ਡੀਡੀਐੱਸਡਬਲਿਊਓ ਅਤੇ ਸੀਬੀਸੀ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ
ਕਾਰਗਿਲ ‘ਤੇ ਲੱਗੀ ਫੋਟੋ ਪ੍ਰਦਰਸ਼ਨੀ ਦੀ ਸਭ ਨੇ ਕੀਤੀ ਸ਼ਲਾਘਾ
ਹੁਸ਼ਿਆਰਪੁਰ, 26/7/24 (TTT)ਕਾਰਗਿਲ ਦੇ ਸ਼ਹੀਦਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ (ਡੀਡੀਐੱਸਡਬਲਿਊਓ) ਹੁਸ਼ਿਆਰਪੁਰ ਵੱਲੋਂ ਅੱਜ ਇੱਥੇ ਦਫ਼ਤਰ ਦੇ ਵਿਹੜੇ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਕਾਰਗਿਲ ਵਿਜੇ ਦਿਵਸ ਦੀ ਸਿਲਵਰ ਜੁਬਲੀ ਮਨਾਉਂਦੇ ਹੋਏ ਸਨਮਾਨਿਤ ਕੀਤਾ ਗਿਆ। ਕੇਂਦਰੀ ਸੰਚਾਰ ਬਿਊਰੋ, ਸੂਚਨਾ ਅਤੇ ਪ੍ਰਸਾਰਣ ਮੰਤਰਾਲਾ, ਭਾਰਤ ਸਰਕਾਰ, ਨੇ ਡੀਡੀਐੱਸਡਬਲਿਊਓ ਦੇ ਸਹਿਯੋਗ ਨਾਲ ਕਾਰਗਿਲ ‘ਤੇ ਇੱਕ ਦਿਨਾ ਫੋਟੋ ਪ੍ਰਦਰਸ਼ਨੀ ਦਾ ਆਯੋਜਨ ਕੀਤਾ, ਜਿਸ ਵਿੱਚ ਇਹ ਦਰਸਾਇਆ ਗਿਆ ਕਿ 1999 ਵਿੱਚ ਜੰਗ ਕਿਵੇਂ ਲੜੀ ਗਈ ਸੀ। ਇਸ ਮੌਕੇ ‘ਤੇ ਮੁੱਖ ਮਹਿਮਾਨ ਵਜੋਂ ਹਾਜ਼ਰ ਉਪ ਮੰਡਲ ਮੈਜਿਸਟਰੇਟ, ਹੁਸ਼ਿਆਰਪੁਰ ਸ਼੍ਰੀ ਪ੍ਰੀਤ ਇੰਦਰ ਸਿੰਘ ਨੇ ਸਕੱਤਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਹੁਸ਼ਿਆਰਪੁਰ, ਵਿੰਗ ਕਮਾਂਡਰ ਗੁਰਪ੍ਰੀਤ ਸਿੰਘ (ਸੇਵਾਮੁਕਤ) ਅਤੇ ਸੀਬੀਸੀ ਦੇ ਫੀਲਡ ਪਬਲੀਸਿਟੀ ਅਫ਼ਸਰ ਸ਼੍ਰੀ ਰਾਜੇਸ਼ ਬਾਲੀ ਦੇ ਨਾਲ ਸ਼ਹੀਦੀ ਸਮਾਰਕ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸਾਬਕਾ ਸੈਨਿਕਾਂ ਨੇ ਵੀ ਸਮਾਰਕ ‘ਤੇ ਸ਼ਰਧਾਂਜਲੀ ਭੇਟ ਕੀਤੀ। ਐੱਸਡੀਐੱਮ ਸ਼੍ਰੀ ਪ੍ਰੀਤ ਇੰਦਰ ਅਤੇ ਵਿੰਗ ਕਮਾਂਡਰ ਸਿੰਘ ਨੇ ਵੱਖ-ਵੱਖ ਜ਼ਿਲ੍ਹਿਆਂ ਦੇ 20 ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ ਨੂੰ 5100/- ਰੁਪਏ ਦੇ ਚੈੱਕ ਭੇਟ ਕੀਤੇ। ਇਨ੍ਹਾਂ ਵਿੱਚੋਂ ਤਿੰਨ, ਜੋ ਕਾਰਗਿਲ ਜੰਗੀ ਯਾਦਗਾਰ ਦਾ ਦੌਰਾ ਕਰਨ ਲਈ ਦਰਾਸ ਗਏ ਸਨ, ਨੂੰ ਬਾਅਦ ਵਿੱਚ ਉਨ੍ਹਾਂ ਦੇ ਚੈੱਕ ਸੌਂਪੇ ਜਾਣਗੇ। ਸੀਬੀਸੀ ਨੇ ਸਾਰੇ ਪਰਿਵਾਰਕ ਮੈਂਬਰਾਂ ਅਤੇ ਸਾਬਕਾ ਸੈਨਿਕਾਂ ਨੂੰ ਵਿਸ਼ੇਸ਼ ਤੌਰ ‘ਤੇ ਡਿਜ਼ਾਈਨ ਕੀਤੇ ਬੈਜ ਲਗਾਏ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਪ੍ਰੋਗਰਾਮ ਵਿੱਚ 100 ਦੇ ਕਰੀਬ ਸਾਬਕਾ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੇ ਭਾਗ ਲਿਆ। ਵਿਜੇ ਦਿਵਸ ਮਨਾਉਂਦੇ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਐੱਸਡੀਐੱਮ ਸਿੰਘ ਨੇ ਉਨ੍ਹਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਨੂੰ ਸਮਾਜ ਦੇ ਇੱਕ ਹੋਰ ਦੁਸ਼ਮਣ ਨਸ਼ਿਆਂ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਮਾਂ ਹੈ ਕਿ ਉਹ ਅੱਗੇ ਆਉਣ ਅਤੇ ਨਸ਼ਾ ਵੇਚ ਕੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲਿਆਂ ਬਾਰੇ ਦੱਸਣ। ਇਸ ਪ੍ਰੋਗਰਾਮ ਵਿੱਚ ਡੀਐੱਸਪੀ ਸਿਟੀ ਸ੍ਰੀ ਅਮਰ ਨਾਥ ਨੇ ਬਤੌਰ ਗੈਸਟ ਆਫ ਆਨਰ ਸ਼ਿਰਕਤ ਕੀਤੀ।
