
ਹੁਸ਼ਿਆਰਪੁਰ, 27 ਅਪ੍ਰੈਲ ( TTT ):- ਸਥਾਨਕ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕੀਤਾ ਅਤੇ ਹਸਪਤਾਲ ਦੇ ਡਾਕਟਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ ਹਸਪਤਾਲ ਵਿਚ ਮਰੀਜਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਥਿਤੀ ਦਾ ਜਾਇਜ਼ਾ ਲੈਣਾ ਅਤੇ ਉਨ੍ਹਾਂ ਨੂੰ ਹੋਰ ਬਿਹਤਰ ਬਣਾਉਣ ਲਈ ਜ਼ਰੂਰੀ ਕਦਮ ਉਠਾਉਣਾ ਸੀ। ਇਸ ਦੌਰਾਨ ਉਨ੍ਹਾਂ ਨਾਲ ਸਿਵਲ ਸਰਜਨ ਡਾ. ਪਵਨ ਕੁਮਾਰ ਵੀ ਮੌਜੂਦ ਸਨ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਡਾਕਟਰਾਂ ਨੇ ਮਰੀਜ਼ਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਲਈ ਜ਼ਰੂਰੀ ਉਪਕਰਨਾਂ ਦੀ ਮੰਗ ਵਿਧਾਇਕ ਅੱਗੇ ਰੱਖੀ। ਇਨ੍ਹਾਂ ਮੰਗਾਂ ਵਿਚ ਆਧੁਨਿਕ ਇਲਾਜ ਉਪਕਰਨ, ਵਾਧੂ ਸਟਾਫ਼ ਅਤੇ ਬੁਨਿਆਦੀ ਢਾਂਚੇ ਦੇ ਅਪਗ੍ਰੇਡੇਸ਼ਨ ਵਰਗੇ ਨੁਕਤੇ ਸ਼ਾਮਲ ਸਨ। ਵਿਧਾਇਕ ਜਿੰਪਾ ਨੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਮੰਗਾਂ ਦੀ ਵਿਸਥਾਰ ਸੂਚੀ ਤਿਆਰ ਕਰਨ ਤਾਂ ਜੋ ਇਨ੍ਹਾਂ ਜ਼ਰੂਰਤਾਂ ਨੂੰ ਜਲਦ ਪੂਰਾ ਕਰਨ ਲਈ ਉਚਿਤ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਮਰੀਜਾਂ ਨੂੰ ਉਚ ਕੁਆਲਟੀ ਵਾਲੀਆਂ ਸਿਹਤ ਸੇਵਾਵਾਂ ਉਪਲਬੱਧ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਵਿਧਾਇਕ ਨੇ ਵਿਸ਼ਵਾਸ ਦੁਆਇਆ ਕਿ ਹਸਪਤਾਲ ਵਿਚ ਉਪਕਰਨਾਂ ਦੀ ਕਮੀ ਨੂੰ ਦੂਰ ਕਰਨ ਅਤੇ ਮਰੀਜਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਰਾਜ ਸਰਕਾਰ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾਵੇਗਾ। ਇਸ ਦੌਰੇ ਦੌਰਾਨ ਵਿਧਾਇਕ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਵੀ ਕੀਤਾ ਅਤੇ ਮਰੀਜਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਉਨ੍ਹਾਂ ਹਸਪਤਾਲ ਪ੍ਰਸ਼ਾਸਨ ਨੂੰ ਸਾਫ਼-ਸਫਾਈ, ਸਮੇਂ ਸਿਰ ਦਵਾਈਆਂ ਦੀ ਉਪਲਬੱਧਤਾ ਅਤੇ ਮਰੀਜਾਂ ਨਾਲ ਸਨਮਾਨਯੋਗ ਵਿਵਹਾਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਵਿਧਾਇਕ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲਬੱਧ ਕਰਵਾਉਣਾ ਸਾਡੀ ਜ਼ਿੰਮੇਵਾਰੀ ਹੈ। ਸਿਵਲ ਹਸਪਤਾਲ ਨੂੰ ਹੋਰ ਬਿਹਤਰ ਬਣਾਉਣ ਲਈ ਕੋਈ ਕਸਰ ਨਹੀਂ ਛੱਡਾਂਗੇ
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਡੀ.ਡੀ.ਐਚ.ਓ. ਡਾ. ਮਨਿੰਦਰ ਕੌਰ, ਡੀ.ਐਫ.ਪੀ.ਓ. ਡਾ. ਰਣਜੀਤ ਸਿੰਘ, ਡੀ.ਐਮ.ਸੀ. ਡਾ. ਸਵਿਤਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਾਤੀ ਸ਼ਿਮਾਰ ਅਤੇ ਡਾ. ਕੁਲਦੀਪ ਸਿੰਘ ਸਮੇਤ ਹਸਪਤਾਲ ਦੇ ਸਾਰੇ ਡਾਕਟਰ ਮੌਜੂਦ ਸਨ।
