DC ਥੋਰੀ ਨੇ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਕਿਹਾ- ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਹੋਵੇ
(TTT) ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਂਦੀ ਜਾਵੇ ਅਤੇ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣ।ਡੀ. ਸੀ. ਥੋਰੀ ਨੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਦੇ ਖੇਤਰਾਂ ’ਚ ਇੰਤਕਾਲ ਪੈਂਡਿੰਗ ਪਏ ਹਨ, ਉਨ੍ਹਾਂ ਨੂੰ ਨਿੱਜੀ ਧਿਆਨ ਦੇ ਕੇ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ’ਚ ਆ ਰਿਹਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕਾਂ ਵੱਲੋਂ ਇੰਤਕਾਲ ਨਹੀਂ ਕਰਵਾਇਆ ਜਾਂਦਾ, ਜਿਸ ਕਰਕੇ ਵਿਭਾਗ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।