
ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ਸ਼ੁਦਾ ਝੋਨੇ ਦੀਆਂ ਕਿਸਮਾਂ ਹੀ ਬੀਜਣ ਕਿਸਾਨ : ਮੁੱਖ ਖੇਤੀਬਾੜੀ ਅਫ਼ਸਰ

(TTT) ਹੁਸ਼ਿਆਰਪੁਰ, 8 ਮਈ: ਪੰਜਾਬ ਵਿਚ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਅਤੇ ਕਿਸਾਨਾਂ ਦੇ ਬੀਜ ‘ਤੇ ਆਉਣ ਵਾਲੇ ਖ਼ਰਚ ਨੂੰ ਬਚਾਉਣ ਲਈ ਪਿਛਲੇ ਦਿਨਾਂ ਵਿਚ ਪੰਜਾਬ ਸਰਕਾਰ ਵੱਲੋਂ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਦੀ ਵਿਕਰੀ ‘ਤੇ ਪੰਜਾਬ ਰਾਜ ਵਿਚ ਪੂਰਨ ਤੌਰ ‘’ਤੇ ਪਾਬੰਦੀ ਲਗਾਈ ਗਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀਆਂ ਗਈਆਂ ਕਿਸਮਾਂ ਦੇ ਬੀਜ ਦੀ ਚੋਣ ਕਰਨ ਅਤੇ ਪਨੀਰੀ ਵਜੋਂ ਬੀਜਣ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਮਾਂ ਦਾ ਬੀਜ ਜ਼ਿਲ੍ਹੇ ਵਿਚ ਮੌਜੂਦ ਵੱਖ-ਵੱਖ ਇਨਪੁਟ ਡੀਲਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵਿਖੇ ਮੌਜੂਦ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਨ੍ਹਾਂ ਬੀਜਾਂ ਦੀ ਵਰਤੋਂ ਕਰਕੇ ਜਿਥੇ ਬੀਜ ਉੱਤੇ ਹੋਣ ਵਾਲੇ ਖ਼ਰਚ ਨੂੰ ਘਟਾ ਸਕਦੇ ਹਨ ਅਤੇ ਇਸ ਦੇ ਨਾਲ ਹੀ ਉਹ ਸਿਫਾਰਸ਼ਸ਼ੁਦਾ ਕਿਸਮਾਂ ਤੋਂ ਬੀਜ ਤਿਆਰ ਕਰਕੇ ਇਸ ਨੂੰ ਅਗਲੇ ਸਾਲਾਂ ਦੌਰਾਨ ਵੀ ਵਰਤ ਸਕਦੇ ਹਨ। ਉਨ੍ਹਾਂ ਕਿਹਾ ਕਿ ਪੀ.ਏ.ਯੂ ਵਲੋਂ ਘੱਟ ਸਮੇਂ ਵਿਚ ਪੱਕਣ ਵਾਲੀਆਂ ਕਿਸਮਾਂ ਵੀ ਸਿਫਾਰਸ਼ ਕੀਤੀ ਗਈ ਹੈ, ਜਿਸ ਵਿਚ ਪੀ.ਆਰ-126 ਕਿਸਾਨਾਂ ਵਿਚ ਪ੍ਰਚਲਿਤ ਹੈ। ਇਹ ਕਿਸਮ ਘੱਟ ਸਮੇਂ ਵਿਚ ਪੱਕ ਕੇ ਵਧੀਆ ਝਾੜ ਦਿੰਦੀ ਹੈ। ਇਸ ਤੋਂ ਇਲਾਵਾ ਪੀ.ਏ.ਯੂ ਵਲੋਂ ਪੀ.ਆਰ-128, 129, 130, 131 ਅਤੇ 132 ਦੀ ਵੀ ਸਿਫਾਰਸ਼ ਕੀਤੀ ਗਈ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿਚ ਕੋਈ ਵੀ ਬੀਜ ਵਿਕਰੇਤਾ ਅਣਅਧਿਕਾਰਤ ਤੌਰ ‘ਤੇ ਹਾਈਬ੍ਰਿਡ ਬੀਜ ਦੀ ਵਿਕਰੀ ਕਰਦਾ ਹੈ ਤਾਂ ਉਸ ਸਬੰਧੀ ਸੂਚਨਾ ਨੇੜਲੇ ਬਲਾਕ ਖੇਤੀਬਾੜੀ ਅਫ਼ਸਰ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਕਿਸਾਨ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਸਬੰਧਤ ਡੀਲਰ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਮੂਹ ਬਲਾਕਾਂ ਵਿਚ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਹਾਈਬ੍ਰਿਡ ਬੀਜ ਦੀ ਵਿਕਰੀ ‘ਤੇ ਪੂਰਨ ਪਾਬੰਦੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