ਵਿੰਗ ਕਮਾਂਡਰ ਗੁਰਪ੍ਰੀਤ ਸਿੰਘ (ਸੇਵਾ-ਮੁਕਤ) ਨੇ ਹਾਜ਼ਰ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਾਰਗਿਲ ਯੁੱਧ ਵਿੱਚ ਦੁਸ਼ਮਣ ਨੂੰ ਹਰਾਉਣ ਵਿੱਚ ਸਾਡੀ ਫੌਜ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਇਹ ਜੰਗ ਬਹੁਤ ਕਠਿਨ ਇਲਾਕੇ ਅਤੇ ਪ੍ਰਤੀਕੂਲ ਮਾਹੌਲ ਵਿੱਚ ਲੜੀ ਗਈ ਸੀ। ਉਨ੍ਹਾਂ ਨੇ ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ ਜਿੰਪਾ ਜੋ ਕਿਸੇ ਕਾਰਨ ਸਮਾਗਮ ਵਿੱਚ ਹਾਜ਼ਰ ਨਹੀਂ ਹੋ ਸਕੇ, ਦਾ ਸੰਦੇਸ਼ ਸ਼ਹੀਦਾਂ ਦੇ ਪਰਿਵਾਰਾਂ ਅਤੇ ਹੋਰਨਾਂ ਨੂੰ ਪੜ੍ਹ ਕੇ ਸੁਣਾਇਆ।
ਫੀਲਡ ਪਬਲੀਸਿਟੀ ਅਫਸਰ ਸ਼੍ਰੀ ਰਾਜੇਸ਼ ਬਾਲੀ ਨੇ ਕਿਹਾ ਕਿ ਅੱਜ ਇੱਕ ਬਹੁਤ ਹੀ ਪਵਿੱਤਰ ਅਤੇ ਜਸ਼ਨ ਦਾ ਦਿਨ ਹੈ ਕਿਉਂਕਿ ਅਸੀਂ ਉਨ੍ਹਾਂ ਬਹਾਦਰਾਂ ਨੂੰ ਵੀ ਯਾਦ ਕਰਦੇ ਹਾਂ, ਜਿਨ੍ਹਾਂ ਦੀ ਬਦੌਲਤ ਦੇਸ਼ ਕਾਰਗਿਲ ਵਿਜੇ ਦਿਵਸ ਦੀ ਸਿਲਵਰ ਜੁਬਲੀ ਮਨਾ ਰਿਹਾ ਹੈ। ਉਨ੍ਹਾਂ ਸ਼ਹੀਦਾਂ ਦੇ ਮਾਪਿਆਂ ਅਤੇ ਪਰਿਵਾਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਸਾਡੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਕਾਰਗਿਲ ‘ਤੇ ਲਗਾਈ ਗਈ ਫੋਟੋ ਪ੍ਰਦਰਸ਼ਨੀ ਨੇ ਪਤਵੰਤਿਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕਾਂ ਨੂੰ ਆਕਰਸ਼ਿਤ ਕੀਤਾ। ਕਾਰਗਿਲ ਅਪਰੇਸ਼ਨ ਦਾ ਹਿੱਸਾ ਰਹੇ ਸਾਬਕਾ ਸੈਨਿਕਾਂ ਨੇ ਇੱਥੇ ਪ੍ਰਦਰਸ਼ਨੀ ਦਾ ਆਯੋਜਨ ਕਰਨ ਵਿੱਚ ਕੇਂਦਰੀ ਸੰਚਾਰ ਬਿਊਰੋ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਸੀਬੀਸੀ ਦੀ ਇੱਕ ਸੱਭਿਆਚਾਰਕ ਮੰਡਲੀ ਨੇ ਕਾਰਗਿਲ ਜੰਗ ‘ਤੇ ਇੱਕ ਸੰਗੀਤਕ ਨਾਟਕ ਪੇਸ਼ ਕੀਤਾ, ਜਿਸ ਦੀ ਸਭ ਨੇ ਸ਼ਲਾਘਾ ਕੀਤੀ ਅਤੇ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ‘ਚੋਂ ਹੰਝੂ ਵਹਿ ਨਿਕਲੇ। ਰੇਲਵੇ ਮੰਡੀ ਰੋਡ ਸਥਿਤ ਸਰਕਾਰੀ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਦੇਸ਼ ਭਗਤੀ ਦਾ ਗੀਤ ਪੇਸ਼ ਕੀਤਾ। ਨੈਸ਼ਨਲ ਕੈਡੇਟ ਕੋਰ ਦੀ ਛੇ ਕੈਡਿਟ ਪਲਟੂਨ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਮਾਰਗਦਰਸ਼ਨ ਕੀਤਾ।