ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸੰਭਾਲ ਕੀਤੀ ਜਾਵੇ-ਐਸ. ਡੀ. ਐਮ ਅਸ਼ੋਕ ਕੁਮਾਰ
-ਖੇਤੀਬਾੜੀ ਵਿਭਾਗ ਨੇ ਟਾਂਡਾ ਰਾਮ ਸਹਾਏ ਵਿਖੇ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਲਗਾਇਆ ਜਾਗਰੂਕਤਾ ਕੈਂਪ
ਮੁਕੇਰੀਆਂ/ਹੁਸ਼ਿਆਰਪੁਰ, 29 ਸਤੰਬਰ (ਬਜਰੰਗੀ ਪਾਂਡੇ ):
ਬਲਾਕ ਖੇਡੀਬਾੜੀ ਅਫ਼ਸਰ ਡਾ. ਵਿਨੈ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਖੇਤੀਬਾੜੀ ਵਿਭਾਗ, ਮੁਕੇਰੀਆਂ ਵੱਲੋਂ ਏ. ਡੀ. ਓ ਡਾ. ਗਗਨਦੀਪ ਸਿੰਘ ਦੀ ਅਗਵਾਈ ਵਿਚ ਟਾਂਡਾ ਰਾਮ ਸਹਾਏ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਐਸ. ਡੀ. ਐਮ ਮੁਕੇਰੀਆਂ ਅਸ਼ੋਕ ਕੁਮਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਸਾਨੂੰ ਹਰ ਉਪਰਾਲਾ ਕਰਨਾ ਚਾਹੀਦਾ ਹੈ, ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਸ਼ੁੱਧ ਪੌਣ-ਪਾਣੀ ਦਾ ਨਿੱਘ ਮਾਣ ਸਕਣ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਕਰ ਰਹੇ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਦਪਿੰਦਰ ਸਿੰਘ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਅ ਕਿ ਸਰਕਾਰ ਵੱਲੋਂ ਹਰ ਸਾਲ ਰਹਿੰਦ-ਖੂੰਹਦ ਦੀ ਸੰਭਾਲ ਵਾਸਤੇ ਮਸ਼ੀਨਰੀ ਸਬਸਿਡੀ ’ਤੇ ਦਿੱਤੀ ਜਾਂਦੀ ਹੈ ਅਤੇ ਕਿਸਾਨਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
ਏ. ਡੀ. ਓ ਡਾ. ਗਗਨਦੀਪ ਸਿੰਘ ਨੇ ਪਰਾਲੀ ਨੂੰ ਸਾਂਭਣ ਦੇ ਵੱਖ-ਵੱਖ ਤਰੀਕੇ ਦੱਸੇ। ਉਨ੍ਹਾਂ ਦੱਸਿਅ ਕਿ ਹਰ ਸਾਲ ਪਰਾਲੀ ਖਪਾਉਣ ਨਾਲ ਖੇਤਾਂ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ, ਜਿਸ ਨਾਲ ਫ਼ਸਲਾਂ ਦਾ ਵੱਧ ਝਾੜ ਪ੍ਰਾਪਤ ਹੁੰਦਾ ਹੈ। ਉਨ੍ਹਾਂ ਖਾਸ ਤੌਰ ’ਤੇ ਕਣਕ ਦੀ ਬਿਜਾਈ ਲਈ ਮਲਚਿੰਗ ਤਕਨੀਕ ਅਤੇ ਸਰਫੇਸ ਸੀਡਰ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕਣਕ, ਸਰੋ੍ਹਂ ਅਤੇ ਅੱਸੂ ਦੇ ਗੰਨੇ ਆਦਿ ਫ਼ਸਲਾਂ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ।
ਏ. ਡੀ. ਓ ਡਾ. ਕੰਵਲਦੀਪ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਖੇਤੀਬਾੜੀ ਦਫ਼ਤਰ ਮੁਕੇਰੀਆਂ ਵਿਖੇ ਵੀ ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਉਪਲਬੱਧ ਹੈ ਅਤੇ ਕਿਸਾਨ ਰਾਬਤਾ ਕਰਕੇ ਮਸ਼ੀਨਰੀ ਬੁੱਕ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਬੇਲਰ ਅਤੇ ਇੰਡਸਟਰੀ ਮਾਲਕਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਪਰਾਲੀ ਦੀ ਸੰਭਾਲ ਸਬੰਧੀ ਕਿਸਾਲਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਡਾ. ਕਿਰਨਜੀਤ ਸਿੰਘ, ਬਾਗਬਾਨੀ ਤੋਂ ਡਾ. ਲਖਬੀਰ ਸਿੰਘ, ਪਸ਼ੂ ਪਾਲਣ ਤੋਂ ਡਾ. ਰਸ਼ਪਾਲ ਸਿੰਘ, ਭੂਮੀ ਅਤੇ ਜਲ ਸੰਭਾਲ ਤੋਂ ਗੁਰਵਿੰਦਰ ਸਿੰਘ, ਜੰਗਲਾਤ ਤੋਂ ਜੇ. ਪੀ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਤੋਂ ਇਲਾਵਾ ਵਿਭਾਗ ਵੱਲੋਂ ਡਾ. ਹਰਪੀ੍ਰਤ ਸਿੰਘ, ਗੁਰਦਿੱਤ ਸਿੰਘ, ਮਨÇੰਦਰਪਾਲ ਸਿੰਘ, ਜਤਿੰਦਰ ਕੌਰ, ਲਸ਼ਮਣ ਸਿੰਘ, ਅਕਾਸ਼ਦੀਪ ਸਿੰਘ, ਸਨਰੌਕ ਸਿੰਘ, ਪਰਮਜੀਤ ਕੌਰ ਅਤੇ ਕਿਸਾਨ ਸਰਪੰਚ ਮੋਹਣ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਰਾਮ ਸਿੰਘ ਪਟਵਾਰੀ, ਸ਼ਿੰਗਾਰਾ ਸਿੰਘ, ਸਤਪਾਲ ਸਿੰਘ, ਮਹਿੰਦਰ ਸਿੰਘ, ਜਰਨੈਲ ਸਿੰਘ ਆਦਿ ਹਾਜ਼ਰ ਸਨ। ਅੰਤ ਵਿਚ ਸਰਪੰਚ ਮੋਹਣ ਸਿੰਘ ਦੀ ਅਗਵਾਈ ਵਿਚ ਪਿੰਡ ਵੱਲੋਂ ਆਏ ਹੋਏ ਅਧਿਕਾਰੀਆਂ ਦਾ ਸਨਮਾਨ ਕੀਤਾ ਗਿਆ ਅਤੇ ਜੰਗਲਾਤ ਵਿਭਾਗ ਵੱਲੋਂ ਮੁਫ਼ਤ ਬੂਟੇ ਵੰਡੇ ਗਏ।