ਵਿਧਾਇਕ ਜਿੰਪਾ ਨੇ ਵਾਰਡ ਨੰਬਰ 19 ’ਚ ਟਾਈਲਾਂ ਅਤੇ ਗੰਦੇ ਪਾਣੀ ਦੀ ਨਿਕਾਸੀ ਦੇ ਕਾਰਜ ਦੀ ਕਰਵਾਈ ਸ਼ੁਰੂਆਤ
29 ਲੱਖ ਰੁਪਏ ਦੀ ਲਾਗਤ ਨਾਲ ਹੋਣਗੇ ਵਿਕਾਸ ਕੰਮ
ਹੁਸ਼ਿਆਰਪੁਰ, 8 ਦਸੰਬਰ ( GBC UPDATE ) : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 19 ਵਿਚ ਗਲੀਆਂ ਵਿਚ ਟਾਈਲਾਂ ਅਤੇ ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਦੀ ਰਸਮੀ ਤੌਰ ’ਤੇ ਸ਼ੁਰੂਆਤ ਕਰਵਾਈ। ਇਹ ਕੰਮ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਹਲਕੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ ਅਤੇ ਸਥਾਨਕ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਵਿਧਾਇਕ ਨੇ ਜਾਣਕਾਰੀ ਦਿੱਤੀ ਕਿ ਗੰਦੇ ਪਾਣੀ ਦੀ ਨਿਕਾਸੀ ਦੇ ਇਸ ਮਹੱਤਵਪੂਰਨ ਕੰਮ ਨਾਲ ਵਾਰਡ ਨੰਬਰ 18, 19 ਅਤੇ 20 ਦੇ ਨਿਵਾਸੀਆਂ ਨੂੰ ਲਾਭ ਮਿਲੇਗਾ। ਇਸ ਨਾਲ ਪਾਣੀ ਦੇ ਖੜ੍ਹੇ ਹੋਣ ਦੀ ਸਮੱਸਿਆ ਦਾ ਹੱਲ ਹੋਵੇਗਾ ਅਤੇ ਸਾਫ਼-ਸਫ਼ਾਈ ਵਿਚ ਸੁਧਾਰ ਹੋਵੇਗਾ। ਉਨ੍ਹਾਂ ਹਲਕੇ ਦੀ ਜਨਤਾ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਵਿਚ ਕਿਸੇ ਪ੍ਰਕਾਰ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਲਕੇ ਦੇ ਹਰ ਵਾਰਡ ਵਿਚ ਵਿਕਾਸ ਕਾਰਜਾਂ ਨੂੰ ਪ੍ਰਾਥਮਿਕਤਾ ਦੇ ਰਹੀ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪ੍ਰੋਜੈਕਟਾਂ ਦੀ ਨਿਗਰਾਨੀ ਕਰਨ ਅਤੇ ਕਿਸੇ ਵੀ ਸਮੱਸਿਆ ਦੀ ਜਾਣਕਾਰੀ ਸਮੇਂ ਸਿਰ ਦੇਣ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਵਾਰਡ ਕੌਂਸਲਰ ਇੰਦਰਜੀਤ ਕੌਰ ਅਤੇ ਜਸਵੰਤ ਕਾਲਾ, ਕੁਸ਼ ਸ਼ਾਰਦਾ, ਸੁਦਰਸ਼ਨ ਧੀਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।