ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਮੀਟਿੰਗ ’ਚ ਹੋਏ ਅਹਿਮ ਫੈਸਲੇ
(TTT)ਪਿਛਲੇ ਲੰਬੇ ਸਮੇਂ ਤੋਂ ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨ ਜਥੇਬੰਦੀਆਂ ਨੇ ਦਿੱਲੀ ਕੂਚ ਦੀ ਅਗਲੀ ਰਣਨੀਤੀ ਤਿਆਰ ਕਰ ਲਈ ਹੈ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖਨੌਰੀ ਬਾਰਡਰ ਉੱਤੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਹੁਕਮਾਂ ਮੁਤਾਬਿਕ ਜੇਕਰ ਹਰਿਆਣਾ ਸਰਕਾਰ ਸ਼ੰਭੂ ਬਾਰਡਰ ਖੋਲ੍ਹਦੀ ਹੈ ਤਾਂ ਉਹ ਦਿੱਲੀ ਵੱਲ ਜ਼ਰੂਰ ਕੂਚ ਕਰਨਗੇ। ਉਹਨਾਂ ਨੇ ਕਿਹਾ ਕਿ ਅਸੀਂ ਪਿਛਲੇ ਪੰਜ ਮਹੀਨੇ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਹੱਦਾਂ ਉੱਤੇ ਬੈਠੇ ਹੋਏ ਹਾਂ ਪਰ ਸਾਡੀ ਕੋਈ ਸਾਰ ਨਹੀਂ ਲੈ ਰਿਹਾ ਹੈ, ਇਸ ਕਰਕੇ ਅਸੀਂ ਆਪਣੀਆਂ ਮੰਗਾਂ ਲੈ ਕੇ ਦਿੱਲੀ ਜ਼ਰੂਰ ਜਾਵਾਂਗੇ।ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੀ ਮੀਟਿੰਗ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਈ, ਜਿਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਮੀਟਿੰਗ ਹੋਈ ਜਿਸ ਵਿੱਚ ਹੇਠ ਲਿਖੇ ਫੈਸਲੇ ਲਏ ਗਏ।
(1)16 ਜੁਲਾਈ ਨੂੰ ਦੋਵੇਂ ਮੋਰਚੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਸਵੇਰੇ 11 ਵਜੇ ਪ੍ਰੈਸ ਕਾਨਫਰੰਸ ਕਰਕੇ ਅਗਲੀ ਰਣਨੀਤੀ ਦਾ ਐਲਾਨ ਕਰਨਗੇ।
(2)ਨੌਜਵਾਨ ਕਿਸਾਨ ਆਗੂ ਨਵਦੀਪ ਜਲਬੇੜਾ ਦੀ ਰਿਹਾਈ ਲਈ 17 ਜੁਲਾਈ ਨੂੰ ਅੰਬਾਲਾ ਦੇ ਮੰਡੀ ਵਿੱਚ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਐਸਪੀ ਦਫ਼ਤਰ ਅੰਬਾਲਾ ਦਾ ਘਿਰਾਓ ਕਰਨਗੇ।
(3)22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਕਾਨਫਰੰਸ ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਵਿਖੇ ਹੋਵੇਗੀ, ਜਿਸ ਵਿੱਚ ਦੇਸ਼ ਭਰ ਦੀਆਂ 200 ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਹਿੱਸਾ ਲੈਣਗੇ।
ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਮੀਟਿੰਗ ’ਚ ਹੋਏ ਅਹਿਮ ਫੈਸਲੇ
Date: