ਐਸ.ਡੀ.ਐਮ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ
ਗੜ੍ਹਸ਼ੰਕਰ/ਹੁਸ਼ਿਆਰਪੁਰ, 19 ਸਤੰਬਰ:(TTT) ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਸ ਦੇ ਸੁਚਾਰੂ ਪ੍ਰਬੰਧਨ ਲਈ ਐਸ.ਡੀ.ਐਮ. ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ ਨੇ ਅੱਜ ਬਲਾਕ ਮਾਹਿਲਪੁਰ ਅਤੇ ਗੜ੍ਹਸ਼ੰਕਰ ਦੇ ਕਲੱਸਟਰ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ।| ਮੀਟਿੰਗ ਦਾ ਮੁੱਖ ਉਦੇਸ਼ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਨੂੰ ਰੋਕਣਾ ਅਤੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੂਕ ਕਰਨਾ ਸੀ।
ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਸਖ਼ਤੀ ਨਾਲ ਨਿਗਰਾਨੀ ਕਰਨ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਤਰੀਕਿਆਂ ਬਾਰੇ ਜਾਗਰੂਕ ਕਰਨ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਬਦਲਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਵਾਤਾਵਰਣ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਐਸ.ਡੀ.ਐਮ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਅਤੇ ਉਪਕਰਨ ਉਪਲਬੱਧ ਕਰਵਾਏ ਗਏ ਹਨ, ਜਿਨ੍ਹਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਅਤੇ ਸਾਧਨਾਂ ਦਾ ਲਾਭ ਕਿਸਾਨਾਂ ਤੱਕ ਪਹੁੰਚਾਉਣ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਕਰਨ ਨੂੰ ਯਕੀਨੀ ਬਣਾਉਣ।
ਇਸ ਤੋਂ ਇਲਾਵਾ ਮੀਟਿੰਗ ਵਿੱਚ ਇਹ ਵੀ ਵਿਚਾਰਿਆ ਗਿਆ ਕਿ ਕਿਸਾਨਾਂ ਨੂੰ ਆਰਥਿਕ ਨੁਕਸਾਨ ਤੋਂ ਬਚਾਉਣ ਲਈ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਤਕਨੀਕੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਦੇ ਲਾਭਾਂ ਤੋਂ ਜਾਣੂ ਕਰਵਾਉਣ।