ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਲਈ 5.24 ਕਰੋੜ ਰੁਪਏ ਜਾਰੀ: ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ
ਹੁਸ਼ਿਆਰਪੁਰ (ਪੱਤਰ ਪ੍ਰੇਰਕ):(TTT) ਸਿੱਖਿਆ ਦੇ ਖੇਤਰ ਵਿੱਚ ਸੁਧਾਰ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਦਫ਼ਤਰ ਵਿੱਚ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਹਾਜ਼ਰ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਹੁਸ਼ਿਆਰਪੁਰ ਦੀਆਂ ਸਿੱਖਿਆ ਸੰਸਥਾਵਾਂ ਲਈ 5.24 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਡਾ.ਇਸ਼ਾਂਕ ਚੱਬੇਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਐਮ.ਪੀ ਚੱਬੇਵਾਲ ਨੇ ਕਿਹਾ ਕਿ ਇਹ ਰਾਸ਼ੀ ਵਿਸ਼ੇਸ਼ ਤੌਰ ‘ਤੇ ਸਕੂਲਾਂ ਦੀ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮਾਂ ਲਈ ਵਰਤੀ ਜਾਵੇਗੀ, ਤਾਂ ਜੋ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਹੂਲਤਾਂ ਮਿਲ ਸਕਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸ ਰਾਸ਼ੀ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਮੁਰੰਮਤ, ਕਲਾਸ ਰੂਮਾਂ ਦੀ ਹਾਲਤ ਸੁਧਾਰਨਾ, ਪਖਾਨਿਆਂ ਦੇ ਪ੍ਰਬੰਧਾਂ ਨੂੰ ਸੁਧਾਰਨਾ ਅਤੇ ਸਾਫ਼-ਸਫ਼ਾਈ ਕਰਨਾ ਹੈ। ਇਸ ਤੋਂ ਇਲਾਵਾ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਵੀ ਵਿਸਥਾਰ ਕੀਤਾ ਜਾਵੇਗਾ। ਸੰਸਦ ਮੈਂਬਰ ਚੱਬੇਵਾਲ ਨੇ ਕਿਹਾ ਕਿ ਇਹ ਰਾਸ਼ੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਸਕੂਲਾਂ ਵਿੱਚ ਸੁਧਾਰ ਲਿਆਉਣ ਲਈ ਇੱਕ ਅਹਿਮ ਉਪਰਾਲਾ ਹੈ। ਐਮ.ਪੀ ਚੱਬੇਵਾਲ ਨੇ ਇਹ ਵੀ ਕਿਹਾ ਕਿ ਇਸ ਰਾਸ਼ੀ ਦੀ ਸਹੀ ਵਰਤੋਂ ਕਰਕੇ ਪੰਜਾਬ ਦੇ ਸਕੂਲਾਂ ਨੂੰ ਰਾਸ਼ਟਰੀ ਪੱਧਰ ‘ਤੇ ਮੋਹਰੀ ਬਣਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਬਿਹਤਰ ਬੁਨਿਆਦੀ ਢਾਂਚਾ ਨਾ ਸਿਰਫ਼ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਤੀ ਰੁਚੀ ਨੂੰ ਵਧਾਏਗਾ ਸਗੋਂ ਅਧਿਆਪਕਾਂ ਨੂੰ ਵੀ ਆਪਣੇ ਕੰਮ ਵਿੱਚ ਵਧੇਰੇ ਆਰਾਮਦਾਇਕ ਬਣਾਵੇਗਾ। ਜਿਸ ਦੇ ਨਤੀਜੇ ਵਜੋਂ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ, ਜਿਸ ਕਾਰਨ ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਇੱਕ ਮਿਸਾਲ ਬਣ ਜਾਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਅਤੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿੱਖਿਆ ਸੁਧਾਰ ਪ੍ਰੋਗਰਾਮ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸ ਰਾਸ਼ੀ ਦੀ ਵੰਡ ਉਸੇ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ, ਤਾਂ ਜੋ ਸਰਕਾਰੀ ਸਕੂਲਾਂ ਨੂੰ ਆਧੁਨਿਕ ਅਤੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ। ਇਸ ਐਲਾਨ ਤੋਂ ਬਾਅਦ ਇਲਾਕੇ ਦੇ ਅਧਿਆਪਕਾਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਸੰਸਦ ਮੈਂਬਰ ਚੱਬੇਵਾਲ ਅਤੇ ‘ਆਪ’ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨਾਲ ਸਿੱਖਿਆ ਦੇ ਖੇਤਰ ਵਿੱਚ ਵੱਡੀ ਤਬਦੀਲੀ ਆਵੇਗੀ। ਬਿਹਤਰ ਸਕੂਲ ਸਹੂਲਤਾਂ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਰ ਵੀ ਵਧਾਏਗੀ। ਇਸ ਤਰ੍ਹਾਂ 5.26 ਕਰੋੜ ਰੁਪਏ ਦੀ ਇਸ ਰਾਸ਼ੀ ਦੇ ਜਾਰੀ ਹੋਣ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋਣ ਦੀ ਉਮੀਦ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਹੋਣਗੇ।