ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਦੋਵਾਂ ਨੇ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਆਮ ਜਨਤਾ ਨੂੰ ਮੂਰਖ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਲੋਕਾਂ ਦੀ ਭਲਾਈ ਲਈ ਕੋਈ ਠੋਸ ਕੰਮ ਨਹੀਂ ਕੀਤਾ ਅਤੇ ਸਿਰਫ਼ ਸੱਤਾ ਨੂੰ ਮਾਣਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਇਨ੍ਹਾਂ ਪਾਰਟੀਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਕਦੇ ਵੀ ਮੁਆਫ ਨਹੀਂ ਕਰਨਗੇ ਅਤੇ ਆਉਣ ਵਾਲੀਆਂ ਚੋਣਾਂ ਵਿਚ ਇਨ੍ਹਾਂ ਨੂੰ ਹੋਰ ਵੀ ਢੁਕਵਾਂ ਸਬਕ ਸਿਖਾਉਣਗੇ।
ਮੁੱਖ ਮੰਤਰੀ ਨੇ ਅਫਸੋਸ ਜਤਾਇਆ ਕਿ ਆਜ਼ਾਦੀ ਦੇ 75 ਸਾਲਾਂ ਵਿੱਚ ਸੂਬੇ ਵਿੱਚ ਸਿਰਫ਼ ਤਿੰਨ ਮੈਡੀਕਲ ਕਾਲਜ ਖੋਲ੍ਹੇ ਗਏ ਜਦੋਂ ਕਿ ਹੁਣ ਆਉਣ ਵਾਲੇ ਇੱਕ ਸਾਲ ਵਿੱਚ ਸੂਬੇ ਵਿੱਚ ਪੰਜ ਹੋਰ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਲੋਕਾਂ ਨੂੰ ਮਿਆਰੀ ਇਲਾਜ ਅਤੇ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ’ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ’ਤੇ ਬੈਠ ਕੇ ਸੇਵਾ ਕਰਨਾ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ 26 ਜਨਵਰੀ ਤੱਕ ਤਹਿਸੀਲ ਤੇ ਜ਼ਿਲ੍ਹਾ ਪੱਧਰ ਤੱਕ ਸੂਬੇ ਦੇ ਸਾਰੇ ਹਸਪਤਾਲਾਂ ਨੂੰ ਐਕਸ-ਰੇਅ ਮਸ਼ੀਨਾਂ ਨਾਲ ਲੈਸ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਾਮੀ ਗਣਤੰਤਰ ਦਿਵਸ ਤੱਕ ਸਾਰੇ ਹਸਪਤਾਲਾਂ ਵਿੱਚ ਅਪਰੇਟਰਾਂ ਸਮੇਤ ਇਹ ਸਹੂਲਤ ਉਪਲਬਧ ਕਰਵਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲੋਕਾਂ ਦੀ ਲੁੱਟ-ਖਸੁੱਟ ਨੂੰ ਰੋਕਣ ਲਈ ਡਾਕਟਰਾਂ ਵੱਲੋਂ ਲਿਖੀਆਂ ਸਾਰੀਆਂ ਦਵਾਈਆਂ ਵੀ ਹਸਪਤਾਲ ਵਿੱਚ ਹੀ ਉਪਲਬਧ ਹੋਣਗੀਆਂ।
ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦਾ ਸਾਥ ਦੇਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਅਤੇ ਖੁਸ਼ਹਾਲੀ ਦੀ ਗਤੀ ਨੂੰ ਬਰਕਰਾਰ ਰੱਖਣਾ ਸਮੇਂ ਦੀ ਲੋੜ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਮਿਸਾਲੀ ਉਪਰਾਲੇ ਕੀਤੇ ਜਾ ਰਹੇ ਹਨ।
ਦਿੱਲੀ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਚੇਤਾ ਕਰਵਾਇਆ ਕਿ ਅਹੁਦਾ ਸੰਭਾਲਣ ਉਪਰੰਤ ਨਾ ਤਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਨਾ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਵੀ ਹੁਸ਼ਿਆਰਪੁਰ ਆਉਣ ਦੀ ਖੇਚਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਵੀ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਬਣ ਕੇ ਕਦੇ ਵੀ ਇਸ ਖੇਤਰ ਵੱਲ ਮੁੜ ਨੇ ਨਹੀਂ ਵੇਖਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਹੁਦਾ ਸੰਭਾਲਣ ਤੋਂ ਬਾਅਦ ਇਸ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਲਗਾਤਾਰ ਇਸ ਖੇਤਰ ਦਾ ਦੌਰਾ ਕਰ ਰਹੇ ਹਨ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ ਜੋ ਕਿ ਆਪਣੇ ਆਪ ਵਿੱਚ ਹੀ ਇੱਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੇ ਰੂਪ ਵਿੱਚ ਪੰਜਾਬ ਨੂੰ ਹੁਣ ਤੱਕ ਦਾ ਸਰਵੋਤਮ ਮੁੱਖ ਮੰਤਰੀ ਮਿਲਿਆ ਹੈ ਕਿਉਂਕਿ ਉਹ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਤੇਜ਼ੀ ਨਾਲ ਵਿਕਾਸ ਦੀਆਂ ਲੀਹਾਂ ‘ਤੇ ਅੱਗੇ ਵੱਧ ਰਿਹਾ ਹੈ ਜੋ ਕਿ ਬੇਮਿਸਾਲ ਉਪਲਬਧੀ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਬਦਲਣ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰਾਈਵੇਟ ਸਕੂਲ ਇਨ੍ਹਾਂ ਸਰਕਾਰੀ ਸਕੂਲਾਂ ਦਾ ਮੁਕਾਬਲਾ ਨਹੀਂ ਕਰ ਸਕਦਾ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਦੀ ਇਸੇ ਤਰ੍ਹਾਂ ਨੁਹਾਰ ਬਦਲੀ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ‘ਚ ਹਰ ਖੇਤਰ ‘ਚ ਵੱਡੀ ਕ੍ਰਾਂਤੀ ਲਿਆਂਦੀ ਹੈ ਜਦਕਿ ਪਿਛਲੀਆਂ ਸਰਕਾਰਾਂ ‘ਚੋਂ ਕਿਸੇ ਨੇ ਵੀ ਇਸ ਬਾਰੇ ਕਦੇ ਨਹੀਂ ਸੋਚਿਆ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਨਾਗਰਿਕ ਕੇਂਦਰਿਤ ਸੇਵਾਵਾਂ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬਰੂਹਾਂ ‘ਤੇ ਇਹ ਸੇਵਾਵਾਂ ਦੇਣ ਨਾਲ ਉਨ੍ਹਾਂ ਨੂੰ ਆਸਾਨੀ ਨਾਲ ਆਪਣੇ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਮਦਦ ਮਿਲੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।