
ਹੁਸ਼ਿਆਰਪੁਰ, 20 ਮਾਰਚ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸ਼ੇਰਗੜ੍ਹ ਅਤੇ ਸਰਕਾਰੀ ਐਲੀਮੈਂਟਰੀ ਸਮਾਰਟ ਅਸਲਾਮਾਬਾਦ ਵਿਖੇ ਸਿੱਖਿਆ ਵਿਭਾਗ ਦੀ ਸਰਕਾਰੀ ਸਕੂਲਾਂ ਵਿਚ ਦਾਖਲਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵੱਲ ਵਿਸ਼ੇਸ਼ ਤਵੱਜੋਂ ਦੇ ਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਅਨੇਕਾਂ ਅਹਿਮ ਫੈਸਲੇ ਲਏ ਗਏ ਹਨ। ਦੋਵਾਂ ਸਕੂਲਾਂ ਦੇ ਅਧਿਆਪਕਾਂ ਅਤੇ ਇਲਾਕੇ ਦੇ ਪਤਵੰਤਿਆਂ ਸਮੇਤ ਦਾਖਲਾ ਮੁਹਿੰਮ ਦੀ ਸ਼ੁਰੂਆਤ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਹਰ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ ਜਿਨ੍ਹਾਂ ਵਿਚ ਮੁਫ਼ਤ ਕਿਤਾਬਾਂ, ਮੁਫਤ ਵਰਦੀਆਂ, ਮਿਡ-ਡੇ-ਮੀਲ, ਵਿਦਿਅਕ ਟੂਰ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੇ 6 ਬੈਚ ਸਿੰਘਾਪੁਰ ਅਤੇ ਫਿਨਲੈਂਡ ਵਿਖੇ ਟਰੇਨਿੰਗ ਹਾਸਲ ਕਰ ਚੁੱਕੇ ਹਨ ਜੋ ਕਿ ਸੂਬਾ ਸਰਕਾਰ ਦਾ ਇਤਿਹਾਸਕ ਫੈਸਲਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ 72 ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਨੂੰ 10 ਦਿਨ ਦੀ ਟਰੇਨਿੰਗ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਵਿਖੇ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਟਰੇਨਿੰਗ ਸੈਸ਼ਨ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਵੀ ਸੁਨਹਿਰਾ ਬਣਾਉਣ ਵਿਚ ਸਹਾਈ ਹੋਣਗੇ।
ਸਰਕਾਰੀ ਸਕੂਲਾਂ ਵਿਚ ਸਹੂਲਤਾਂ ਦੀ ਗੱਲ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ਮੌਜੂਦਾ ਸਮੇਂ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਅਤੇ ਸਿੱਖਿਆ ਦਾ ਪੱਧਰ ਬਾਕਮਾਲ ਹੈ ਜਿਸ ਲਈ ਲੋਕਾਂ ਨੂੰ ਆਪਣੇ ਬੱਚੇ ਇਨ੍ਹਾਂ ਸਕੂਲਾਂ ਵਿਚ ਪੜ੍ਹਾਉਣੇ ਚਾਹੀਦੇ ਹਨ ਜਿਥੇ ਲਗਭਗ ਸਾਰੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਸੁਰੱਖਿਆ ਅਤੇ ਸਫ਼ਾਈ ਪ੍ਰਬੰਧਾਂ ਲਈ 145.75 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਸਕੂਲਾਂ ਵਿਚ 1900 ਤੋਂ ਵੱਧ ਕੈਂਪਸ ਮੈਨੇਜਰਾਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 118 ਸਕੂਲਾਂ ਨੂੰ ਸਕੂਲ ਆਫ਼ ਐਮੀਨੈਸ ਵਿਚ ਤਬਦੀਲ ਕੀਤਾ ਗਿਆ ਹੈ ਅਤੇ 2024-25 ਦੌਰਾਨ ਇਨ੍ਹਾਂ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ 143 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸ਼ੇਰਗੜ੍ਹ ਵਿਖੇ ਵਿਧਾਇਕ ਜਿੰਪਾ ਨੇ ਝੰਡੀ ਦੇ ਕੇ ਜਾਗਰੂਕਤਾ ਗੱਡੀ ਨੂੰ ਰਵਾਨਾ ਕੀਤਾ। ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਅਸਲਾਮਾਬਾਦ ਵਿਖੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਦੇ ਵਿਕਾਸ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦੇਵੇਗੀ। ਇਸ ਮੌਕੇ ਉਨ੍ਹਾਂ ਨਾਲ ਸਕੂਲ ਪ੍ਰਿੰਸੀਪਲਾਂ, ਸਟਾਫ਼ ਅਤੇ ਮੇਅਰ ਸੁਰਿੰਦਰ ਕੁਮਾਰ, ਗਊ ਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਚੇਚੀ, ਸੰਦੀਪ ਚੇਚੀ, ਮਨੋਜ ਦੱਤਾ, ਪ੍ਰੋ: ਬਹਾਦਰ ਸਿੰਘ ਸਨੇਤ, ਪੰਚ ਰਜਿੰਦਰ ਸ਼ੇਰਗੜ੍ਹ, ਜਗਤਾਰ ਸਿੰਘ, ਮੁਖੀ ਰਾਮ ਆਦਿ ਮੌਜੂਦ ਸਨ।
