ਬਾਲ ਭਿੱਖਿਆ ਨੂੰ ਜੜ੍ਹੋਂ ਖਤਮ ਲਈ ਜ਼ਿਲ੍ਹੇ ’ਚ ਵੱਖ-ਵੱਖ ਗਤੀਵਿਧੀਆਂ ਉਲੀਕੀਆਂ
ਹੁਸ਼ਿਆਰਪੁਰ, 21 ਨਵੰਬਰ:(TTT) ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ,ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚੋਂ ਬਾਲ ਭਿੱਖਿਆ ਦੀ ਸਮੱਸਿਆਂ ਨੂੰ ਜੜ੍ਹੋਂ ਮਿਟਾਉਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਗਈਆਂ ਹਨ। ਇਸ ਤਹਿਤ ਅੱਜ ਜ਼ਿਲ੍ਹੇ ਵਿੱਚ ਜ਼ਿਲ੍ਹਾ
ਬਾਲ ਸੁਰੱਖਿਆ ਯੂਨਿਟ ਵੱਲੋਂ ਮਾਹਿਲਪੁਰ ਅੱਡਾ, ਸ਼ਿਮਲਾ ਪਹਾੜੀ, ਚੰਡੀਗੜ੍ਹ ਰੋਡ ਤੇ ਰੇਲਵੇ ਰੋਡ ’ਤੇ ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਛੋਟੇ ਬੱਚਿਆਂ ਨੂੰ ਭੀਖ ਨਾ ਦੇਣ ਸਬੰਧੀ ਅਪੀਲ ਕੀਤੀ ਗਈ ਅਤੇ ਬੱਚਿਆਂ ਨੂੰ ਭੀਖ ਦੇਣ ਦੀ ਬਜਾਏ ਉਨ੍ਹਾਂ ਨੂੰ ਸਿੱਖਿਆ ਨਾਲ ਜੋੜਨ ਦੀ ਗੱਲ ਕੀਤੀ ਗਈ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਬਾਲ ਭਿੱਖਿਆ ਨੂੰ ਖਤਮ ਕਰਨ ਲਈ ਭੀਖ ਮੰਗਣ ਵਾਲੇ ਬੱਚਿਆਂ ਦੇ ਮਾਤਾ ਪਿਤਾ ਦੀ ਵੀ ਕਾਊਂਸਲਿੰਗ ਕੀਤੀ
ਜਾਵੇ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਭੀਖ ਮੰਗਣ ਦੀ ਬਜਾਏ ਸਕੂਲਾਂ ਵਿੱਚ ਪੜ੍ਹਣ ਲਈ ਭੇਜਣ। ਉਨ੍ਹਾਂ ਸਰਕਾਰ ਵੱਲੋਂ ਲੋੜਵੰਦ ਬੱਚਿਆਂ ਲਈ ਸਕਾਲਰਸ਼ਿਪ ਸਕੀਮ ਬਾਰੇ ਵੀ ਜਾਣੂ ਕਰਵਾਇਆ ਜਿਸ ਤਹਿਤ ਲੋੜਵੰਦ ਅਤੇ ਬੇਸਹਾਰਾ ਬੱਚਿਆਂ ਨੂੰ 4000 ਰੁਪਏ ਵਿੱਤੀ ਸਹਾਇਤਾ ਬੱਚਿਆਂ ਨੂੰ ਸਿਖਿਅਤ ਕਰਨ ਲਈ ਦਿੱਤੀ ਜਾਂਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਭਿੱਖਿਆ ਵਿੱਚ ਲੱਗਾ ਦਿਖਾਈ ਦਿੰਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਰਾਮ ਕਲੌਨੀ ਕੈਂਪ, ਚੰਡੀਗੜ੍ਹ ਰੋਡ, ਹੁਸ਼ਿਆਰਪੁਰ ਵਿਖੇ ਜਾਂ ਚਾਇਲਡ ਹੈਲਪ ਲਾਇਨ ਨੰਬਰ 1098 ’ਤੇ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ ਜੀ
ਇਸ ਮੌਕੇ ਆਮ ਜਨਤਾ ਨੂੰ ਜਾਗਰੂਕ ਕਰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਮੌਜੂਦ ਲੀਗਲ ਪ੍ਰੋਬੇਸ਼ਨ ਅਫਸਰ ਸੁਖਜਿੰਦਰ ਸਿੰਘ ਅਤੇ ਸ਼ੋਸ਼ਲ ਵਰਕਰ ਰਣਜੀਤ ਕੌਰ ਨੇ ਲੋਕਾਂ ਨੂੰ ਬਾਲ ਭਿੱਖਿਆ ਦੁਰਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਸ਼ੋਸ਼ਲ ਵਰਕਰ ਮੋਹਿਤ ਕੁਮਾਰ ਅਤੇ ਰਾਜਨਦੀਪ ਵੱਲੋਂ ਦੁਕਾਨਦਾਰਾਂ ਦੀਆਂ ਦੁਕਾਨਾਂ ਦੇ ਬਾਹਰ ਬਾਲ ਭਿੱਖਿਆ ਦੇ ਖਿਲਾਫ ਪੋਸਟਰ ਵੀ ਲਗਾਏ ਗਏ। ਆਮ ਜਨਤਾ ਨੂੰ ਜਾਗਰੂਕ ਕੀਤਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਅਪਰਾਧ ਹੈ।