ਸਾਈਨ ਬੋਰਡਾਂ ਨੂੰ ਪੰਜਾਬੀ ਭਾਸ਼ਾ ’ਚ ਲਿਖਣ ਨੂੰ ਤਰਜੀਹ ਦਿੱਤੀ ਜਾਵੇ: ਜ਼ਿਲ੍ਹਾ ਭਾਸ਼ਾ ਅਫ਼ਸਰ
ਸ਼ਬਦ-ਜੋੜਾਂ ਸਬੰਧੀ ਕਿਸੇ ਵੀ ਜਾਣਕਾਰੀ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ ਨਾਲ ਕੀਤਾ ਜਾ ਸਕਦੈ ਸੰਪਰਕ
ਹੁਸ਼ਿਆਰਪੁਰ, 24 ਅਕਤੂਬਰ:(TTT) ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਭਾਸ਼ਾ ਵਿਭਾਗ ਵਲੋਂ ਰਾਜ ਵਿੱਚ ਸਾਰੇ ਸਾਈਨ ਬੋਰਡਾਂ ਨੂੰ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖਵਾਏ ਜਾਣ ਦੀ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਸੂਚਨਾ ਬੋਰਡ ਲਿਖਣ ਸਮੇਂ ਪੰਜਾਬੀ ਸ਼ਬਦ ਜੋੜਾਂ ਸਬੰਧੀ ਕਿਸੇ ਕਿਸਮ ਦੀ ਪੁੱਛਗਿਛ ਜਾਂ ਜਾਣਕਾਰੀ ਬਾਰੇ ਜ਼ਿਲ੍ਹਾ ਭਾਸ਼ਾ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹ
ਡਾ. ਜਸਵੰਤ ਰਾਏ ਨੇ ਦੱਸਿਆ ਕਿ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜਫ਼ਰ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਮੀਲ ਪੱਥਰ, ਨਾਮ ਪੱਟੀਆਂ, ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਤੋਂ ਬਾਅਦ ਕਿਸੇ ਹੋਰ ਭਾਸ਼ਾ ਵਿਚ ਵੀ ਲਿਖਿਆ ਜਾ ਸਕਦਾ ਹੈ। ਉਨ੍ਹਾਂ ਨੇ ਸਬੰਧਤ ਅਦਾਰਿਆਂ ਨੂੰ ਅਪੀਲ ਕੀਤੀ ਕਿ ਨਾਮ ਪੱਟੀਆਂ ਪੰਜਾਬੀ ਭਾਸ਼ਾ ਵਿਚ ਲਿਖਣ ਨੂੰ ਤਰਜ਼ੀਹ ਦਿੰਦਿਆਂ ਪੰਜਾਬੀ ਭਾਸ਼ਾ ਨੂੰ ਹੋਰ ਉਤਸ਼ਾਹਿਤ ਕਰਨ ਸਬੰਧੀ ਸਹਿਯੋਗ ਦਿੱਤਾ ਜਾਵੇ।
ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਜੇਕਰ ਕਿਸੇ ਵੀ ਅਦਾਰੇ ਨੂੰ ਪੰਜਾਬੀ ਸ਼ਬਦ-ਜੋੜਾਂ ਬਾਰੇ ਕੋਈ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਮੰਜ਼ਿਲ ’ਤੇ ਸਥਿਤੀ ਜ਼ਿਲ੍ਹਾ ਭਾਸ਼ਾ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।