ਮੁੱਖ ਮੰਤਰੀ ਨੇ ਚੱਬੇਵਾਲ ਵਿਧਾਨ ਸਭਾ ਹਲਕੇ ਲਈ 20 ਕਰੋੜ ਰੁਪਏ ਜਾਰੀ ਕੀਤੇ: ਡਾ.ਰਾਜ ਕੁਮਾਰ ਚੱਬੇਵਾਲ
(TTT)ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਖੇਤਰੀ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ਵਿਧਾਨ ਸਭਾ ਹਲਕੇ ਲਈ 20 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਹ ਰਾਸ਼ੀ ਖੇਡ ਸਟੇਡੀਅਮ, ਜਿੰਮ, ਨਵੀਆਂ ਲਿੰਕ ਸੜਕਾਂ ਦੀ ਉਸਾਰੀ, ਪੁਲਾਂ ਦੀ ਉਸਾਰੀ ਲਈ ਵਿੱਤੀ ਸਹਾਇਤਾ ਦੇਣ ਲਈ ਹੈ, ਜਿਸ ਨਾਲ ਸਮੂਹ ਇਲਾਕਾ ਨਿਵਾਸੀਆਂ ਨੂੰ ਲਾਭ ਮਿਲੇਗਾ। ਇਹ ਜਾਣਕਾਰੀ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਆਪਣੇ ਦਫ਼ਤਰ ਵਿੱਚ ਲਗਾਏ ਗਏ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਸਾਂਝੀ ਕੀਤੀ। ਇਸ ਮੌਕੇ ਡਾ.ਇਸ਼ਾਂਕ ਵੀ ਹਾਜ਼ਰ ਸਨ। ਸੰਸਦ ਮੈਂਬਰ ਨੇ ਕਿਹਾ ਕਿ ਇਹ ਕਦਮ ਆਪਣੇ ਨਾਗਰਿਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਖੇਡ ਸਟੇਡੀਅਮ ਅਤੇ ਲਿੰਕ ਸੜਕਾਂ ਦੇ ਨਿਰਮਾਣ ਅਤੇ ਗਲੀਆਂ, ਨਾਲੀਆਂ, ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਥਾਨਕ ਪ੍ਰਸ਼ਾਸਨ ਰਾਹੀਂ ਫੰਡਾਂ ਦੀ ਵੰਡ ਕੀਤੀ ਜਾਵੇਗੀ, ਜਿਸ ਦੀ ਸੁਚਾਰੂ ਅਤੇ ਪਾਰਦਰਸ਼ੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ। ਐਮ.ਪੀ ਚੱਬੇਵਾਲ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਨੇ ਮੁੱਖ ਮੰਤਰੀ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਸਰਕਾਰ ਦੀ ਲੋਕਪੱਖੀ ਪਹੁੰਚ ਦੀ ਸ਼ਲਾਘਾ ਕੀਤੀ ਹੈ। ਇਸ ਪਹਿਲਕਦਮੀ ਨਾਲ ਰੁਜ਼ਗਾਰ ਸਿਰਜਣ ਅਤੇ ਸਥਾਨਕ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਹ ਉਪਰਾਲਾ ਖੇਤਰੀ ਵਿਕਾਸ ਅਤੇ ਨਾਗਰਿਕ ਭਲਾਈ ਵੱਲ ਇੱਕ ਹਾਂ-ਪੱਖੀ ਕਦਮ ਹੈ, ਜੋ ਭਵਿੱਖ ਦੇ ਪ੍ਰੋਜੈਕਟਾਂ ਲਈ ਇੱਕ ਮਿਸਾਲ ਕਾਇਮ ਕਰੇਗਾ।