
ਹੁਸ਼ਿਆਰਪੁਰ, 20 ਮਾਰਚ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ’ਚ ਸ਼ੁਰੂ ਕੀਤੀ ਦਾਖਲਾ ਮੁਹਿੰਮ ਦੀ ਅੱਜ ਇਥੇ ਸਰਕਾਰੀ ਐਲੀਮੈਂਟਰੀ ਸਕੂਲ, ਬਾਗਪੁਰ ਤੋਂ ਸ਼ੁਰੂਆਤ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਰਾਜ ਅੰਦਰ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਅਤੇ ਸਿਹਤ ਕ੍ਰਾਂਤੀ ਲਿਆਂਦੀ ਹੈ ਜਿਸ ਤਹਿਤ ਵਿਦਿਅਕ ਅਤੇ ਸਿਹਤ ਸੰਸਥਾਵਾਂ ਵਿਚ ਵੱਡੇ ਪੱਧਰ ’ਤੇ ਵਿਕਾਸ ਹੋਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਲਈ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਸਰਕਾਰ ਵਲੋਂ 40 ਕਰੋੜ ਰੁਪਏ ਤੋਂ ਵੱਧ ਦੇ ਫੰਡ ਮੁਹੱਈਆ ਕਰਵਾਏ ਗਏ ਹਨ ਜਿਸ ਨਾਲ ਆਉਂਦੇ ਸਮੇਂ ਵਿਚ ਸਕੂਲਾਂ ਦਾ ਹਰ ਪੱਖੋਂ ਵਿਕਾਸ ਨਜ਼ਰ ਆਵੇਗਾ। ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਪੜ੍ਹਾਉਣ ਦਾ ਸੱਦਾ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਮੌਜੂਦਾ ਸਮੇਂ ਦੇ ਹਾਣੀ ਬਣਾਇਆ ਗਿਆ ਹੈ ਅਤੇ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੀ ਸਥਾਪਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦਾਖਲਾ ਮੁਹਿੰਮ ਦਾ ਮਕਸਦ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਹਰ ਤਰ੍ਹਾਂ ਦੀਆਂ ਸਹੂਲਤਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਨੂੰ ਇਨ੍ਹਾਂ ਸਕੂਲਾਂ ਵਿਚ ਦਾਖਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸਦਕਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿੰਘਾਪੁਰ ਅਤੇ ਫਿਨਲੈਂਡ ਵਰਗੇ ਮੁਲਕਾਂ ਵਿਚ ਟਰੇਨਿੰਗ ਦੁਆਈ ਗਈ ਹੈ ਜੋ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਰਹੇਗੀ।

ਦਾਖਲਾ ਮੁਹਿੰਮ ਤਹਿਤ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿਚ ਅੱਜ ਸ਼ੁਰੂ ਹੋਈ ਦਾਖਲਾ ਮੁਹਿੰਮ ਤਹਿਤ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਆਪੋ-ਆਪਣੇ ਖੇਤਰਾਂ ਵਿਚ ਦਾਖਲਿਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਕੂਲਾਂ ਦੀ ਕਾਇਆਕਲਪ ਲਈ ਜਾਰੀ ਹੋਏ 40 ਕਰੋੜ ਰੁਪਏ ਤੋਂ ਵੱਧ ਦੇ ਫੰਡਜ਼ ਵਿਚ ਸਕੂਲਾਂ ਦੀਆਂ ਚਾਰਦੀਵਾਰੀਆਂ ਬਣਾਉਣ, ਰਿਪੇਅਰ, ਕਲਾਸ ਰੂਮਾਂ ਦੀ ਉਸਾਰੀ, ਸਕੂਲ ਆਫ਼ ਹੈਪੀਨੈਸ, ਸਕੂਲ ਆਫ਼ ਐਮੀਨੈਸ ਅਤੇ ਬਾਕੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨਾ ਸ਼ਾਮਲ ਹੈ। ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਲਲਿਤਾ ਅਰੋੜਾ, ਡਿਪਟੀ ਡੀ.ਈ.ਓ਼ਜ਼ ਧੀਰਜ ਵਸ਼ਿਸ਼ਟ ਤੇ ਸੁਖਵਿੰਦਰ ਸਿੰਘ, ਪਿੰਡ ਬਾਗਪੁਰ ਦੀ ਸਰਪੰਚ ਗੁਰਪ੍ਰੀਤ ਕੌਰ, ਸਾਬਕਾ ਸਰਪੰਚ ਗੁਰਮੀਤ ਸਿੰਘ ਅਤੇ ਸਕੂਲ ਸਟਾਫ਼ ਸਮੇਤ ਸਕੂਲ ਵਲੋਂ ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਵੰਡ ਦੀ ਵੀ ਸ਼ੁਰੂਆਤ ਕੀਤੀ। ਸਰਕਾਰੀ ਕਾਲਜ ਹੁਸ਼ਿਆਰਪੁਰ ਅਤੇ ਸਰਕਾਰੀ ਸਕੂਲ ਬਾਗਪੁਰ ਦੇ ਵਿਦਿਆਰਥੀਆਂ ਵਲੋਂ ਦਾਖਲਾ ਮੁਹਿੰਮ ਨਾਲ ਸਬੰਧਤ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਕੈਬਨਿਟ ਮੰਤਰੀ ਵਲੋਂ ਮੌਜੂਦ ਸ਼ਖਸੀਅਤਾਂ ਅਤੇ ਅਧਿਕਾਰੀਆਂ ਦਾ ਸਨਮਾਨ ਵੀ ਕੀਤਾ ਗਿਆ।