
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਰਕਾਰੀ ਸਕੂਲ ਪੱਦੀ ਸੂਰਾ ਸਿੰਘ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਪ੍ਰੋਗਰਾਮ

ਹੁਸ਼ਿਆਰਪੁਰ, 8 ਨਵੰਬਰ:(TTT) ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਪਰਾਲੀ ਦੇ ਪ੍ਰਬੰਧਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੱਦੀ ਸੂਰਾ ਸਿੰਘ, ਬਲਾਕ ਗੜ੍ਹਸ਼ੰਕਰ ਵਿਖੇ ਝੋਨੇ ਦੀ ਪਰਾਲੀ ਨੂੰ ਸੁਚੱਜੇ ਢੰਗ ਨਾਲ ਸੰਭਾਲਣ ਬਾਰੇ ਪ੍ਰੋਗਰਾਮ ਕਰਵਾਇਆ ਗਿਆ।
ਇਸ ਜਾਗਰੂਕਤਾ ਪ੍ਰੋਗਰਾਮ ਦੌਰਾਲ ਵਿਦਿਆਰਥੀਆਂ ਨਾਲ ਰੂ-ਬ-ਰੂ ਹੁੰਦਿਆਂ ਸਹਿਯੋਗੀ ਨਿਰਦੇਸ਼ਕ ਡਾ. ਮਨਿੰਦਰ ਸਿੰਘ ਬੌੰਸ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੀ ਲੋੜ ਅਤੇ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ। ਉਨ੍ਹਾਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਅਤੇ ਝੋਨੇ ਦੀ ਪਰਾਲੀ ਦੀ ਬਾਇਓ ਗੈਸ ਪਲਾਂਟ, ਗੱਤਾ ਉਦਯੋਗ ਅਤੇ ਖੁੰਬ ਉਤਪਾਦਨ ਵਿੱਚ ਅਤੇ ਊੂਰਜਾ, ਖਾਦ ਅਤੇ ਪਸ਼ੂ ਖੁਰਾਕ ਵਜੋਂ ਵਰਤੋਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਸਕੂਲ ਮੁਹਿੰਮ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਪਰਾਲੀ ਸੰਭਾਲਣ ਦੇ ਇਸ ਨੇਕ ਸੁਨੇਹੇ ਨੂੰ ਘਰ-ਘਰ ਪਹੁੰਚਾਉਣ ਲਈ ਵੀ ਲਾਮਬੰਦ ਕੀਤਾ।
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ, ਲੇਖ ਲਿਖਣਾ ਅਤੇ ਪੇਂਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ।ਵਿਦਿਆਰਥੀਆਂ ਵੱਲੋਂ ਸਾਰੇ ਮੁਕਾਬਲਿਆਂ ਵਿੱਚ ਵੱਧ-ਚੱੜ੍ਹ ਕੇ ਸ਼ਮੂਲੀਅਤ ਕੀਤੀ ਗਈ।ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਣ ਲਈ ਮਹਿਮਾਨਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
