
ਹੁਸ਼ਿਆਰਪੁਰ, 2 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਮੱਦੇਨਜ਼ਰ ਮੰਡੀਆਂ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਅਤੇ ਹੋਰ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਪਨਗ੍ਰੇਨ, ਮਾਰਕਫੈੱਡ, ਵੇਅਰਹਾਊਸ, ਪਨਸਪ ਅਤੇ ਐਫ.ਸੀ.ਆਈ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਲਾਟ ਕੀਤੀਆਂ ਮੰਡੀਆਂ ਵਿੱਚ ਸਮੇਂ ਸਿਰ ਖਰੀਦ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ, ਪਖਾਨੇ ਅਤੇ ਹੋਰ ਜ਼ਰੂਰੀ ਸਹੂਲਤਾਂ ਦੀ ਕੋਈ ਕਮੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਯਕੀਨੀ ਬਣਾਏਗੀ।
ਮੀਟਿੰਗ ਦੌਰਾਨ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੰਡੀਆਂ ਵਿਚ ਕਣਕ ਦੀ ਖਰੀਦ ਲਈ ਸਾਰੇ ਜ਼ਰੂਰੀ ਪ੍ਰਬੰਧ ਪੂਰੇ ਕਰ ਲਏ ਗਏ ਹਨ। ਇਸ ਸਾਲ ਜ਼ਿਲ੍ਹੇ ਦੀਆਂ ਮੰਡੀਆ ਵਿਚ 3,04,153 ਮੀਟ੍ਰਿਕ ਟਨ ਸਰਕਾਰੀ ਖਰੀਦ ਹੋਣ ਦੀ ਸੰਭਾਵਨਾ ਹੈ। ਕਿਸੇ ਵੀ ਮੰਡੀ ਵਿਚ ਬਾਰਦਾਨੇ ਦੀ ਕੋਈ ਕਮੀਂ ਨਹੀਂ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦੀ ਗਈ ਕਣਕ ਦੀ ਤੁਰੰਤ ਅਦਾਇਗੀ ਲਈ ਪ੍ਰਬੰਧ ਕੀਤੇ ਗਏ ਹਨ ਅਤੇ ਕਣਕ ਦੀ ਲਿਫਟਿੰਗ ਅਤੇ ਸਟੋਰੇਜ ਲਈ ਵੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਹਰੇਕ ਮੰਡੀ ਵਿੱਚ ਖਰੀਦ ਏਜੰਸੀ ਦੇ ਇੰਸਪੈਕਟਰ ਅਤੇ ਹੋਰ ਕਰਮਚਾਰੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੌਜੂਦ ਰਹਿਣਗੇ। ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

