ਲੋੜਵੰਦ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਈ ਰੱਖਣ ‘ਚ ਵਰਦਾਨ ਸਾਬਤ ਹੋ ਰਿਹਾ ਸਾਖੀ ਵਨ ਸਟਾਪ ਸੈਂਟਰ: ਕਰਮਜੀਤ ਕੌਰ
ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਸਾਖੀ ਵਨ ਸਟਾਪ ਸੈਂਟਰ ਦੇ ਬਾਰੇ ‘ਚ ਜਾਗਰੂਕਤਾ ਫੈਲਾਉਣ ਦੀ ਕੀਤੀ ਅਪੀਲ
ਕਿਹਾ, ਸੈਂਟਰ ਵੱਲੋਂ ਹੁਣ ਤੱਕ 910 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਪ੍ਰਦਾਨ ਕੀਤੀ ਜਾ ਚੁੱਕੀ ਹੈ ਸਹਾਇਤਾ
ਵਨ ਸਟਾਪ ਸੈਂਟਰ ਸਹਾਇਤਾ ਪ੍ਰਾਪਤ ਕਰਨ ਵਾਲੀਆਂ ਔਰਤਾਂ ਅਤੇ ਲੜਕੀਆਂ ਦੀ ਕੌਂਸਲਿੰਗ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਕਰਦਾ ਹੈ ਯਤਨ
ਹੁਸ਼ਿਆਰਪੁਰ, 5 ਸਤੰਬਰ:(TTT) ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਔਰਤਾਂ ਅਤੇ ਲੜਕੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚੋਂ ਸਾਖੀ ਵਨ ਸਟਾਪ ਸੈਂਟਰ ਇੱਕ ਬਿਹਤਰੀਨ ਸਕੀਮ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦਾ ਸਖੀ ਵਨ ਸਟਾਪ ਸੈਂਟਰ ਲੋੜਵੰਦ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਰਦਾਨ ਸਾਬਤ ਹੋ ਰਿਹਾ ਹੈ ਅਤੇ ਹੁਣ ਤੱਕ ਇਸ ਸੈਂਟਰ ਵਿਚ 910 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ, ਸਮਾਜਿਕ ਅਤੇ ਮਾਨਸਿਕ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ ਹਿੰਸਾ, ਸ਼ੋਸ਼ਣ ਜਾਂ ਕਿਸੇ ਹੋਰ ਸਮੱਸਿਆ ਤੋਂ ਪ੍ਰਭਾਵਿਤ ਔਰਤਾਂ ਨੂੰ ਇੱਕੋ ਛੱਤ ਹੇਠ ਏਕੀਕ੍ਰਿਤ ਸੇਵਾਵਾਂ ਪ੍ਰਦਾਨ ਕਰਦਾ ਹੈ। ਇਨ੍ਹਾਂ ਸੇਵਾਵਾਂ ਵਿਚ ਡਾਕਟਰੀ ਸਹਾਇਤਾ, ਪੁਲਿਸ ਸਹਾਇਤਾ, ਕਾਨੂੰਨੀ ਸਹਾਇਤਾ, ਮਨੋਵਿਗਿਆਨਕ ਸਲਾਹ ਅਤੇ ਅਸਥਾਈ ਸਹਾਇਤਾ ਸੇਵਾਵਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਖੀ ਵਨ ਸਟਾਪ ਸੈਂਟਰ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਲੋੜ ਹੈ। ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਉਦੇਸ਼ ਔਰਤ ਵਰਗ ਦੀ ਹਰ ਤਰ੍ਹਾਂ ਨਾਲ ਸੁਰੱਖਿਆ ਕਰਨਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਸਹਾਇਤਾ ਪ੍ਰਾਪਤ ਕਰਨ ਵਾਲੀਆਂ ਔਰਤਾਂ ਅਤੇ ਲੜਕੀਆਂ ਦੀ ਕਾਊਂਸਲਿੰਗ ਕਰਕੇ ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਉਪਰਾਲੇ ਕੀਤੇ ਜਾਂਦੇ ਹਨ ਅਤੇ ਲੋੜ ਪੈਣ ’ਤੇ ਉਨ੍ਹਾਂ ਨੂੰ 5 ਦਿਨਾਂ ਲਈ ਆਰਜ਼ੀ ਸ਼ਰਨ ਵੀ ਦਿੱਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ 29 ਨਵੰਬਰ 2018 ਨੂੰ ਸਾਖੀ ਵਨ ਸਟਾਪ ਸੈਂਟਰ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ ਹਸਪਤਾਲ ਦੇ ਅਹਾਤੇ ਵਿਚ ਵੱਖਰੀ ਇਮਾਰਤ ਵੀ ਤਿਆਰ ਕੀਤੀ ਗਈ ਹੈ। ਇਸ ਸੈਂਟਰ ਵਿਚ ਕੰਮ ਕਰਦੇ ਕਰਮਚਾਰੀ ਵੀ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਆਮ ਲੋਕਾਂ ਨੂੰ ਸਾਖੀ ਵਨ ਸਟਾਪ ਸੈਂਟਰ ਦੇ ਉਦੇਸ਼ ਅਤੇ ਇਸ ਸੈਂਟਰ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕਰਦੇ ਹਨ।
ਸਖੀ ਵਨ ਸਟਾਪ ਸੈਂਟਰ ਦੀ ਸੈਂਟਰ ਪ੍ਰਬੰਧਕ ਆਰਤੀ ਭੱਲਾ ਨੇ ਦੱਸਿਆ ਕਿ ਕੋਈ ਵੀ ਲੋੜਵੰਦ ਔਰਤ ਜਾਂ ਲੜਕੀ ਦਫ਼ਤਰ ਦੇ ਫੋਨ ਨੰਬਰ 01882-254112 ‘ਤੇ ਸੰਪਰਕ ਕਰਕੇ ਆਪਣੀ ਸਮੱਸਿਆ ਦੱਸ ਸਕਦੀ ਹੈ। ਇਸ ਤੋਂ ਇਲਾਵਾ ਹਿੰਸਾ ਤੋਂ ਪੀੜਤ ਔਰਤਾਂ ਜਾਂ ਲੜਕੀਆਂ ਤੁਰੰਤ ਮਦਦ ਲਈ ਹੈਲਪਲਾਈਨ ਨੰਬਰ 181 ਅਤੇ ਲੋੜ ਪੈਣ ‘ਤੇ ਐਮਰਜੈਂਸੀ ਨੰਬਰ 112 ‘ਤੇ ਸੰਪਰਕ ਕਰ ਸਕਦੀਆਂ ਹਨ।