ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ 03 ਮਾਰਚ ਨੂੰ ਨਿੱਕੜਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾ
ਹੁਸ਼ਿਆਰਪੁਰ 01 ਮਾਰਚ 2024 (ਬਜਰੰਗੀ ਪਾਂਡੇ): ਰਾਸ਼ਟਰੀ ਪਲਸ ਪੋਲੀਓ ਮੁਹਿੰਮ 2024 ਦੇ ਪ੍ਰਚਾਰ ਪ੍ਰਸਾਰ ਲਈ ਸ਼ਹਿਰ ਹੁਸ਼ਿਆਰਪੁਰ ਵਿੱਚ ਈ-ਰਿਕਸ਼ਾ ਰੈਲੀ ਨੂੰ ਦਫਤਰ ਸਿਵਲ ਸਰਜਨ ਤੋਂ ਸਿਵਲ ਸਰਜਨ ਡਾ ਬਲਵਿੰਦਰ ਕੁਮਾਰ ਡਮਾਣਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜਿਲ੍ਹਾ ਟੀਕਾਕਰਨ ਅਫਸਰ ਡਾ ਸੀਮਾ ਗਰਗ ਦੀ ਅਗਵਾਈ ਹੇਠ ਕਰਵਾਈ ਗਈ ਇਸ ਰੈਲੀ ਵਿੱਚ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਅਨੀਤਾ ਕਟਾਰੀਆ, ਜਿਲ੍ਹਾ ਐਪੀਡਿਮੋਲੇਜਿਸਟ ਡਾ.ਜਗਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਡਾ. ਤ੍ਰਿਪਤਾ ਦੇਵੀ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਜਿਲ੍ਹਾ ਪ੍ਰੋਗਰਾਮ ਮੈਨੇਜਰ ਮੁਹੰਮਦ ਆਸਿਫ, ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਅਮਨਦੀਪ ਸਿੰਘ, ਲਾਇੰਜ ਕਲੱਬ ਤੋਂ ਵਿਜੈ ਅਰੋੜਾ, ਆਸ਼ਾ ਵਰਕਰਾਂ ਅਤੇ ਦਫਤਰ ਦੇ ਹੋਰ ਸਟਾਫ ਮੈਂਬਰ ਸ਼ਾਮਿਲ ਹੋਏ।
ਮੁਹਿੰਮ ਬਾਰੇ ਜਾਣਕਾਰੀ ਸਾਂਝੀ ਕਰਦੇ ਸਿਵਲ ਸਰਜਨ ਡਾ ਬਲਵਿੰਦਰ ਕੁਮਾਰ ਡਮਾਣਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ 03 ਤੋਂ 05 ਮਾਰਚ 2024 ਤਕ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 05 ਸਾਲ ਤਕ ਦੇ 133749 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ। ਇਹ ਟੀਚਾ ਹਾਸਲ ਕਰਨ ਲਈ 797 ਬੂਥ ਸਥਾਪਿਤ ਕਰਨ ਦੇ ਨਾਲ-ਨਾਲ 24 ਟ੍ਰਾਂਜਿਟ ਟੀਮਾਂ ਤੇ 21 ਮੋਬਾਈਲ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ। ਇਸ ਮੁਹਿੰਮ ਦੌਰਾਨ ਪਹਿਲੇ ਦਿਨ 797 ਬੂਥਾਂ ‘ਤੇ ਪੋਲੀਓ ਰੋਕੂ ਬੂੰਦਾਂ ਪਿਆਈਆਂ ਜਾਣਗੀਆਂ, ਜਦਕਿ ਪਹਿਲੇ ਦਿਨ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ 4 ਤੇ 05 ਮਾਰਚ ਨੂੰ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਉਣ ਲਈ 1594 ਟੀਮਾ ਤਾਇਨਾਤ ਰਹਿਣਗੀਆਂ, ਵਧੇਰੇ ਜਾਣਕਾਰੀ ਜਾਣਕਾਰੀ ਦਿੰਦੇ ਹੋਏ ਡਾ.ਸੀਮਾ ਗਰਗ ਨੇ ਦੱਸਿਆ ਕਿ ਇਸ ਮੁਹਿੰਮ ਦੀ ਨਿਗਰਾਨੀ ਲਈ ਕੁੱਲ 177 ਨਿਗਰਾਨ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਤਿੰਨ ਦਿਨਾਂ ਮੁਹਿੰਮ ਦੌਰਾਨ 357931 ਘਰਾਂ, 106 ਇੱਟਾਂ ਦੇ ਭੱਠਿਆਂ ਅਤੇ 286 ਉੱਚ ਜ਼ਖ਼ਮ (ਹਾਈ ਰਿਸਕ) ਵਾਲੇ ਖੇਤਰਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੋਬਾਈਲ ਟੀਮਾਂ ਅਰਧ-ਸ਼ਹਿਰੀ ਖੇਤਰਾਂ, ਝੁੱਗੀਆਂ-ਝੌਂਪੜੀਆਂ, ਛੋਟੇ-ਵੱਡੇ ਕਾਰਖਾਨਿਆਂ ਦੇ ਆਲੇ-ਦੁਆਲੇ ਰਹਿਣ ਵਾਲੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਗੀਆਂ ਅਤੇ ਟਰਾਂਜਿਟ ਟੀਮਾ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ‘ਤੇ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ। ਡਾ ਸੀਮਾ ਗਰਗ ਨੇ ਸਾਰੇ ਸਹਿਯੋਗੀ ਵਿਭਾਗਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ 0 ਤੋਂ 05 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 03 ਮਾਰਚ ਤੋਂ 5 ਮਾਰਚ, 2024 ਤੱਕ ਚੱਲਣ ਵਾਲੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇ ਕਿਉਂਕਿ ਇਹ ਰਾਸ਼ਟਰੀ ਪਲਸ ਪੋਲੀਓ ਰਾਊਂਡ ਬਹੁਤ ਮਹੱਤਵਪੂਰਨ ਹੈ।