
ਕਿਸਾਨਾਂ ਨੂੰ ਮੰਡੀਆਂ ’ਚ ਕੋਈ ਮੁਸ਼ਕਲ ਨਹੀਂ ਆਵੇਗੀ

ਹੁਸ਼ਿਆਰਪੁਰ, 25 ਅਪ੍ਰੈਲ : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਅਧੀਨ ਆਉਂਦੀ ਨਸਰਾਲਾ, ਸ਼ਾਮਚੁਰਾਸੀ ਅਤੇ ਨੰਦਾਚੌਰ ਦਾਣਾ ਮੰਡੀਆ ਦਾ ਦੌਰਾ ਕਰਕੇ ਕਣਕ ਦੀ ਖਰੀਦ ਵਿਵਸਥਾ ਦਾ ਨਿਰੀਖਣ ਕੀਤਾ। ਉਨ੍ਹਾਂ ਮੰਡੀਆਂ ਵਿਚ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਣਕ ਦੀ ਖਰੀਦ ਵਿਚ ਕਿਸੇ ਤਰ੍ਹਾਂ ਦੀ ਦੇਰੀ ਜਾਂ ਲਾਪ੍ਰਵਾਹੀ ਨਾ ਹੋਵੇ ਅਤੇ ਕਿਸਾਨਾਂ ਦੀ ਸੁਵਿਧਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਰਕਾਰ ਦੀ ਪਹਿਲਕਦਮੀ ਹੈ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ। ਮੰਡੀਆ ਵਿਚ ਪੀਣ ਵਾਲੇ ਪਾਣੀ, ਛਾਂ, ਪਖਾਨੇ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਪੂਰੀ ਤਰ੍ਹਾਂ ਨਾਲ ਯਕੀਨੀ ਬਣਾਈਆਂ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਨੂੰ ਤੈਅ ਸਮੇਂ ਵਿਚ ਖਰੀਦਣ, ਚੁੱਕਣ ਅਤੇ ਅਦਾਇਗੀ ਲਈ ਵਚਨਬੱਧ ਹੈ।
ਅਧਿਕਾਰੀਆਂ ਨੇ ਇਸ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਮੰਡੀਆਂ ਵਿਚ ਕਣਕ ਦੀ ਖਰੀਦ ਲਈ ਸਾਰੇ ਜ਼ਰੂਰੀ ਪ੍ਰਬੰਧ ਪੂਰੇ ਹਨ। ਹੁਣ ਤੱਕ ਜ਼ਿਲ੍ਹੇ ਵਿਚ 1,19,838 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿਚ 1,17,014 ਮੀਟ੍ਰਿਕ ਟਨ ਕਣਕ ਵੱਖ-ਵੱਖ ਸਰਕਾਰੀ ਏਜੰਸੀਆਂ ਵਲੋਂ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਭੁਗਤਾਨ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਅਤੇ ਹੁਣ ਤੱਕ 233.33 ਕਰੋੜ ਰੁਪਏ ਦੀ ਸਿੱਧੇ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੇ ਜਾ ਚੁੱਕੇ ਹਨ। ਕਣਕ ਦੀ ਢੁਆਈ ਅਤੇ ਸਟੋਰ ਲਈ ਵੀ ਜ਼ਰੂਰੀ ਵਿਵਸਥਾ ਪੂਰੀ ਕਰ ਲਈ ਗਈ ਹੈ।
ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਢੁਆਈ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਨਸਰਾਲਾ ਮੰਡੀ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਮੰਡੀ ਦੇ ਫੜ ਨੂੰ ਵੱਡਾ ਕਰਨ ਦੀ ਮੰਗ ’ਤੇ ਡਾ. ਰਵਜੋਤ ਸਿੰਘ ਨੇ ਉਨ੍ਹਾਂ ਨੂੰ ਵਿਸ਼ਵਾਸ ਦੁਆਇਆ ਕਿ ਪ੍ਰਸਤਾਵ ਬਣਾ ਕੇ ਇਹ ਕੰਮ ਜਲਦ ਹੀ ਸ਼ੁਰੂ ਕਰਵਾਇਆ ਜਾਵੇਗਾ। ਨੰਦਾਚੌਰ ਮੰਡੀ ਦੇ ਦੌਰੇ ਦੌਰਾਨ ਮੰਤਰੀ ਨੇ ਕਿਹਾ ਕਿ ਵਰਤਮਾਨ ਵਿਚ ਇੱਟਾਂ ਦੇ ਬਣੇ ਫੜ ਨੂੰ ਝੋਨੇ ਦੇ ਸੀਜਨ ਤੋਂ ਪਹਿਲਾਂ ਪੱਕਾ ਕੰਕਰੀਟ ਫੜ ਬਣਾ ਦਿੱਤਾ ਜਾਵੇਗਾ ਤਾਂ ਜੋ ਕਿਸਾਨਾਂ ਅਤੇ ਵਪਾਰੀਆਂ ਨੂੰ ਬਿਹਤਰ ਸੁਵਿਧਾ ਮਿਲ ਸਕੇ।ਇਸ ਮੌਕੇ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ, ਮਾਰਕੀਟ ਕਮੇਟੀ ਦੇ ਸਕੱਤਰ ਵਿਨੋਦ ਕੁਮਾਰ ਸ਼ਰਮਾ, ਹਰਪ੍ਰੀਤ ਸਿੰਘ ਧਾਮੀ, ਅਨੀਸ਼ ਕੁਮਾਰ ਸਮੇਤ ਕਈ ਪਤਵੰਤੇ ਮੌਜੂਦ ਸਨ।

