ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਸਮਾਗਮ
ਹੁਸ਼ਿਆਰਪੁਰ, 9 ਨਵੰਬਰ {TTT} :
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਦੀ ਅਗਵਾਈ ਹੇਠ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਸਵਾਮੀ ਸਰਵਾਨੰਦ ਗਿਰੀ ਰਿਜਨਲ ਸੈਂਟਰ (ਲਾਅ ਕਾਲਜ) ਹੁਸ਼ਿਆਰਪੁਰ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਹਰੇਕ ਸਾਲ 9 ਨਵੰਬਰ ਨੂੰ ਮਨਾਏ ਜਾਂਦੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਦਾ ਮਕਸਦ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ 1987 ਬਾਰੇ ਜਾਗਰੂਕ ਕਰਦਿਆਂ ਸਾਰਿਆਂ ਲਈ ਨਿਆਂ ਤੱਕ ਪਹੁੰਚ ਯਕੀਨੀ ਬਣਾਉਣਾ ਅਤੇ ਹਾਸ਼ੀਏ ’ਤੇ ਪਏ ਲੋਕਾਂ ਨੂੰ ਕਾਨੂੰਨੀ ਜਾਗਰੂਕਤਾ ਰਾਹੀਂ ਸ਼ਕਤੀ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਐਕਟ ਅਧੀਨ ਗ਼ਰੀਬ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਨ ਲਈ ਅਥਾਰਟੀ ਵੱਲੋਂ 8 ਕੈਟਾਗਰੀਆਂ, ਜਿਵੇਂ ਕਿ ਔਰਤ, ਹਵਾਲਾਤੀ, ਐਸ. ਸੀ/ਐਸ. ਟੀ, ਬੇਗਾਰ ਦਾ ਮਾਰਿਆ, ਹੜ੍ਹ/ਭੂਚਾਲ ਪੀੜਤ, 18 ਸਾਲ ਤੋਂ ਘੱਟ ਉਮਰ ਦਾ ਬੱਚਾ, ਅਪੰਗ ਅਤੇ ਹਰ ਵੁਹ ਵਿਅਕਤੀ, ਜਿਸ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਉਸ ਨੂੰ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ ’ਤੇ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨਾਲਸਾ ਦੀਆਂ ਸਕੀਮਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਸੀ. ਜੇ. ਐਮ ਅਪਰਾਜਿਤਾ ਜੋਸ਼ੀ ਨੇ ਇਹ ਵੀ ਦੱਸਿਆ ਕਿ ਅਥਾਰਟੀ ਵੱਲੋਂ ਲੋਕ ਅਦਾਲਤਾਂ, ਮਿਡੀਏਸ਼ਨ ਅਤੇ ਕੰਸਲੀਏਸ਼ਨ ਸੈਂਟਰ ਦੁਆਰਾ ਰਾਜ਼ੀਨਾਮੇ ਰਾਹੀਂ ਕੇਸਾਂ ਦਾ ਫ਼ੈਸਲਾ ਕੀਤਾ ਜਾਂਦਾ ਹੈ ਅਤੇ ਜ਼ਿਲ੍ਹਾ ਪੱਧਰ ’ਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਦਫ਼ਤਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਕੇਸ ਅਦਾਲਤ ਵਿਚ ਨਹੀਂ ਚੱਲਦੇ, ਜਿਵੇਂ ਕਿ ਟੈਲੀਫੋਨ, ਬਿਜਲੀ, ਪਾਣੀ, ਬੈਂਕਾਂ ਦੇ ਕੇਸ, ਇੰਸ਼ੋਰੈਂਸ ਕੰਪਨੀਆਂ ਦੇ ਕੇਸ ਆਦਿ, ਪ੍ਰਾਰਥੀ ਇਸ ਲੋਕ ਅਦਾਲਤ ਵਿਚ ਸਿੱਧੀ ਐਪਲੀਕੇਸ਼ਨ ਦੇ ਕੇ ਮੁਫ਼ਤ ਵਿਚ ਦਾਇਰ ਕਰ ਸਕਦਾ ਹੈ।
ਇਸ ਤੋਂ ਇਲਾਵਾ ਸੀ. ਜੇ. ਐਮ ਅਪਰਾਜਿਤਾ ਜੋਸ਼ੀ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜਿਥੇ ਕੈਦੀਆਂ ਮੁਸ਼ਕਲਾਂ ਸੁਣੀਆਂ ਗਈਆਂ, ਉਥੇ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਫ਼ਤਰ ਲਈ ਵਡਮੁੱਲਾ ਯੋਗਦਾਨ ਦੇਣ ਲਈ ਰਾਜ ਪੱਧਰ ’ਤੇ ਵਧੀਆ ਪੀ. ਐਲ. ਵੀ ਐਲਾਨੀ ਗਈ ਇੰਦੂ ਪਠਾਣੀਆ ਨੂੰ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜੇਲ੍ਹ ਸੁਪਰਡੈਂਟ ਅਤੇ ਸਮੂਹ ਸਟਾਫ਼ ਹਾਜ਼ਰ ਸੀ।