ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 18 ਦਸੰਬਰ:(TTT) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਮਾਲ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਉਨ੍ਹਾਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਵਸੂਲੀ ਦੇ ਮਾਮਲਿਆਂ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਨੇ ਡਿਫਾਲਟਰਾਂ ਦੀ ਸੂਚੀ ਤਿਆਰ ਕਰਕੇ ਤੁਰੰਤ ਕਾਰਵਾਈ ਕਰਨ ਅਤੇ ਬਕਾਇਆ ਰਾਸ਼ੀ ਦੇ ਮਾਮਲਿਆਂ ਨੂੰ ਨਿਪਟਾਉਣ ਦੀ ਹਦਾਇਤ ਵੀ ਦਿੱਤੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਐਸ.ਡੀ.ਐਮ ਦਫ਼ਤਰਾਂ ਅਤੇ ਤਹਿਸੀਲ ਦਫ਼ਤਰਾਂ ਦੇ ਬੁਨਿਆਦੀ ਢਾਂਚੇ ਦੀ ਸਥਿਤੀ ਅਤੇ ਲੋਕ ਮਸਲਿਆਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੋੜੀਂਦੀਆਂ ਨਾਗਰਿਕ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਲੋਕ ਮਸਲਿਆਂ ਦਾ ਹੱਲ ਵੀ ਤਰਜ਼ੀਹ ਦੇ ਆਧਾਰ ’ਤੇ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜਦਾ ਕਰਨ ਦੀ ਤਾਕੀਦ ਕਰਦਿਆਂ ਕਿਹਾ ਕਿ ਇਨ੍ਹਾਂ ਸਕੀਮਾਂ ਬਾਰੇ ਹਰ ਇਲਾਕੇ ਵਿਚ ਲੋਕਾਂ ਨੂੰ ਜਾਣੂ ਕਰਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਡੀ.ਐਮ ਹੁਸ਼ਿਆਰਪੁਰ ਸੰਜੀਵ ਕੁਮਾਰ ਸ਼ਰਮਾ, ਐਸ.ਡੀ.ਐਮ ਟਾਂਡਾ ਪੰਕਜ ਕੁਮਾਰ, ਐਸ.ਡੀ.ਐਮ ਗੜ੍ਹਸ਼ੰਕਰ ਹਰਬੰਸ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।