ਡਿਪਟੀ ਕਮਿਸ਼ਨਰ ਨੇ ਬਲਾਕ ਮਾਹਿਲਪੁਰ ‘ਚ ਪਰਾਲੀ ਦੇ ਪ੍ਰਬੰਧਨ ਦਾ ਲਿਆ ਜਾਇਜ਼ਾ
ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਉਸਦੇ ਉਚਿਤ ਪ੍ਰਬੰਧਨ ਦੀ ਕੀਤੀ ਅਪੀਲ
ਉੱਨਤ ਕਿਸਾਨ’ ਐਪ ਡਾਊਨਲੋਡ ਕਰਕੇ ਕਿਸਾਨ ਕਿਰਾਏ ‘ਤੇ ਬੁੱਕ ਕਰਵਾ ਸਕਦੇ ਹਨ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ
ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ‘ਤੇ ਹੈ ਪੂਰਨ ਪਾਬੰਦੀ
ਹੁਸ਼ਿਆਰਪੁਰ, 1 ਅਕਤੂਬਰ:(TTT) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਬਲਾਕ ਮਾਹਿਲਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਝੋਨੇ ਦੀ ਕਟਾਈ ਉਪਰੰਤ ਪਰਾਲੀ ਦੇ ਸੁਚੱਜੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰੇ ਦੌਰਾਨ ਉਨ੍ਹਾਂ ਵਿਸ਼ੇਸ਼ ਤੌਰ ‘ਤੇ ਪਿੰਡ ਬਾੜੀਆ ਕਲਾਂ ਵਿੱਚ ਚੱਲ ਰਹੀਆਂ ਬੇਲਰ ਮਸ਼ੀਨਾਂ ਦਾ ਨਿਰੀਖਣ ਕੀਤਾ ਅਤੇ ਉਥੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਭਾਰੀ ਨੁਕਸਾਨ ਹੁੰਦਾ ਹੈ ਅਤੇ ਕਿਸਾਨਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਮਸ਼ੀਨਰੀ ਦੀ ਲੋੜ ਹੈ ਤਾਂ ਉਹ ਸਬੰਧਤ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਅਤੇ ਪਰਾਲੀ ਨੂੰ ਅੱਗ ਲਗਾਉਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਹੈ।
ਇਸ ਮੌਕੇ ਐਸ.ਡੀ.ਐਮ ਗੜ੍ਹਸ਼ੰਕਰ ਹਰਬੰਸ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਪਿੰਡਾਂ ਵਿੱਚ ਪਿਛਲੇ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਉਨ੍ਹਾਂ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਆਪਣੇ ਮੋਬਾਈਲ ‘ਤੇ ‘ਉੱਨਤ ਕਿਸਾਨ’ ਐਪ ਡਾਊਨਲੋਡ ਕਰਕੇ ਪਰਾਲੀ ਪ੍ਰਬੰਧਨ ਮਸ਼ੀਨਰੀ ਕਿਰਾਏ ‘ਤੇ ਬੁੱਕ ਕਰ ਸਕਦੇ ਹਨ।
ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਡਾ: ਹਰਪ੍ਰੀਤ ਸਿੰਘ ਅਤੇ ਸਥਾਨਕ ਕਿਸਾਨ ਮਲਕੀਤ ਸਿੰਘ, ਨੰਬਰਦਾਰ ਸੁਖਜੀਤ ਸਿੰਘ, ਮੱਖਣ ਸਿੰਘ, ਜਰਮਨਜੀਤ ਸਿੰਘ, ਗੁਰਿੰਦਰ ਸਿੰਘ, ਗੁਲਬਰਗ ਸਿੰਘ, ਪਰਮਿੰਦਰ ਸਿੰਘ, ਅਜੀਤ ਸਿੰਘ, ਸੋਢੀ ਸਿੰਘ ਅਤੇ ਸੱਜਣ ਸਿੰਘ ਹਾਜ਼ਰ ਸਨ।