ਜ਼ਿਲ੍ਹੇ ਵਿਚ ਨਾਜਾਇਜ਼ ਮਾਈਨਿੰਗ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ
ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੈ ਕਾਰਵਾਈ
ਹੁਸ਼ਿਆਰਪੁਰ, 20 ਅਗਸਤ:(TTT) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜਨਤਕ ਸਮੱਸਿਆਵਾਂ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਰੋਜ਼ਾਨਾ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ ਕਿ ਇਸ ਬਰਸਾਤ ਦੇ ਮੌਸਮ ਦੌਰਾਨ ਹਿਮਾਚਲ ਸਰਹੱਦ ’ਤੇ ਨਾਜਾਇਜ਼ ਮਾਈਨਿੰਗ ਦਾ ਕੰਮ ਹੋ ਰਿਹਾ ਹੈ। ਇਸ ਸਬੰਧੀ ਉਨ੍ਹਾਂ ਐਕਸੀਅਨ ਡਰੇਨੇਜ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ।
ਇਸ ਮਾਮਲੇ ਦੀ ਜਾਂਚ ਕਰਨ ਉਪਰੰਤ ਜ਼ਿਲ੍ਹਾ ਮਾਈਨਿੰਗ ਅਫ਼ਸਰ ਨੇ ਦੱਸਿਆ ਕਿ ਇਸ ਸਬੰਧੀ ਉਪ ਮੰਡਲ ਅਫ਼ਸਰ ਦਸੂਹਾ ਵੱਲੋਂ ਕੀਤੀ ਗਈ ਰਿਪੋਰਟ ਅਨੁਸਾਰ ਹੜ੍ਹ ਸੀਜ਼ਨ 2024 ਦੌਰਾਨ 15 ਜੁਲਾਈ 2024 ਤੋਂ ਦਰਿਆ ਵਿਚ ਚੱਲ ਰਹੀਆਂ ਲੀਗਲ ਖੱਡਾਂ ‘ਤੇ ਦੀ ਮਾਈਨਿੰਗ ‘ਤੇ ਮੁਕੰਮਲ ਪਾਬੰਦੀ ਹੈ | ਇਹ ਪਾਬੰਦੀ 30 ਸਤੰਬਰ 2024 ਤੱਕ ਲਾਗੂ ਰਹੇਗੀ। ਇਸ ਤੋਂ ਇਲਾਵਾ ਬਲਾਕ ਤਲਵਾੜਾ ਵਿਚ ਸਵਾਂ ਖੱਡ ਜਾਂ ਸਵਾਂ ਬੈੱਡ ਨੇੜੇ ਗੈਰ ਕਾਨੂੰਨੀ ਮਾਈਨਿੰਗ ਸਬੰਧੀ ਮਾਈਨਰ ਮਿਨਰਲ ਡਿਵੈਲਪਮੈਂਟ ਐਂਡ ਰੈਗੂਲੇਸ਼ਨ ਐਕਟ ਤਹਿਤ ਐਫ.ਆਈ.ਆਰ ਨੰਬਰ 7 ਦਰਜ ਕੀਤੀ ਗਈ ਹੈ ਅਤੇ ਪੰਜਾਬ ਮਾਈਨਰ ਰੂਲਜ਼ 2013 ਤਹਿਤ ਵਸੂਲੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਕਿਤੇ ਵੀ ਨਾਜਾਇਜ਼ ਮਾਈਨਿੰਗ ਹੁੰਦੀ ਪਾਈ ਗਈ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮਾਈਨਿੰਗ ਅਫ਼ਸਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਕਿਸੇ ਵੀ ਖੇਤਰ ਵਿਚ ਨਾਜਾਇਜ਼ ਮਾਈਨਿੰਗ ਨਾ ਹੋਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।