ਗੜ੍ਹਸ਼ੰਕਰ/ਹੁਸ਼ਿਆਰਪੁਰ, 6 ਫਰਵਰੀ (ਬਜਰੰਗੀ ਪਾਂਡੇ):’ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ’, ’ਨਾਰੀ ਸ਼ਕਤੀ’ ਅਤੇ ’ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ’ ਕਰਦੀਆਂ ਝਾਕੀਆਂ ਦਾ ਅੱਜ ਦੇਰ ਸ਼ਾਮ ਗੜ੍ਹਸ਼ੰਕਰ ਪਹੁੰਚਣ ‘ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਵਿਚ ਜ਼ੋਰਦਾਰ ਸਵਾਗਤ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈਆਂ ਇਨ੍ਹਾਂ ਝਾਕੀਆਂ ਵਿਚ ਜਲ੍ਹਿਆਂਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ। ਇਸੇ ਤਰ੍ਹਾਂ ਦੂਜੀ ਝਾਕੀ ਜ਼ਰੀਏ ਨਾਰੀ ਸਸ਼ਕਤੀਕਰਨ (ਮਾਈ ਭਾਗੋ ਦੀ ਸੂਰਮਗਤੀ) ਅਤੇ ਮਾਈ ਭਾਗੋ ਆਰਮਡ ਫੋਰਸਜ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ ਕਰਨ ਵਾਲੀਆਂ ਮਹਿਲਾਵਾਂ ਨੂੰ ਦਰਸਾਇਆ ਗਿਆ ਹੈ। ਇਸੇ ਤਰ੍ਹਾਂ ਤੀਜੀ ਝਾਕੀ ਦੇ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਦੀ ਇਕ ਝਲਕ ਪੇਸ਼ ਕੀਤੀ ਗਈ ਹੈ ।
ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਇਨ੍ਹਾਂ ਝਾਕੀਆਂ ਨੂੰ ਪੰਜਾਬ ਵਾਸੀਆਂ ਦੇ ਰੁਬਰੂ ਕਰਨ ਕੀਤਾ ਗਿਆ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ਬੇਮਿਸਾਲ ਹੈ ਅਤੇ ਇਸ ਨੂੰ ਕੋਈ ਵੀ ਘਟਾ ਕੇ ਨਹੀਂ ਦੇਖ ਸਕਦਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੌਮੀ ਗਣਤੰਤਰ ਦਿਵਸ ਲਈ ਤਿਆਰ ਕੀਤੀਆਂ ਝਾਕੀਆਂ, ਜਿਨ੍ਹਾਂ ਨੂੰ ਉਥੇ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ, ਨੂੰ ਪੰਜਾਬ ਦੇ ਲੋਕਾਂ ਨੂੰ ਦਿਖਾਉਣ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਝਾਕੀਆਂ ਰਾਹੀਂ ਦਰਸਾਇਆ ਜਾ ਰਿਹਾ ਮਹਾਨ ਇਤਿਹਾਸ ਅਤੇ ਅਮੀਰ ਸੱਭਿਆਚਾਰ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਲਾਹੇਵੰਦ ਹੋਵੇਗਾ ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਝਾਕੀਆਂ ਨਾਲ ਤਸਵੀਰਾਂ ਖਿਚਵਾਈਆਂ ਅਤੇ ਆਪਣੀ ਸਦੀਵੀ ਯਾਦ ਦਾ ਹਿੱਸਾ ਬਣਾਇਆ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਉਪਰੰਤ ਇਹ ਝਾਕੀਆਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਤੋਂ ਅੱਜ ਗੜ੍ਹਸ਼ੰਕਰ ਰਾਹੀਂ ਹੁਸ਼ਿਆਰਪੁਰ ਜਿਲੇ ਦੀ ਹੱਦ ਵਿਚ ਦਾਖਲ ਹੋਈਆ।
ਭਲਕੇ ਮਾਹਿਲਪੁਰ ਅਤੇ ਚੱਬੇਵਾਲ ਰੁਕਣ ਉਪਰੰਤ ਇਹ ਝਾਕੀਆਂ ਹੁਸ਼ਿਆਰਪੁਰ ਸ਼ਹਿਰ ਪਹੁੰਚਣਗੀਆ, ਜਿਥੇ ਸ਼ਹੀਦ ਭਗਤ ਸਿੰਘ ਚੌਕ, ਸਰਕਾਰੀ ਕਾਲਜ ਚੌਕ, ਪ੍ਰਭਾਤ ਚੌਕ, ਟਾਂਡਾ ਬਾਈਪਾਸ ਅਤੇ ਨਲੋਈਆਂ ਚੌਕ ਵਿਖੇ ਲੋਕ ਇਨ੍ਹਾਂ ਦੇ ਰੁਬਰੂ ਹੋਣਗੇ। ਉਪਰੰਤ ਇਹ ਝਾਕੀਆਂ ਹਰਿਆਣਾ, ਭੂੰਗਾ, ਗੜ੍ਹਦੀਵਾਲਾ, ਦਸੂਹਾ, ਉੱਚੀ ਬੱਸੀ ਤੋ ਹੁੰਦੀਆਂ ਹੋਈਆਂ ਮੁਕੇਰੀਆਂ ਪਹੁੰਚਣਗੀਆਂ ਅਤੇ ਇਸ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰਨਗੀਆਂ।