ਜੰਮੂ-ਕਸ਼ਮੀਰ ‘ਚ ਮੀਂਹ ਨੇ ਮਚਾਈ ਤਬਾਹੀ, 5 ਮੌਤਾਂ, 350 ਤੋਂ ਵੱਧ ਪਰਿਵਾਰਾਂ ਨੂੰ ਕੀਤਾ ਸ਼ਿਫਟ
(TTT)ਜੰਮੂ-ਕਸ਼ਮੀਰ ਵਿੱਚ ਪਿਛਲੇ ਚਾਰ ਦਿਨਾਂ ਦੌਰਾਨ ਲਗਾਤਾਰ ਮੀਂਹ ਕਾਰਨ ਆਏ ਹੜ੍ਹਾਂ ਵਿੱਚ ਤਿੰਨ ਨਾਬਾਲਗਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ 350 ਤੋਂ ਵੱਧ ਪਰਿਵਾਰਾਂ ਨੂੰ ਸ਼ਿਫਟ ਕੀਤਾ ਗਿਆ ਹੈ, ਕਈ ਪਸ਼ੂਆਂ ਦੀ ਮੌਤ ਹੋ ਗਈ ਹੈ ਅਤੇ ਦਰਜਨਾਂ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।
ਅਧਿਕਾਰੀਆਂ ਨੇ ਘਾਟੀ ਵਿੱਚ ਸਕੂਲ ਬੰਦ ਕਰ ਦਿੱਤੇ ਹਨ ਅਤੇ ਕਸ਼ਮੀਰ ਯੂਨੀਵਰਸਿਟੀ ਨੇ ਮੰਗਲਵਾਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਜੰਮੂ ਡਿਵੀਜ਼ਨ ਦੇ ਪਹਾੜੀ ਜ਼ਿਲ੍ਹਿਆਂ ਡੋਡਾ, ਰਿਆਸੀ, ਕਿਸ਼ਤਵਾੜ ਅਤੇ ਰਾਮਬਨ ਅਤੇ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਢਿੱਗਾਂ ਡਿੱਗਣ ਅਤੇ ਹੜ੍ਹਾਂ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਲਗਾਤਾਰ ਮੀਂਹ ਅਤੇ ਬਿਜਲੀ ਡਿੱਗਣ ਕਾਰਨ ਦਰਜਨਾਂ ਘਰ ਨੁਕਸਾਨੇ ਗਏ।
ਅਚਾਨਕ ਆਏ ਹੜ੍ਹ ਕਾਰਨ ਵੱਖ-ਵੱਖ ਥਾਵਾਂ ‘ਤੇ ਕਈ ਪਸ਼ੂਆਂ ਅਤੇ ਚਾਰ ਦਰਜਨ ਤੋਂ ਵੱਧ ਭੇਡਾਂ ਦੀ ਮੌਤ ਹੋ ਗਈ। ਕੁਪਵਾੜਾ ਜ਼ਿਲ੍ਹੇ ਵਿੱਚ, ਅਧਿਕਾਰੀਆਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ 350 ਤੋਂ ਵੱਧ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ‘ਤੇ ਸ਼ਿਫਟ ਕੀਤਾ ਹੈ। ਜੰਮੂ-ਕਸ਼ਮੀਰ ‘ਚ ਪਿਛਲੇ ਚਾਰ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਦੋ ਦਰਜਨ ਤੋਂ ਵੱਧ ਘਰਾਂ ਨੂੰ ਨੁਕਸਾਨ ਪੁੱਜਾ ਹੈ।