News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਝੋਨੇ ’ਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ

ਝੋਨੇ ’ਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ

ਹੁਸ਼ਿਆਰਪੁਰ, 5 ਅਗਸਤ:(TTT) ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਝੋਨੇ ਵਿੱਚੋਂ ਕੁਝ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਬੂਟਿਆਂ ਦੇ ਮਧਰੇਪਣ ਦੇ ਕਈ ਕਾਰਨ ਹੋ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਇਸ ਬਾਰੇ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਇਸ ਦੀ ਛਾਣਬੀਣ ਕਰ ਰਹੇ ਹਨ। ਇਸ ਦੌਰਾਨ ਕਈ ਥਾਂਵਾਂ ’ਤੇ ਜ਼ਿੰਕ ਦੀ ਘਾਟ ਦੇਖਣ ਨੂੰ ਮਿਲੀ ਹੈ, ਜੋ ਕਿ ਮਧਰੇਪਣ ਦਾ ਇਕ ਕਾਰਨ ਹੋ ਸਕਦਾ ਹੈ। ਇਸ ਤੋਂ ਇਲਾਵਾ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦੇ ਇੱਕ ਨਵੇਂ ਵਿਸ਼ਾਣੂ ਰੋਗ ਕਰਕੇ ਵੀ ਹੋ ਸਕਦਾ ਹੈ, ਜੋ ਭਾਰਤ ਵਿਚ ਪਹਿਲੀ ਵਾਰ 2022 ਵਿਚ ਵੇਖਿਆ ਗਿਆ ਸੀ। ਇਹ ਵਿਸ਼ਾਣੂ ਰੋਗ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲ਼ਦਾ ਹੈ ਅਤੇ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉਤੇ ਹਮਲਾ ਕਰ ਸਕਦਾ ਹੈ। ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਨ੍ਹਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ। ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇੱਕ–ਤਿਹਾਈ ਰਹਿ ਜਾਂਦੀ ਹੈ। ਰੋਗ ਦੇ ਜ਼ਿਆਦਾ ਹਮਲੇ ਕਾਰਨ ਕਈ ਵਾਰ ਬੂਟੇ ਮੁਰਝਾ ਕੇ ਸੁੱਕ ਵੀ ਜਾਂਦੇ ਹਨ। ਇਸ ਸਾਲ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਜਿਵੇਂ ਕਿ ਰੂਪਨਗਰ, ਸਾਹਿਬਜਾਦਾ ਅਜੀਤ ਸਿੰਘ ਨਗਰ, ਪਟਿਆਲ਼ਾ, ਫਤਿਹਗੜ ਸਾਹਿਬ ਦੇ ਨਾਲ਼ ਲਗਦੇ ਇਲਾਕਿਆਂ ਵਿਚੋਂ ਝੋਨੇ ਦੇ ਕਈ ਸੈਂਪਲਾਂ ਵਿਚੋਂ ਕੁਝ ਕੁ ਵਿਚ ਇਹ ਰੋਗ ਵਾਲ਼ਾ ਵਾਇਰਸ ਪਾਇਆ ਗਿਆ ਹੈ। ਡਾ. ਪ੍ਰਭਜੋਧ ਸਿੰਘ ਸੰਧੂ, ਮੁਖੀ, ਪੌਦਾ ਰੋਗ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਦੱਸਿਆ ਕਿ ਹਾਲਾਂਕਿ ਹਾਲੇ ਤੱਕ ਇਹ ਰੋਗ ਸਿਰਫ ਕੂਝ ਕੁ ਖੇਤਾਂ ਵਿਚ ਹੀ ਵੇਖਿਆ ਗਿਆ ਹੈ। ਇਹ ਰੋਗ ਰੋਗੀ ਬੂਟਿਆਂ ਤੋਂ ਤੰਦਰੁਸਤ ਬੂਟਿਆਂ ਉੱਪਰ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫ਼ੈਲਦਾ ਹੈ। ਇਸ ਕੀੜੇ ਦੀ ਖੇਤ ਵਿਚ ਮੌਜੂਦਗੀ ਬਾਰੇ ਸੁਚੇਤ ਰਹਿਣ ਦੀ ਲੋੜ ਹੈ, ਤਾਂ ਜੋ ਇਹ ਬਿਮਾਰੀ ਨੂੰ ਅੱਗੇ ਨਾ ਫੈਲਾਅ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਕਈ ਥਾਵਾਂ ’ਤੇ ਜ਼ਿੰਕ ਦੀ ਘਾਟ ਹੈ ਉਥੇ ਇਸ ਤੱਤ ਦੀ ਪੂਰਤੀ ਕੀਤੀ ਜਾਵੇ। ਕਿਸਾਨ ਮਧਰੇਪਣ ਵਾਲ਼ੀ ਸੰਭਾਵਿਤ ਬਿਮਾਰੀ ਬਾਰੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਂਦਰ, ਫਾਰਮ ਸਲਾਹਕਾਰ ਸੇਵਾ ਕੇਂਦਰ ਜਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਸੂਚਿਤ ਕਰ ਸਕਦੇ ਹਨ। ਬਿਮਾਰੀ ਵਾਲੇ ਬੂਟਿਆਂ ਨੂੰ ਪੁੱਟ ਕੇ ਖੇਤ ਵਿਚ ਡੂੰਘਾ ਦੱਬ ਦੇਣਾ ਚਾਹੀਦਾ ਹੈ। ਪ੍ਰਮੁੱਖ ਕੀਟ ਵਿਗੀਆਨੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਡਾ. ਕਮਲਜੀਤ ਸਿੰਘ ਸੂਰੀ ਨੇ ਜਾਣਕਾਰੀ ਦਿੱਤੀ ਕਿ ਖੇਤ ਵਿਚ ਇਸ ਰੋਗ ਨੂੰ ਫੈਲਾਉਣ ਵਾਲੇ ਕੀੜੇ (ਚਿੱਟੀ ਪਿੱਠ ਵਾਲੇ ਟਿੱਡੇ) ਦੀ ਸੁਚੱਜੀ ਰੋਕਥਾਮ ਲਈ ਝੋਨੇ ਦੀ ਫਸਲ ਦਾ ਸਮੇਂ-ਸਮੇਂ ਸਿਰ ਨਿਰੀਖਣ ਕਰਦੇ ਰਹੋ। ਟਿੱਡੇ ਦੀ ਆਮਦ ਵੇਖਣ ਲਈ ਰਾਤ ਨੂੰ ਖੇਤ ਨੇੜ੍ਹੇ ਬਲਬ ਜਗਾ ਕੇ ਰੱਖੋ। ਜੇਕਰ ਟਿੱਡੇ ਦੀ ਆਮਦ ਨਜ਼ਰ ਆਉਂਦੀ ਹੈ, ਤਾਂ ਕਿਸੇ ਵੀ ਕੀਟਨਾਸ਼ਕ ਜਿਵੇਂ ਕਿ 94 ਮਿ.ਲਿ. ਪੈਕਸਾਲੋਨ 10 ਐਸ ਸੀ ਜਾਂ 60 ਗ੍ਰਾਮ ਉਲਾਲਾ 50 ਡਬਲਯੂ ਜੀ ਜਾਂ 80 ਗ੍ਰਾਮ ਓਸ਼ੀਨ/ਟੋਕਨ/ਡੋਮਿਨੇਂਟ 20 ਐਸ ਜੀ ਜਾਂ 120 ਗ੍ਰਾਮ ਚੈੱਸ 50 ਡਬਲਯੂ ਜੀ ਜਾਂ 400 ਮਿ.ਲਿ. ਆਰਕੈਸਟਰਾ 10 ਐਸ ਸੀ ਜਾਂ 300 ਮਿ.ਲਿ. ਇਮੇਜਿਨ 10 ਐਸ ਸੀ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ਼ 100 ਲਿਟਰ ਪਾਣੀ ਵਿੱਚ ਘੋਲ ਕੇ ਬੂਟਿਆਂ ਦੇ ਮੁੱਢਾਂ ਤੇ ਛਿੜਕਾਅ ਕਰੋ । ਸੁਚੱਜੀ ਰੋਕਥਾਮ ਵਾਸਤੇ ਪਿੱਠੂ ਪੰਪ ਅਤੇ ਗੋਲ ਨੋਜ਼ਲ ਦਾ ਇਸਤੇਮਾਲ ਕਰੋ।ਕੀਟਨਾਸ਼ਕਾਂ ਦਾ ਸਪਰੇਅ ਸਿਰਫ ਲੋੜ ਮੁਤਾਬਿਕ ਹੀ ਕਰਨਾ ਚਾਹੀਦਾ ਹੈ।