ਸਵੀਪ ਗਤੀਵਿਧੀਆਂ ਤਹਿਤ ਇਲੈਕਟੋਰਲ ਲਿਟਰੇਸੀ ਕਲੱਬ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਸਹਿਯੋਗ ਨਾਲ ਕੀਤਾ ਬਿਹਤਰੀਨ ਉਪਰਾਲਾ
(TTT)ਹੁਸ਼ਿਆਰਪੁਰ, 22 ਮਈ ( GBC UPDATE ): ਜ਼ਿਲ੍ਹੇ ਵਿਚ ਵੋਟਿੰਗ ਪ੍ਰਤੀਸ਼ਤਤਾ ਨੂੰ ਵਧਾਉਣ ਲਈ ਸਵੀਪ ਗਤੀਵਿਧੀਆਂ ਤਹਿਤ ਇਲੈਕਟੋਰਲ ਲਿਟਰੇਸੀ ਕਲੱਬ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਸਹਿਯੋਗ ਨਾਲ ਵੋਟਰ ਸੰਕਲਪ ਹਸਤਾਖ਼ਰ ਮੁਹਿੰਮ ਚਲਾਈ ਹੈ। ਮਹਿਜ਼ ਇਕ ਹਫ਼ਤੇ ਵਿਚ ਹੀ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 563 ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੇ 20 ਮਈ ਤੱਕ ਆਪਣੇ ਮਾਪਿਆਂ ਅਤੇ ਆਪਣੇ ਮੁਹੱਲੇ ਤੇ ਪਿੰਡ ਦੇ ਯੋਗ ਵੋਟਰਾਂ ਤੋਂ ਵੋਟਰ ਸੰਕਲਪ ਪੱਤਰ ’ਤੇ 1,64,000 ਤੋਂ ਵੱਧ ਹਸਤਾਖ਼ਰ ਕਰਵਾਏ ਹਨ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਵੋਟਰ ਜਾਗਰੂਕਤਾ ਸਬੰਧੀ ਸਕੂਲ ਸਿੱਖਿਆ ਵਿਭਾਗ ਰਾਹੀਂ ਇਲੈਕਟੋਰਲ ਲਿਟਰੇਸੀ ਕਲੱਬ ਨੇ ਬਹੁਤ ਹੀ ਬਿਹਤਰੀਨ ਕਾਰਜ ਕੀਤਾ ਹੈ ਜੋ ਕਿ ਵੋਟਰ ਜਾਗਰੂਕਤਾ ਵਿਚ ਸਕਾਰਾਤਮਕ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਜਦ ਬੱਚੇ ਆਪਣੇ ਮਾਪਿਆਂ ਅਤੇ ਵੱਡਿਆਂ ਨੂੰ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਯਾਦ ਦਿਵਾਉਂਦੇ ਹਨ, ਤਾਂ ਉਸ ਦੇ ਚੰਗੇ ਨਤੀਜੇ ਦੇਖਣ ਨੂੰ ਮਿਲਦੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿਚ 1601826 ਵੋਟਰ ਹਨ ਅਤੇ ਕਰੀਬ 10 ਫੀਸਦੀ ਵੋਟਰਾਂ ਨੇ ਇਸ ਸੰਕਲਪ ਪੱਤਰ ’ਤੇ ਹਸਤਾਖ਼ਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਬਿਹਤਰੀਨ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 1 ਜੂਨ ਨੂੰ ਬਿਨਾਂ ਕਿਸੇ ਡਰ ਤੇ ਭੈਅ ਦੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਵੋਟਾਂ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਵੋਟਰਾਂ ਦੀ ਸੁਵਿਧਾ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।
ਇਲੈਕਟੋਰਲ ਲਿਟਰੇਸੀ ਕਲੱਬ ਦੇ ਜ਼ਿਲ੍ਹਾ ਨੋਡਲ ਅਫ਼ਸਰ ਸ਼ੈਲੇਂਦਰ ਠਾਕੁਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ 563 ਅੱਪਰ-ਪ੍ਰਾਇਮਰੀ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਇਲੈਕਟੋਰਲ ਲਿਟਰੇਸੀ ਕਲੱਬ ਬਣੇ ਹਨ, ਜਿਸ ਵਿਚ ਜਮਾਤ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਮੈਂਬਰ ਬਣਾਇਆ ਗਿਆ ਹੈ ਅਤੇ ਵੋਟਰ ਜਾਰਗੂਕਤਾ ਸਬੰਧੀ ਕਲੱਬਾਂ ਵਲੋਂ ਚੋਣਾਂ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਲੜੀ ਵਿਚ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਦੇ ਸਹਿਯੋਗ ਨਾਲ ਵੋਟਰ ਸੰਕਲਪ ਹਸਤਾਖ਼ਰ ਮੁਹਿੰਮ ਚਲਾਈ ਗਈ ਹੈ, ਜਿਸ ਵਿਚ ਵਿਦਿਆਰਥੀਆਂ ਨੇ ਨਾ ਸਿਰਫ ਆਪਣੇ ਮਾਪਿਆਂ ਬਲਕਿ ਆਸਪਾਸ ਦੇ ਇਲਾਕਿਆਂ ਵਿਚ ਜਾ ਕੇ ਵੋਟਰ ਸੰਕਲਪ ਪੱਤਰ ’ਤੇ ਵੋਟਰਾਂ ਦੇ ਹਸਤਾਖ਼ਰ ਕਰਵਾ ਕੇ ਉਨ੍ਹਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਹੈ।
ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਿੰਦਰਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਕਮਲਦੀਪ ਕੌਰ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ, ਚੋਣ ਤਹਿਸੀਲਦਾਰ ਸਰਬਜੀਤ ਸਿੰਘ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਚੋਣ ਕਾਨੂੰਗੋ ਦੀਪਕ ਕੁਮਾਰ, ਸਹਾਇਕ ਸਵੀਪ ਨੋਡਲ ਅਫ਼ਸਰ ਅੰਕੁਰ ਸ਼ਰਮਾ, ਸਹਾਇਕ ਨੋਡਲ ਅਫ਼ਸਰ ਮੀਡੀਆ ਕਮਿਊਨੀਕੇਸ਼ਨ ਰਜਨੀਸ਼ ਗੁਲਿਆਨੀ ਅਤੇ ਨੀਰਜ ਧੀਮਾਨ ਵੀ ਮੌਜੂਦ ਸਨ।