ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਜਾਰੀ
-ਜ਼ਿਲ੍ਹੇ ਦੇ 14 ਪ੍ਰੀਖਿਆ ਕੇਂਦਰਾਂ ਵਿਚ 2 ਅਪ੍ਰੈਲ ਤੱਕ ਲਈ ਜਾਵੇਗੀ ਸੀ.ਬੀ.ਐਸ.ਈ ਦੀ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ
ਹੁਸ਼ਿਆਰਪੁਰ, 1 ਮਾਰਚ (ਬਜਰੰਗੀ ਪਾਂਡੇ ):
ਚੇਅਰਪਰਸਨ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ, ਦਿੱਲੀ ਵਲੋਂ ਜਾਰੀ ਪੱਤਰ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ 2 ਅਪ੍ਰੈਲ 2024 ਤੱਕ ਚੱਲਣ ਵਾਲੀ ਸੀ.ਬੀ.ਐਸ.ਈ ਦੀ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਦੌਰਾਨ ਜ਼ਿਲ੍ਹੇ ਦੇ ਸਮੂਹ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੀ.ਆਰ.ਪੀ.ਸੀ ਦੀ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸੀ.ਬੀ.ਐਸ.ਈ ਦੀ ਦਸਵੀਂ ਤੇ ਬਾਰ੍ਹਵੀਂ ਦੀ ਇਹ ਅਨੁਪੂਰਕ ਪ੍ਰੀਖਿਆ 15 ਫਰਵਰੀ ਤੋਂ 2 ਅਪ੍ਰੈਲ 2024 ਤੱਕ ਜ਼ਿਲ੍ਹੇ ਦੇ 14 ਪ੍ਰੀਖਿਆ ਕੇਂਦਰਾਂ ਵਿਚ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਦੇਖਣ ਵਿਚ ਆਇਆ ਹੈ ਕਿ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਆਦਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਤਰ ਹੋ ਜਾਂਦੇ ਹਨ, ਜਿਸ ਕਾਰਨ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਵਿਚ ਵਿਘਨ ਪੈ ਸਕਦਾ ਹੈ ਅਤੇ ਟੈ੍ਫਿਕ ਦੀ ਸਮੱਸਿਆ ਵੀ ਹੋ ਸਕਦੀ ਹੈ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਪ੍ਰੀਖਿਆਵਾਂ ਨੂੰ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਨਿਪਟਾਉਣ ਲਈ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੀ.ਆਰ.ਪੀ.ਸੀ ਦੀ ਧਾਰਾ 144 ਲਗਾਈ ਜਾਵੇ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਨ੍ਹਾਂ ਜ਼ਿਲ੍ਹੇ ਦੀ ਹਦੂਦ ਅੰਦਰ ਸਾਰੇ ਪ੍ਰੀਖਿਆ ਕੇਂਦਰਾਂ ਦੀ ਹਦੂਦ ਅੰਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 2 ਅਪ੍ਰੈਲ 2024 ਤੱਕ ਲਾਗੂ ਰਹਿਣਗੇ।