ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ 550 ਸ਼ਿਕਾਇਤਾਂ ਦਾ ਕੀਤਾ ਨਿਪਟਾਰਾ
ਹੁਸ਼ਿਆਰਪੁਰ, 8 ਸਤੰਬਰ :(TTT) ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਕਰੀਬ 550 ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਦੇ ਨਾਗਰਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਹਰ ਜਾਇਜ਼ ਸ਼ਿਕਾਇਤ ਦਾ ਨਿਸ਼ਚਿਤ ਸਮੇਂ ਵਿਚ ਹੱਲ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਜਿੰਪਾ ਨੇ ਆਪਣੇ ਦਫ਼ਤਰ ਵਿਚ ਆਯੋਜਿਤ ਇਸ ਜਨਤਾ ਦਰਬਾਰ ਵਿਚ ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਜੁੜੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮੱਸਿਆਵਾਂ ਦਾ ਹੱਲ ਨਿਯਮਾਂ ਅਨੁਸਾਰ ਜਲਦ ਤੋਂ ਜਲਦ ਕੀਤਾ ਜਾਵੇ। ਜਨਤਾ ਦਰਬਾਰ ਵਿਚ ਆਈਆਂ ਸ਼ਿਕਾਇਤਾਂ ਮੁੱਖ ਰੂਪ ਨਾਲ ਸਿਹਤ, ਮਾਲ, ਪੁਲਿਸ, ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ ਅਤੇ ਅਧਿਕਾਰਤਾ, ਖੁਰਾਕ ਤੇ ਸਿਵਲ ਸਪਲਾਈਜ਼, ਡਰੇਨੇਜ਼, ਮਾਈਨਿੰਗ, ਖੇਤੀ, ਟਰਾਂਸਪੋਰਟ, ਸਹਿਕਾਰੀ, ਨਗਰ ਨਿਗਮ, ਡੇਅਰੀ ਵਿਕਾਸ ਅਤੇ ਬਿਜਲੀ ਵਿਭਾਗ ਨਾਲ ਸਬੰਧਤ ਸਨ। ਕਈ ਮਾਮਲਿਆਂ ਦਾ ਹੱਲ ਮੌਕੇ ’ਤੇ ਹੀ ਕਰ ਦਿੱਤਾ ਗਿਆ।
ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਤੱਤਪਰ ਹੈ ਅਤੇ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ’ਆਪ ਦੀ ਸਰਕਾਰ, ਆਪ ਦੇ ਦੁਆਰ’ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰ ਰਹੀ ਹੈ। ਇਸ ਅਭਿਆਨ ਦਾ ਉਦੇਸ਼ ਹੈ ਕਿ ਆਮ ਜਨਤਾ ਨੂੰ ਆਪਣੇ ਮਸਲਿਆਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ, ਬਲਕਿ ਸਰਕਾਰ ਖੁਦ ਉਨ੍ਹਾਂ ਦੇ ਦਰਵਾਜੇ ਤੱਕ ਪਹੁੰਚੇ।
ਇਸ ਮੌਕੇ ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜਨਤਾ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਉਨ੍ਹਾਂ ਦੇ ਹੱਲ ਜਲਦ ਤੋਂ ਜਲਦ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਦੇਰੀ ਜਾਂ ਲਾਪ੍ਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਜਨਤਾ ਨੁੰ ਅਪੀਲ ਕੀਤੀ ਕਿ ਉਹ ਕਿਸੇ ਵੀ ਸਮੱਸਿਆ ਨੂੰ ਸਿੱਧੇ ਜਨਤਾ ਦਰਬਾਰ ਵਿਚ ਲਿਆਉਣ, ਤਾਂ ਜੋ ਉਸ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਇਸ ਮੌਕੇ ਵਰਿੰਦਰ ਸ਼ਰਮਾ ਬਿੰਦੂ, ਵਰਿੰਦਰ ਵੈਦ ਸਮੇਤ ਹੋਰ ਪਤਵੰਤੇ ਵਿਅਕਤੀ ਵੀ ਮੌਜੂਦ ਸਨ।