
(TTT)ਹੁਸ਼ਿਆਰਪੁਰ, 19 ਅਪ੍ਰੈਲ ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰ੍ਰਾਂਚ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਬਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਵਿੱਚ ਬ੍ਰਾਂਚ ਜਨਰਲ ਸਕੱਤਰ ਰਕੇਸ਼ ਕੁਮਾਰ ਮਹਿਲਾਂਵਾਲੀ ਨੇ ਦੱਸਿਆ ਕਿ ਸਰਕਾਰ ਅਤੇ ਵਿਭਾਗ ਵਲੋਂ ਪੰਜਾਬ ਅੰਦਰ ਬਹੁਤ ਸਾਰੀਆਂ ਵਾਟਰ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਹਵਾਲੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿੱਤੀ ਸੋਮਿਆਂ ਤੋਂ ਰਹਿਤ ਪੰਚਾਇਤਾਂ ਵਲੋਂ ਸਕੀਮਾਂ ਨੂੰ ਚਲਾਉਣਾ ਅਤੇ ਇਹਨਾਂ ਸਕੀਮਾਂ ਸਬੰਧੀ ਆਉਣ ਵਾਲੇ ਖਰਚਿਆਂ ਨੂੰ ਪੂਰਾ ਕਰਨਾ ਸੰਭਵ ਨਹੀਂ ਹੈ। ਇਸ ਲਈ ਪੰਜਾਬ ਵਾਸੀਆਂ ਨੂੰ ਪਾਣੀ ਦੀ ਸਪਲਾਈ ਕਰਦੀਆਂ ਇਹ ਸਕੀਮਾਂ ਬੰਦ ਹੋਣ ਦਾ ਖਦਸ਼ਾ ਹੈ ਅਤੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਖਤਰੇ ਵਿੱਚ ਹਨ। ਉਹਨਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਪੰਜਾਬ ਅੰਦਰ ਲੱਖਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੇ ਦਮਗੱਜੇ ਮਾਰ ਰਹੀ ਹੈ ਅਤੇ ਇਹ ਸਕੀਮਾਂ ਨੂੰ ਪੰਚਾਇਤਾਂ ਹਵਾਲੇ ਕਰਕੇ ਸੇਵਾ ਨਿਭਾਅ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵੀ ਖਤਮ ਕਰਨ ਵਾਲੇ ਪਾਸੇ ਜਾ ਰਹੀ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਬ ਡਵੀਜ਼ਨ ਨੰਬਰ 2 ਮਾਡਲ ਟਾਊਨ ਹੁਸ਼ਿਆਰਪੁਰ ਦੇ ਦਫਤਰ ਅੱਗੇ ਸੂਬਾ ਕਮੇਟੀ ਦੇ ਫੈਸਲੇ ਤਹਿਤ ਮਿਤੀ 22 ਅਪ੍ਰੈਲ ਨੂੰ ਰੋਸ ਰੈਲੀ ਕੀਤੀ ਜਾਵੇਗੀ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਰੈਲੀ ਵਿੱਚ ਬ੍ਰਾਂਚ ਟਾਂਡਾ ਅਤੇ ਦਸੂਹਾ ਦੇ ਸਾਥੀ ਵੀ ਮੂਲੀਅਤ ਕਰਨਗੇ। ਇਸ ਮੌਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਕੀਮਾਂ ਨੂੰ ਪੰਚਾਇਤਾਂ ਹਵਾਲੇ ਕਰਨਾ ਬੰਦ ਕੀਤਾ ਜਾਵੇ, ਪੁਰਾਣੀ ਪੈਨਸ਼ਨ ਲਾਗ ਕੀਤੀ ਜਾਵੇ, ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਦਦੀਆਂ ਸੇਵਵਾਂ ਨੂੰ ਰੈਗੂਲਰ ਕੀਤਾ ਜਾਵੇ, ਮੰਹਿਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਬੰਦ ਕੀਤੇ ਭੱਤੇ ਬਹਾਲ ਕੀਤੇ ਜਾਣ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਰੈਲੀ ਉਪ੍ਰੰਤ ਸਮੂਹ ਮੁਲਾਜ਼ਮ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਮਿੰਨੀ ਸਕੱਤਰੇਤ ਅੱਗੇ ਕੀਤੀ ਜਾਣ ਵਾਲੀ ਅਰਥੀ ਫੂਕ ਰੈਲੀ ਵਿੱਚ ਵੀ ਸ਼ਮੂਲੀਅਤ ਕਰਨਗੇ। ਇਸ ਮੌਕੇ ਜਸਵੀਰ ਸਿੰਘ, ਅਸ਼ੋਕ ਕੁਮਾਰ, ਕਰਮਜੀਤ ਸਿੰਘ, ਰਿੰਕੂ, ਮਨਜੀਤ ਰਾਏ, ਦਵਿੰਦਰ ਸਿੰਘ, ਵਰਿੰਦਰ ਸਿੰਘ, ਹਰੀ ਸ਼ੰਕਰ, ਨਿਰਮਲ ਰਾਮ, ਰਜਿੰਦਰ ਸਿੰਘ, ਤਰਸੇਮ ਲਾਲ, ਤਜਿੰਦਰ ਪਾਲ, ਜਸਪਾਲ ਸਿੰਘ, ਕੁਲਜੀਤ ਸਿੰਘ ਆਦਿ ਆਗੂ ਵੀ ਹਾਜਰ ਸਨ।

