
ਹੁਸ਼ਿਆਰਪੁਰ, 12 ਮਾਰਚ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿਚ ਚੱਲ ਰਹੇ ਅਤੇ ਸੰਭਾਵੀ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੇਂ-ਸਮੇਂ ‘ਤੇ ਸਮੀਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੇ ਪੈਨਲ ਦਾ ਗਠਨ ਕੀਤਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੇਂਦਰ ਅਤੇ ਰਾਜ ਸਰਕਾਰ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਕਈ ਆਉਣ ਵਾਲੇ ਸਮੇਂ ਵਿਚ ਸ਼ੁਰੂ ਹੋਣ ਵਾਲੇ ਹਨ ਜਿਨ੍ਹਾਂ ਦੀ ਪੈਰਵਾਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਣਾਏ ਪੈਨਲ ਵਲੋਂ ਕੀਤੀ ਜਾਵੇਗੀ ਤਾਂ ਜੋ ਬੁਨਿਆਦੀ ਢਾਂਚੇ ਨਾਲ ਸਬੰਧਤ ਇਹ ਪ੍ਰੋਜੇਕਟ ਸਮੇਂ ਸਿਰ ਸ਼ੁਰੂ ਕਰਕੇ ਤੈਅ ਸਮੇਂ ਵਿਚ ਮੁਕੰਮਲ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਵਿਚ ਮੁੱਖ ਤੌਰ ‘ਤੇ ਕੇਂਦਰ ਦੇ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰਾਲੇ, ਰੇਲਵੇ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਵਿਕਾਸ ਕਾਰਜ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਮਾਂ ਦੀ ਸਮੀਖਿਆ ਲਈ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਪੈਨਲ ਬਣਾਇਆ ਗਿਆ ਹੈ ਜਿਸ ਵਿਚ ਸਬੰਧਤ ਐਸ.ਡੀ.ਐਮਜ਼, ਨਗਰ ਨਿਗਮ ਦੇ ਕਮਿਸ਼ਨਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਆਪੋ-ਆਪਣੇ ਖੇਤਰਾਂ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਪੈਰਵਾਈ ਨੂੰ ਯਕੀਨੀ ਬਣਾਉਣਗੇ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਸੁਚਾਰੂ ਟਰੈਫਿਕ ਵਿਵਸਥਾ ਪ੍ਰਸ਼ਾਸਨ ਦੀ ਮੁੱਖ ਤਰਜ਼ੀਹ ਹੈ ਅਤੇ ਪੈਨਲ ਵੱਖ-ਵੱਖ ਵਿਭਾਗਾਂ ਰਾਬਤਾ ਕਰਕੇ ਸੁਚੱਜੀ ਆਵਾਜਾਈ ਦੇ ਖਾਕੇ ਨੂੰ ਅੰਤਿਮ ਰੂਪ ਦੇਵੇਗਾ। ਉਨ੍ਹਾਂ ਕਿਹਾ ਕਿ ਪੈਨਲ ਵਲੋਂ ਤਲਵਾੜਾ-ਮੁਕੇਰੀਆਂ ਰੇਲਵੇ ਲਾਈਨ ਪ੍ਰੋਜੈਕਟ ਅਤੇ ਜ਼ਿਲ੍ਹੇ ਵਿਚ ਰੇਲਵੇ ਫਾਟਕਾਂ ਤੋਂ ਆਸਾਨੀ ਨਾਲ ਆਵਾਜਾਈ ਦੀ ਰੂਪ-ਰੇਖਾ ਨੂੰ ਤਿਆਰ ਕਰਕੇ ਅਗਲੇਰੀ ਕਾਰਵਾਈ ਕਰੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਸ਼ਿਆਰਪੁਰ-ਗੜ੍ਹਸ਼ੰਕਰ ਸੜਕ ਨੂੰ ਮੌਜੂਦਾ ਸਮੇਂ ਦੀ ਮੰਗ ਅਨੁਸਾਰ ਚੌੜਾ ਕਰਨ ਦਾ ਮਾਮਲਾ ਵੀ ਪੰਜਾਬ ਸਰਕਾਰ ਕੋਲ ਰੱਖਿਆ ਗਿਆ ਹੈ ਤਾਂ ਜੋ ਇਸ ਪ੍ਰੋਜੇਕਟ ਨੂੰ ਵੀ ਜਲਦ ਤੋਂ ਜਲਦ ਸ਼ੁਰੂ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਟਾਂਡਾ ਖੇਤਰ, ਹੁਸ਼ਿਆਰਪੁਰ-ਗੜ੍ਹਸ਼ੰਕਰ ਰੋਡ, ਹੁਸ਼ਿਆਰਪੁਰ-ਊਨਾ ਰੋਡ ਆਦਿ ਵਿਖੇ ਵੀ ਸੜਕੀ ਨੈਟਵਰਕ ਨਾਲ ਸਬੰਧਤ ਬੁਨਿਆਦੀ ਢਾਂਚੇ ਲਈ ਵੱਖ-ਵੱਖ ਕਾਰਜਾਂ ਬਾਰੇ ਲੋੜੀਂਦੀ ਕਾਰਵਾਈ ਪ੍ਰਗਤੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਗਠਿਤ ਪੈਨਲ ਵਲੋਂ ਇਨ੍ਹਾਂ ਕੰਮਾਂ ਲਈ ਸਮੇਂ-ਸਮੇਂ ‘ਤੇ ਲੋੜੀਂਦੀ ਪ੍ਰਕਿਰਿਆ ਦੀ ਨਜ਼ਰਸਾਨੀ ਨੂੰ ਯਕੀਨੀ ਬਣਾਇਆ ਜਾਵੇਗਾ।
