
ਡਿਪਟੀ ਸਪੀਕਰ ਨੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ 5 ਸਕੂਲਾਂ ਵਿਚ 41.35 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਗੜ੍ਹਸ਼ੰਕਰ/ਹੁਸ਼ਿਆਰਪੁਰ, 17 ਅਪ੍ਰੈਲ :(TTT) ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਵਲੋਂ ਸ਼ੁਰੂ ਕੀਤੀ ਗਈ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦਾ ਪੱਧਰ ਉਚਾ ਚੁੱਕਣ ਲਈ ਵੱਡੇ ਪੱਧਰ ਦੇ ਬਦਲਾਅ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਰਾਜ ਦੇ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਜਿਥੇ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਸਿਖਲਾਈ ਲਈ ਵੀ ਭੇਜਿਆ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।

ਉਹ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿਚ 5 ਸਕੂਲਾਂ ਵਿਚ 41.35 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕੰਮਾਂ ਦਾ ਉਦਘਾਟਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਡਿਪਟੀ ਸਪੀਕਰ ਨੇ ਇਸ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਕੋਟ ਵਿਚ ਕਲਾਸ ਰੂਮ ਅਤੇ ਚਾਰਦੀਵਾਰੀ, ਸਰਕਾਰੀ ਹਾਈ ਸਕੂਲ ਪੰਡੋਰੀ ਬੀਤ ਵਿਚ ਸਾਇੰਸ ਲੈਬ, ਚਾਰਦੀਵਾਰੀ ਅਤੇ ਹੋਰ ਵਿਕਾਸ ਕੰਮ, ਸਰਕਾਰੀ ਐਲੀਮੈਂਟਰੀ ਸਕੂਲ ਗੁਜਰਾਂ ਵਿਚ ਚਾਰਦੀਵਾਰੀ ਅਤੇ ਹੋਰ ਵਿਕਾਸ ਕੰਮ, ਸਰਕਾਰੀ ਐਲੀਮੈਂਟਰੀ ਸਕੂਲ ਡੱਲੇਵਾਲ ਵਿਚ ਕਲਾਸ ਰੂਮ ਅਤੇ ਡਾ.ਬੀ.ਆਰ. ਅੰਬੇਡਕਰ ਸਰਕਾਰੀ ਐਲੀਮੈਂਟਰੀ ਸਕੂਲ ਬੀਨੇਵਾਲ ਵਿਚ ਨਵੇਂ ਕਲਾਸ ਰੂਮ ਅਤੇ ਹੋਰ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿੱਖਿਆ ਦੇ ਪੱਧਰ ਨੂੰ ਹੋਰ ਬਿਹਤਰ ਕਰਨ ਲਈ ਰਾਜ ਦੇ ਐਲੀਮੈਂਟਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੀ ਤਸਵੀਰ ਪੂਰੀ ਤਰ੍ਹਾਂ ਬਦਲੀ ਜਾ ਰਹੀ ਹੈ। ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੂਚੀ ਅਤੇ ਸਮਰੱਥਾ ਅਨੁਸਾਰ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਜਿਸ ਨਾਲ ਉਹ ਬਾਹਰਵੀਂ ਕਲਾਸ ਤੋਂ ਬਾਅਦ ਪ੍ਰਤੀਯੋਗਿਤਾ ਪ੍ਰੀਖਿਆਵਾਂ ਵਿਚ ਸਫ਼ਲ ਹੋ ਕੇ ਮਨਪਸੰਦ ਅਹੁਦਿਆਂ ’ਤੇ ਸੇਵਾਵਾਂ ਦੇ ਸਕਣਗੇ।
ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲ ਹੈ ਕਿ ਕੇਵਲ ਇਹ ਇਕ ਯੋਜਨਾ ਨਹੀਂ ਬਲਕਿ ਰਾਜ ਦੇ ਬੱਚਿਆ ਦੇ ਉਜਵੱਲ ਭਵਿੱਖ ਦੀ ਦਿਸ਼ਾ ਵਿਚ ਠੋਸ ਕਦਮ ਹੈ। ਸਰਕਾਰੀ ਸਕੂਲਾਂ ਨੂੰ ਇਸ ਤਰ੍ਹਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ ਕਿ ਉਹ ਕਿਸੇ ਵੀ ਨਿਜੀ ਸਕੂਲਾਂ ਤੋਂ ਪਿੱਛੇ ਨਾ ਰਹਿਣ। ਅੱਜ ਪੰਜਾਬ ਦੇ ਸਰਕਾਰੀ ਸਕੂਲ ਆਧੁਨਿਕ ਸੁਵਿਧਾਵਾਂ, ਗੁਣਵੱਤਾਪੂਰਨ ਸਿੱਖਿਆ ਅਤੇ ਟਰੇਂਡ ਸਟਾਫ਼ ਨਾਲ ਵਿਦਿਆਰਥੀਆਂ ਨੂੰ ਉਹੀ ਮਾਹੌਲ ਦੇ ਰਹੇ ਹਨ ਜੋ ਪਹਿਲਾਂ ਕੇਵਲ ਨਿੱਜੀ ਵਿਦਿਅਕ ਅਦਾਰਿਆਂ ਤੱਕ ਸੀਮਤ ਸੀ। ਇਸ ਮੌਕੇ ਪਿੰਡ ਦੀ ਪੰਚਾਇਤ, ਸਕੂਲ ਸਿੱਖਿਆ ਵਿਭਾਗ ਦੇ ਅਫ਼ਸਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
