
ਹੁਸ਼ਿਆਰਪੁਰ, 19 ਮਾਰਚ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਅਧਿਕਾਰੀਆਂ ਵਲੋਂ ਅੱਜ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਵੋਟਰ ਸੂਚੀ, ਬੂਥ ਲੈਵਲ ਏਜੰਟਾਂ ਦੀ ਨਿਯੁਕਤੀ, ਸ਼ਿਕਾਇਤ ਨਿਪਟਾਰਨ ਅਤੇ ਚੋਣ ਪ੍ਰਕਿਰਿਆ ’ਚ ਹੋਰ ਪਾਰਦਰਸ਼ਤਾ ਵਧਾਉਣ ਬਾਰੇ ਮੀਟਿੰਗ ਕੀਤੀ ਗਈ।ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣ ਤਹਿਸੀਲਦਾਰ ਸਰਬਜੀਤ ਸਿੰਘ ਨੇ ਮੀਟਿੰਗ ਦੌਰਾਨ ਅਪੀਲ ਕੀਤੀ ਕਿ ਸਿਆਸੀ ਪਾਰਟੀਆਂ ਆਪਣੇ ਪ੍ਰਧਾਨ ਜਾਂ ਸਕੱਤਰ ਰਾਹੀਂ ਜ਼ਿਲ੍ਹਾ ਪ੍ਰਤੀਨਿੱਧ ਜਾਂ ਵਿਧਾਨ ਸਭਾ ਹਲਕਾ ਪੱਧਰ ’ਤੇ ਕਿਸੇ ਪਾਰਟੀ ਮੈਂਬਰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਧਿਕਾਰਤਾ ਦੇਵੇਗਾ ਜਿਸ ਸਬੰਧੀ ਫਾਰਮ ’ਤੇ ਹਸਤਾਖਰ ਅਤੇ ਮੋਹਰ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰਤ ਪ੍ਰਤੀਨਿੱਧ ਹਰੇਕ ਪੋਲਿੰਗ ਸਟੇਸ਼ਨ ਲਈ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਕਰੇਗਾ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆ ਨੂੰ ਚੋਣ ਕਮਿਸ਼ਨ ਵਲੋਂ ਵੋਟਰ ਸੂਚੀ ਵਿਚ ਨਵੀਂ ਵੋਟ ਦਰਜ ਕਰਵਾਉਣ, ਵੇਰਵਿਆਂ ਵਿਚ ਸੋਧ ਅਤੇ ਵੋਟ ਕਟਵਾਉਣ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਤਹਿਸੀਲਦਾਰ ਨੇ ਦੱਸਿਆ ਕਿ ਕਮਿਸ਼ਨ ਵਲੋਂ https://voterportal.eci.gov.in/(Beta), Voter Helpline App ਅਤ National Voters’ Service Portal ’ਤੇ ਆਨਲਾਈਨ ਅਪਲਾਈ ਕਰਨ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਅਤੇ ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਸ਼ਿਕਾਇਤ/ਸੁਝਾਅ https://ngsp.eci.gov.in/ ਪੋਰਟਲ ’ਤੇ ਆਨਲਾਈਨ ਦਰਜ ਕਰਵਾਈ ਜਾ ਸਕਦੀ ਹੈ ਅਤੇ ਚੋਣਾਂ ਤੇ ਵੋਟਰ ਸੂਚੀ ਸਬੰਧੀ ਜਾਣਕਾਰੀ ਟੋਲ ਫਰੀ ਨੰਬਰ 1950 ’ਤੇ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਅਤੇ ਚੋਣਾਂ ਸਬੰਧੀ ਨਿਯਮਾਂ ਅਤੇ ਨੋਟੀਫਿਕੇਸ਼ਨ ਬਾਰੇ www.eci.gov.in/ ’ਤੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
ਚੋਣ ਤਹਿਸੀਲਦਾਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਨੂੰ ਚੰਗੀ ਤਰ੍ਹਾਂ ਘੋਖਣ ਉਪਰੰਤ ਜੇਕਰ ਸੁਝਾਅ ਹੋਵੇ ਤਾਂ ਜ਼ਿਲ੍ਹਾ ਚੋਣ ਦਫ਼ਤਰ ਨੂੰ ਦਿੱਤਾ ਜਾ ਸਕਦਾ ਹੈ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।
