ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਚੁਕਾਈ ਸਹੁੰ
‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ਵਿਸ਼ੇ ’ਤੇ ਕਰਾਇਆ ਸੈਮੀਨਾਰ
ਹੁਸ਼ਿਆਰਪੁਰ, 28 ਅਕਤੂਬਰ:(TTT) ਜ਼ਿਲ੍ਹਾ ਵਿਜੀਲੈਂਸ ਬਿਊਰੋ ਵੱਲੋਂ 28 ਅਕਤੂਬਰ ਤੋਂ 3 ਨਵੰਬਰ 2024 ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸਾਲ ਦਾ ਵਿਸ਼ਾ ‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ ਰੱਖਿਆ ਗਿਆ ਹੈ। ਇਸੇ ਲੜੀ ਵਿਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡੀ.ਐਸ.ਪੀ. ਵਿਜੀਲੈਂਸ ਮਨੀਸ਼ ਕੁਮਾਰ ਵੱਲੋਂ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਸਹੁੰ ਚੁਕਾਈ। ਇਸ ਮੌਕੇ ਵਿਜੀਲੈਂਸ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਆਨਲਾਈਨ ਭਾਗ ਲਿਆ। ਡੀ.ਐਸ.ਪੀ. ਮਨੀਸ਼ ਕੁਮਾਰ ਨੇ ਆਪਣੇ ਸੰਬੋਧਨ ਵਿਚ ਭ੍ਰਿਸ਼ਟਾਚਾਰ ਦੇ ਵਿਰੁੱਧ ਸਾਰਿਆ ਨੂੰ ਜਾਗਰੂਕ ਰਹਿਣ ਅਤੇ ਇਸਦੇ ਖਾਤਮੇ ਲਈ ਚੌਕਸੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਜਾਗਰੂਕਤਾ ਵਧਾਉਣ ਲਈ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ। ਇਸ ਤਹਿਤ ਸਮਾਜ ਅਤੇ ਸਰਕਾਰੀ ਸਿਸਟਮ ਵਿੱਚ ਫੈਲੇ ਭ੍ਰਿਸ਼ਟਾਚਾਰ ਵਿਰੁੱਧ ਸਾਰਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਹਿੱਸੇ ਵਜੋਂ ਅੱਜ ਵੁੱਡਲੈਂਡ ਓਵਰਸੀਜ਼ ਸਕੂਲ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡੀ.ਐਸ.ਪੀ. ਮਨੀਸ਼ ਕੁਮਾਰ ਦੇ ਨਾਲ ਸਕੂਲ ਦੇ ਮੈਨੇਜਿੰਗ ਟਰੱਸਟੀ ਮਨਦੀਪ ਸਿੰਘ ਗਿੱਲ, ਪ੍ਰਿੰਸੀਪਲ ਪੂਜਾ ਧੀਮਾਨ ਅਤੇ 250 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸੈਸ਼ਨ ਵਿੱਚ ਵਿਦਿਆਰਥੀਆਂ ਨੇ ‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਦੀ ਸਹੁੰ ਚੁੱਕੀ। ਡੀ.ਐਸ.ਪੀ. ਮਨੀਸ਼ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਜੇਕਰ ਕੋਈ ਸਰਕਾਰੀ ਮੁਲਾਜ਼ਮ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਨਾਗਰਿਕ ਇਸ ਬਾਰੇ ਵਿਜੀਲੈਂਸ ਬਿਊਰੋ ਨੂੰ ਸੂਚਿਤ ਕਰ ਸਕਦਾ ਹੈ। ਵਿਜੀਲੈਂਸ ਬਿਊਰੋ ਦਾ ਟੋਲ-ਫ੍ਰੀ ਨੰਬਰ 1800-1800-1000, ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 95012-00200 ਅਤੇ ਵੈੱਬਸਾਈਟ www.vigilancebureau.punjab.gov.in ’ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਡੀ. ਐਸ. ਪੀ. ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਸਮਾਜ ਵਿੱਚ ਫੈਲੇ ਭ੍ਰਿਸ਼ਟਾਚਾਰ ਵਿਰੁੱਧ ਇਕਜੁੱਟ ਹੋ ਕੇ ਵਿਜੀਲੈਂਸ ਬਿਊਰੋ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ ਥੀਮ ਰਾਹੀਂ ਸਾਨੂੰ ਸਾਰਿਆਂ ਨੂੰ ਭ੍ਰਿਸ਼ਟਾਚਾਰ ਮੁਕਤ ਭਾਰਤ ਬਣਾਉਣ ਲਈ ਯੋਗਦਾਨ ਪਾਉਣ ਲਈ ਦ੍ਰਿੜ ਸੰਕਲਪ ਲੈਣਾ ਚਾਹੀਦਾ ਹੈ।