ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ‘ਚ ਝੋਨੇ ਦੀ ਕਟਾਈ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਹੁਕਮ ਜਾਰੀ
ਹੁਸ਼ਿਆਰਪੁਰ, 23 ਸਤੰਬਰ:(TTT) ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿੱਚ ਜ਼ਿਲ੍ਹੇ ਵਿੱਚ ਪਰਾਲੀ ਸਾੜਨ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਝੋਨੇ ਦੀ ਕਟਾਈ ਦੇ ਮੌਜੂਦਾ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਹੋਣ ਵਾਲੀਆ ਸਮੱਸਿਆਵਾਂ ਅਤੇ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੁਝ ਕੰਬਾਈਨ ਮਸ਼ੀਨਾਂ ਰਾਤ ਦੇ ਸਮੇਂ ਗਿੱਲੇ ਝੋਨੇ ਦੀ ਕਟਾਈ ਕਰ ਰਹੀਆਂ ਹਨ, ਜਿਸ ਕਾਰਨ ਝੋਨੇ ਵਿੱਚ ਨਮੀ ਦੀ ਮਾਤਰਾ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਤੋਂ ਵੱਧ ਰਹੀ ਹੈ।ਇਸ ਕਾਰਨ ਖਰੀਦ ਏਜੰਸੀਆਂ ਝੋਨਾ ਖਰੀਦਣ ਤੋਂ ਅਸਮਰਥ ਹੋ ਜਾਂਦੀਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਕਰਨ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਬਚੀ ਪਰਾਲੀ ਨੂੰ ਅੱਗ ਲਾਉਣ ਦੀ ਪ੍ਰਥਾ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ, ਜੋ ਕਿ ਸਿਹਤ ਲਈ ਹਾਨੀਕਾਰਕ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਨਾ ਸਿਰਫ਼ ਪ੍ਰਦੂਸ਼ਣ ਫੈਲਦਾ ਹੈ, ਸਗੋਂ ਮਿੱਟੀ ਦੇ ਪੌਸ਼ਟਿਕ ਤੱਤਾਂ ਨੂੰ ਵੀ ਨੁਕਸਾਨ ਪਹੁੰਚਦਾ ਹੈ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਅੱਗ ਲੱਗਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ।
ਵਾਤਾਰਣ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਾਰੀਆਂ ਕੰਬਾਈਨ ਮਸ਼ੀਨਾਂ ਵਿੱਚ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਗਾਉਣਾ ਲਾਜ਼ਮੀ ਕਰ ਦਿੱਤਾ ਹੈ। ਬਿਨ੍ਹਾਂ ਇਸ ਸਿਸਟਮ ਦੇ ਕੋਈ ਵੀ ਕੰਬਾਈਨ ਮਸ਼ੀਨ ਝੋਨੇ ਦੀ ਕਟਾਈ ਨਹੀਂ ਕਰ ਸਕੇਗੀ। ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 19 ਨਵੰਬਰ 2024 ਤੱਕ ਲਾਗੂ ਰਹੇਗਾ।