

ਹੁਸ਼ਿਆਰਪੁਰ ( NAVNEET SINGH CHEEMA ):- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਾਂਗਰਸ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫਤਾਰੀ ‘ਤੇ 22 ਅਪਰੈਲ 2025 ਤੱਕ ਅੰਤਰਿਮ ਰੋਕ ਲਗਾ ਦਿੱਤੀ ਹੈ। ਇਹ ਫੈਸਲਾ ਉਸ ਐਫਆਈਆਰ ਦੇ ਸੰਦਰਭ ਵਿੱਚ ਆਇਆ ਹੈ ਜੋ ਮੋਹਾਲੀ ਦੀ ਸਾਈਬਰ ਕ੍ਰਾਈਮ ਪੁਲਿਸ ਨੇ ਬਾਜਵਾ ਵੱਲੋਂ ਇੱਕ ਟੀਵੀ ਇੰਟਰਵਿਊ ਵਿੱਚ ਦਿੱਤੇ ਬਿਆਨ ‘ਤੇ ਦਰਜ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਵਿੱਚ 50 ਗ੍ਰਨੇਡ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 18 ਫਟ ਚੁੱਕੇ ਹਨ ਅਤੇ 32 ਹਜੇ ਵੀ ਮੌਜੂਦ ਹਨ। ਪੁਲਿਸ ਨੇ ਇਹ ਬਿਆਨ ਗਲਤ ਜਾਣਕਾਰੀ ਦੇਣ ਅਤੇ ਜਨਤਾ ਵਿੱਚ ਡਰ ਫੈਲਾਉਣ ਦੀ ਕੋਸ਼ਿਸ਼ ਵਜੋਂ ਮੰਨਿਆ ਹੈ। ਬਾਜਵਾ ਨੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ, ਦਲੀਲ ਦਿੱਤੀ ਕਿ ਉਨ੍ਹਾਂ ਦਾ ਬਿਆਨ ਮੀਡੀਆ ਰਿਪੋਰਟਾਂ ‘ਤੇ ਆਧਾਰਿਤ ਸੀ। ਕੋਰਟ ਨੇ ਪੰਜਾਬ ਸਰਕਾਰ ਨੂੰ 22 ਅਪਰੈਲ ਤੱਕ ਉਨ੍ਹਾਂ ਦੀ ਅਰਜ਼ੀ ‘ਤੇ ਜਵਾਬ ਦੇਣ ਲਈ ਕਿਹਾ ਹੈ। ਇਸ ਮਾਮਲੇ ‘ਚ ਬਾਜਵਾ ਨੇ ਪੁਲਿਸ ਦੀ ਜਾਂਚ ਵਿੱਚ ਸਹਿਯੋਗ ਦਿੱਤਾ ਹੈ, ਪਰ ਉਨ੍ਹਾਂ ਨੇ ਮਾਮਲੇ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਕਿਹਾ ਕਿ ਇਹ ਮਾਮਲਾ ਅਦਾਲਤ ਵਿੱਚ ਚੱਲ ਰਿਹਾ ਹੈ। ਅਗਲੀ ਸੁਣਵਾਈ 22 ਅਪਰੈਲ 2025 ਨੂੰ ਹੋਣੀ ਨਿਧਾਰਤ ਹੈ।

