ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟ ਰਜਿਸਟਰੇਸ਼ਨ ਦੀ ਆਖਰੀ ਮਿਤੀ 15 ਦਸੰਬਰ
ਹੁਸ਼ਿਆਰਪੁਰ, 13 ਦਸੰਬਰ ( GBC UPDATE ): ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 15 ਦਸੰਬਰ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਡਿਊਲ ਅਨੁਸਾਰ 16 ਦਸੰਬਰ 2024 ਤੋਂ 2 ਜਨਵਰੀ 2025 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿੰਟਿੰਗ ਹੋਵੇਗੀ। ਇਸ ਤੋਂ ਬਾਅਦ 3 ਜਨਵਰੀ 2025 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 24 ਜਨਵਰੀ 2025 ਹੋਵੇਗੀ। ਉਨ੍ਹਾਂ ਕਿਹਾ ਕਿ 5 ਫਰਵਰੀ 2025 ਤੱਕ ਦਾਅਵੇ ਅਤੇ ਇਤਰਾਜ਼ਾਂ ਨੂੰ ਸਿੱਖ ਗੁਰਦੁਆਰਾ ਬੋਰਡ ਚੋਣਾਂ 1959 ਦੇ ਰੂਲ ਨੰਬਰ 10 (3) ਅਨੁਸਾਰ ਕੀਤਾ ਜਾਵੇਗਾ। ਇਸ ਤੋਂ ਬਾਅਦ 24 ਫਰਵਰੀ 2025 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਛਪਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ 25 ਫਰਵਰੀ 2025 ਨੂੰ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੀਆਂ ਚੋਣ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।