ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ, ਨਿਰਧਾਰਤ ਸਮੇਂ ’ਚ ਮੁਕੰਮਲ ਕੀਤੇ ਜਾਣ: ਵਧੀਕ ਡਿਪਟੀ ਕਮਿਸ਼ਨਰ

Date:

ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ, ਨਿਰਧਾਰਤ ਸਮੇਂ ’ਚ ਮੁਕੰਮਲ ਕੀਤੇ ਜਾਣ: ਵਧੀਕ ਡਿਪਟੀ ਕਮਿਸ਼ਨਰ

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਜਾਇਜ਼ਾ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਨੇ ਕਿਹਾ ਕਿ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਨੇ ਵਿਭਾਗਾਂ ਦੇ ਮੁਖੀਆਂ ਤੋਂ ਕੰਮਕਾਜ ਦੀ ਜਾਣਕਾਰੀ ਹਾਸਲ ਕਰਦਿਆਂ ਜ਼ਿਲ੍ਹੇ ਵਿਚ ਬਣ ਰਹੀਆਂ ਵੱਖ-ਵੱਖ ਸਰਕਾਰੀ ਇਮਾਰਤਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਦੇ ਹੋਏ ਵਿਭਾਗ ਦੇ ਨਿਰਧਾਰਤ ਟੀਚਿਆਂ ਅਤੇ ਪ੍ਰਾਪਤ ਟੀਚਿਆਂ ਦੇ ਬਾਰੇ ਵਿਚ ਜਾਣਕਾਰੀ ਹਾਸਲ ਕੀਤੀ ਅਤੇ ਰਹਿੰਦੇ ਟੀਚਿਆਂ ਨੂੰ ਪੂਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿਹਤ ਸੇਵਾਵਾਂ ਬਾਰੇ ਜ਼ਿਲ੍ਹੇ ਦੇ ਹਰ ਖੇਤਰ ਵਿਚ ਲੋਕਾਂ ਨੂੰ ਸਮੇਂ-ਸਮੇਂ ’ਤੇ ਜਾਗਰੂਕ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਡਲੀਵਰੀ ਵੱਧ ਤੋਂ ਵੱਧ ਸਰਕਾਰੀ ਹਸਪਤਾਲਾਂ ਵਿਚ ਕਰਵਾਉਣ ਲਈ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਉਨ੍ਹਾਂ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਮੈਡੀਕਲ ਸਟੋਰਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਮੀਆਂ ਸਾਹਮਣੇ ਆਉਣ ’ਤੇ ਸਖ਼ਤ ਐਕਸ਼ਨ ਲਿਆ ਜਾਵੇ। ਉਨ੍ਹਾਂ ਕਿਹਾ ਕਿ ਟੀ.ਬੀ ਦੀ ਬੀਮਾਰੀ ਦੇ ਇਲਾਜ ਸਬੰਧੀ ਵੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ । ਸਕੂਲ ਸਿੱਖਿਆ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਉਨ੍ਹਾਂ ਨੇ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਮਿਆਰੀ ਅਤੇ ਉਚ ਪੱਧਰ ਦੀ ਸਿੱਖਿਆ ਦੇਣ ਲਈ ਚੁਣੇ ਗਏ ਸਕੂਲ ਆਫ਼ ਐਮੀਨੈਂਸ ਦੀ ਕਾਰਜਸ਼ੈਲੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮਿਡ-ਡੇਅ-ਮੀਲ ਤਹਿਤ ਦਿੱਤੇ ਜਾ ਰਹੇ ਖਾਣੇ ਦੀ ਗੁਣਵੱਤਾ ਦਾ ਵੀ ਵਿਸ਼ੇਸ਼ ਤੌਰ ’ਤੇ ਧਿਆਨ ਰੱਖਣ ਦੀ ਹਦਾਇਤ ਕੀਤੀ।