ਸ਼ਹੀਦ ਭਗਤ ਸਿੰਘ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹਨ:- ਡਾ. ਇਸ਼ਾਂਕ ਚੱਬੇਵਾਲ
(TTT) ਹੁਸ਼ਿਆਰਪੁਰ, ਡਾ: ਇਸ਼ਾਂਕ ਚੱਬੇਵਾਲ ਨੇ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਚੱਬੇਵਾਲ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਪਿੰਡ ਵਿੱਚ ਪੰਚਾਇਤੀ ਚੋਣਾਂ ਸਰਬਸੰਮਤੀ ਨਾਲ ਹੁੰਦੀਆਂ ਹਨ ਤਾਂ ਇਹ ਵਿਕਾਸ ਵੱਲ ਇੱਕ ਸ਼ਲਾਘਾਯੋਗ ਕਦਮ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਚਾਇਤੀ ਚੋਣਾਂ ਕਰਵਾਉਣ ਦੀ ਲੋੜ ਹੈ ਤਾਂ ਸ਼ਾਂਤੀਪੂਰਵਕ ਚੋਣ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਂਦਾ ਜਾਵੇ, ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸਰਪੰਚਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਜਾਵੇ ਤਾਂ ਜੋ ਪਿੰਡ ਦਾ ਸਰਵਪੱਖੀ ਵਿਕਾਸ ਹੋ ਸਕੇ। ਡਾ: ਇਸ਼ਾਂਕ ਚੱਬੇਵਾਲ ਨੇ ਕਿਹਾ ਕਿ ਚੱਬੇਵਾਲ ਇਲਾਕੇ ਵਿੱਚ ਕਈ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ, ਜਿਨ੍ਹਾਂ ਦਾ ਉਦੇਸ਼ ਪੇਂਡੂ ਖੇਤਰ ਦੇ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਹੈ। ਉਨ੍ਹਾਂ ਨੇ ਸੜਕਾਂ, ਜਲ ਸਪਲਾਈ, ਸੀਵਰੇਜ ਸਿਸਟਮ ਅਤੇ ਸਿਹਤ ਸੇਵਾਵਾਂ ਨੂੰ ਸੁਧਾਰਨ ਵਰਗੇ ਪ੍ਰਮੁੱਖ ਮੁੱਦਿਆਂ ‘ਤੇ ਜ਼ੋਰ ਦਿੱਤਾ। ਡਾ: ਇਸ਼ਾਂਕ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਸਾਰੇ ਪ੍ਰੋਜੈਕਟਾਂ ਦਾ ਉਦੇਸ਼ ਪਿੰਡ ਦੇ ਹਰ ਵਿਅਕਤੀ ਤੱਕ ਵਿਕਾਸ ਦੀ ਕਿਰਨ ਨੂੰ ਪਹੁੰਚਾਉਣਾ ਹੈ ਅਤੇ ਇਸ ਲਈ ਪੰਚਾਇਤ ਪੱਧਰ ‘ਤੇ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ |ਉਨ੍ਹਾਂ ਕਿਹਾ ਕਿ ਜੇਕਰ ਪੰਚਾਇਤਾਂ ਵਿੱਚ ਚੁਣੇ ਗਏ ਨੁਮਾਇੰਦੇ ਸਰਬਸੰਮਤੀ ਨਾਲ ਚੁਣੇ ਜਾਣ ਤਾਂ ਵਿਕਾਸ ਕਾਰਜ ਹੋਰ ਵੀ ਵਧੀਆ ਤਰੀਕੇ ਨਾਲ ਕਰਵਾਏ ਜਾਣਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਪੰਚਾਇਤੀ ਚੋਣਾਂ ਬਿਨਾਂ ਕਿਸੇ ਵਿਵਾਦ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਜ਼ਰੂਰੀ ਹੈ ਕਿ ਸਰਪੰਚ ਅਤੇ ਹੋਰ ਪੰਚਾਇਤ ਮੈਂਬਰ ਮਿਲ ਕੇ ਕੰਮ ਕਰਨ, ਤਾਂ ਜੋ ਹਰ ਪਿੰਡ ਵਾਸੀ ਨੂੰ ਸਰਕਾਰੀ ਸਕੀਮਾਂ ਅਤੇ ਪ੍ਰੋਜੈਕਟਾਂ ਦਾ ਲਾਭ ਮਿਲ ਸਕੇ। ਇਸ ਦੇ ਨਾਲ ਹੀ ਡਾ.ਇਸ਼ਾਂਕ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕਰਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਦੇ ਵਿਚਾਰਾਂ ਅਤੇ ਆਦਰਸ਼ਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ ਅਤੇ ਅੱਜ ਵੀ ਉਨ੍ਹਾਂ ਦੀ ਵਿਚਾਰਧਾਰਾ ਸਾਨੂੰ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਦੀ ਪ੍ਰੇਰਨਾ ਦਿੰਦੀ ਹੈ। ਡਾ.ਇਸ਼ਾਂਕ ਨੇ ਕਿਹਾ ਕਿ ਸਾਨੂੰ ਵੀ ਭਗਤ ਸਿੰਘ ਵਾਂਗ ਸਮਾਜ ਲਈ ਨਿਰਸਵਾਰਥ ਸੇਵਾ ਕਰਨ ਅਤੇ ਕੰਮ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ। ਅੰਤ ਵਿੱਚ ਡਾ.ਇਸ਼ਾਂਕ ਨੇ ਪਿੰਡ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਆਪਸੀ ਸਹਿਮਤੀ ਅਤੇ ਸਮਝਦਾਰੀ ਨਾਲ ਆਪਣੇ ਆਗੂ ਚੁਣਨ ਤਾਂ ਜੋ ਪਿੰਡ ਦਾ ਵਿਕਾਸ ਸੁਚਾਰੂ ਢੰਗ ਨਾਲ ਹੋ ਸਕੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਜੇਕਰ ਸਮੂਹ ਪਿੰਡ ਵਾਸੀ ਇਕੱਠੇ ਹੋ ਕੇ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਤਾਂ ਚੱਬੇਵਾਲ ਦਾ ਇਲਾਕਾ ਆਉਣ ਵਾਲੇ ਸਮੇਂ ਵਿੱਚ ਇੱਕ ਆਦਰਸ਼ ਪਿੰਡ ਵਜੋਂ ਉਭਰੇਗਾ।