
ਹੁਸ਼ਿਆਰਪੁਰ ਮੰਡੀ ਦੀ 5 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਕਾਇਆਕਲਪ – ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾ….ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ


(TTT) ਹੁਸ਼ਿਆਰਪੁਰ, 8 ਮਈ :ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਹੈ ਕਿ ਹੁਸ਼ਿਆਰਪੁਰ ਮੰਡੀ ਨੂੰ ਆਧੁਨਿਕ ਬਣਾਉਣ ਦੀ ਯੋਜਨਾ ਤਹਿਤ 5 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕੀਤੇ ਜਾਣਗੇ। ਇਸ ਸਬੰਧੀ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਮੌਜੂਦਗੀ ਹੇਠ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਰਕਮ ਮੰਡੀ ਦੇ ਢਾਂਚਾਗਤ ਸੁਧਾਰ, ਆਵਾਜਾਈ ਦੀ ਸੁਵਿਧਾ ਅਤੇ ਸੁਚਾਰੂ ਪ੍ਰਬੰਧਾਂ ‘ਤੇ ਖਰਚ ਕੀਤੀ ਜਾਵੇਗੀ। ਡਾ. ਚੱਬੇਵਾਲ ਨੇ ਕਿਹਾ ਕਿ ਮੰਡੀ ‘ਚ ਕੰਕਰੀਟ ਦੀ ਸੜਕ ਤਿਆਰ ਕੀਤੀ ਜਾਵੇਗੀ, ਜਿਸ ਨਾਲ ਫਸਲਾਂ ਅਤੇ ਸਾਮਾਨ ਦੀ ਆਵਾਜਾਈ ਵਿਚ ਆ ਰਹੀਆਂ ਰੁਕਾਵਟਾਂ ਦੂਰ ਹੋਣਗੀਆਂ। ਉਨ੍ਹਾਂ ਕਿਹਾ ਕਿ ਮੌਜੂਦਾ ਪਖਾਨਿਆਂ ਦੀ ਹਾਲਤ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਨੂੰ ਵੀ ਬਿਹਤਰ ਬਣਾਇਆ ਜਾਵੇਗਾ, ਤਾਂ ਜੋ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਮੰਡੀ ਨੂੰ ਪੰਜਾਬ ਦੀਆਂ ਸਭ ਤੋਂ ਆਧੁਨਿਕ ਅਤੇ ਸੁਵਿਧਾਜਨਕ ਮੰਡੀਆਂ ਵਿਚ ਸ਼ੁਮਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਅਤੇ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਪਹਿਲ ਦਿੱਤੀ ਜਾਵੇਗੀ।ਵਿਧਾਇਕ ਬ੍ਰਮ ਸ਼ੰਕਰ ਜਿੰਪਾਂ ਨੇ ਆਪਣੇ ਵਿਚਾਰ ਪ੍ਰਗਟਾਉਂਦੇ ਹੋਏ ਕਿਹਾ ਕਿ ਮੰਡੀ ਵਿਚ ਆਲੂ ਅਤੇ ਪਿਆਜ਼ ਆਦਿ ਲਈ ਵੱਖ-ਵੱਖ ਸ਼ੈੱਡ ਬਣਾਏ ਜਾਣਗੇ, ਜਿਸ ਨਾਲ ਭੰਡਾਰਨ ਦੇ ਵਧੀਆ ਇੰਤਜ਼ਾਮਾਂ ਨਾਲ ਆੜ੍ਹਤੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਮੰਗ ਆੜ੍ਹਤੀਆਂ ਵੱਲੋਂ ਲੰਬੇ ਸਮੇਂ ਤੋਂ ਆ ਰਹੀ ਸੀ, ਜਿਸ ਨੂੰ ਹੁਣ ਅਮਲੀ ਜਾਮਾ ਪਹਿਨਾਇਆ ਜਾਵੇਗਾ। ਵਿਧਾਇਕ ਨੇ ਕਿਹਾ ਕਿ ਮੰਡੀ ਦੀਆਂ ਮੁੱਢਲੀਆਂ ਸੁਵਿਧਾਵਾਂ ਨੂੰ ਸੁਧਾਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਛਿੰਦਾ, ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ, ਦਿ ਹੁਸ਼ਿਆਰਪੁਰ ਸੈਂਟਰਲ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਬੌਬੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
