ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ‘ਵਿਧਾਨ ਸੇ ਸਮਾਧਾਨ’ ਪ੍ਰੋਗਰਾਮ ਦਾ ਆਯੋਜਨ
ਹੁਸ਼ਿਆਰਪੁਰ, 11 ਅਕਤੂਬਰ:(TTT) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਰਾਜ ਪਾਲ ਰਾਵਲ ਵੱਲੋਂ ਗੋਸਵਾਮੀ ਗਨੇਸ਼ ਦੱਤ ਸਨਾਤਨ ਧਰਮ ਕਾਲਜ, ਹਰਿਆਣਾ, ਬਲਾਕ-ਭੂੰਗਾ ਵਿਖੇ ‘ਵਿਧਾਨ ਸੇ ਸਮਾਧਾਨ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਔਰਤਾਂ ਨੂੰ ਕਾਨੂੰਨੀ ਸਹਾਇਤਾ ਅਤੇ ਹੱਕਾਂ ਬਾਰੇ ਜਾਗਰੂਕ ਕਰਨਾ ਸੀ।
ਇਸ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਭਾਗ ਲਿਆ। ਪ੍ਰੋਗਰਾਮ ਨੂੰ ਸਟੇਟ ਵੋਮਨ ਕਮਿਸ਼ਨ ਦੀ ਮੈਂਬਰ ਕਿਰਨਪ੍ਰੀਤ ਕੌਰ ਧਾਮੀ ਅਤੇ ਐਡਵੋਕੇਟ ਮਿਸ ਰੇਨੂ ਵੱਲੋਂ ਸੰਬੋਧਿਤ ਕੀਤਾ ਗਿਆ, ਜਿਨ੍ਹਾਂ ਨੇ ਕਾਲਜ ਦੀਆਂ ਵੂਮੈਨ ਸੈਲ ਦੀਆਂ ਔਰਤਾਂ ਅਤੇ ਵਿਦਿਆਰਥਣਾਂ ਨੂੰ ਔਰਤਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕੀਤਾ।
ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਰਾਜ ਪਾਲ ਰਾਵਲ ਵੱਲੋਂ ਵਿਕਟਮ ਕੰਪਨਸੇਸ਼ਨ ਸਕੀਮਾਂ ਬਾਰੇ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ ਗਈ। ਮੁਫਤ ਕਾਨੂੰਨੀ ਸੇਵਾਵਾਂ ਦੇ ਪ੍ਰਾਪਤ ਕਰਨ ਲਈ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 15100 ਦੇ ਸਟੀਕਰ ਸਟਾਫ ਅਤੇ ਵਿਦਿਆਰਥਣਾਂ ਨੂੰ ਵੰਡੇ ਗਏ, ਅਤੇ ਇਹ ਵੀ ਦੱਸਿਆ ਗਿਆ ਕਿ ਕੋਈ ਵੀ ਵਿਅਕਤੀ ਇਸ ਨੰਬਰ ‘ਤੇ ਸਪੰਰਕ ਕਰ ਕੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ।
ਪ੍ਰੋਗਰਾਮ ਵਿੱਚ ਭਾਗ ਲੈਣ ਵਾਲੀਆਂ ਔਰਤਾਂ ਨੂੰ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪ੍ਰਸ਼ੰਸਾ ਪੱਤਰ ਵੀ ਦਿੱਤੇ ਗਏ। ਇਸ ਮੌਕੇ ਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਟਾਫ ਮੈਂਬਰ ਵੀ ਮੌਜੂਦ ਸਨ, ਜਿਨ੍ਹਾਂ ਨੇ ਪ੍ਰੋਗਰਾਮ ਦੇ ਸਫਲ ਆਯੋਜਨ ਵਿੱਚ ਸਹਿਯੋਗ ਦਿੱਤਾ।