿਸ਼ੇਸ਼ ਵਰਕਸ਼ਾਪ ਪ੍ਰੋਗਰਾਮ ਦੌਰਾਨ ਸਬੰਧਤ ਸਕੂਲ ਦੇ ਸਮੂਹ ਸਟਾਫ ਅਤੇ ਤਕਰੀਬਨ 100 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਇਸ ਪ੍ਰੋਗਰਾਮ ਵਿਚ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਫਲਾਈ ਰੰਜੂ ਦੁੱਗਲ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦੀ ਪੂਰੀ ਟੀਮ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸੈਮੀਨਾਰ ਲਗਾਉਣ ਲਈ ਕਿਹਾ।